ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅੱਜ ਵਿਜੀਲੈਂਸ ਨੇ ਤਬਲ ਕੀਤਾ ਹੈ। ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਵਿਜੀਲੈਂਸ ਅੱਜ ਯਾਨੀ 13 ਜੂਨ ਨੂੰ ਮੋਹਾਲੀ ਸਥਿਤ ਆਪਣੇ ਦਫ਼ਤਰ ਵਿੱਚ ਪੁੱਛਗਿੱਛ ਕਰੇਗੀ। ਵਿਜੀਲੈਂਸ ਨੂੰ ਸ਼ੱਕ ਹੈ ਕਿ ਚਰਨਜੀਤ ਸਿੰਘ ਚੰਨੀ ਨੇ ਆਪਣੀ ਆਮਦਨ ਤੋਂ ਵੱਧ ਜਾਇਦਾਦ ਬਣਾਈ ਹੈ। ਇਸ ਲਈ ਅੱਜ ਦੀ ਪੇਸ਼ੀ ਦੌਰਾਨ ਵਿਜੀਲੈਂਸ ਦੀ ਟੀਮ ਨੇ ਚੰਨੀ ਨੂੰ ਆਪਣੀ ਜਾਇਦਾਦ ਅਤੇ ਬੈਂਕ ਬੈਲੇਂਸ ਦੀ ਜਾਣਕਾਰੀ ਦੇਣ ਵਾਲਾ ਪ੍ਰੋਫਾਰਮਾ ਭਰਨ ਲਈ ਕਿਹਾ ਸੀ। ਪਿਛਲੀ ਪੇਸ਼ੀ ਦੌਰਾਨ ਵਿਜੀਲੈਂਸ ਨੇ ਇਹ ਸਾਰਾ ਹਿਸਾਬ ਮੰਗਿਆ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ 15 ਦਿਨਾਂ ਦਾ ਸਮਾਂ ਦਿੱਤਾ ਸੀ।
ਇਸ ਤੋਂ ਪਹਿਲਾਂ ਵੀ ਵਿਜੀਲੈਂਸ ਨੇ ਜਲੰਧਰ ਸੰਸਦੀ ਹਲਕੇ ਦੀ ਜ਼ਿਮਨੀ ਚੋਣ ਤੋਂ ਪਹਿਲਾਂ 14 ਅਪ੍ਰੈਲ ਨੂੰ ਚੰਨੀ ਨੂੰ ਪੁੱਛਗਿੱਛ ਲਈ ਸੱਦਿਆ ਸੀ ਤੇ ਅਫ਼ਸਰਾਂ ਨੇ ਉਨ੍ਹਾਂ ਨੂੰ ਬਿਊਰੋ ਦਾ ਨਿਰਧਾਰਤ ਪ੍ਰੋਫਾਰਮਾ ਭਰ ਕੇ ਦੇਣ ਅਤੇ ਸੰਪਤੀਆਂ ਸਬੰਧੀ ਹੋਰ ਜਾਣਕਾਰੀ ਦੇਣ ਲਈ ਕਿਹਾ ਸੀ। ਚਰਨਜੀਤ ਸਿੰਘ ਚੰਨੀ ਨੇ ਵਿਜੀਲੈਂਸ ਵੱਲੋਂ ਪੁੱਛਗਿੱਛ ਲਈ ਬੁਲਾਏ ਜਾਣ ’ਤੇ ਉਨ੍ਹਾਂ ਦੇ ਕਤਲ ਦਾ ਖ਼ਦਸ਼ਾ ਪ੍ਰਗਟਾਇਆ ਸੀ। ਪ੍ਰੈੱਸ ਕਾਨਫਰੰਸ ‘ਚ ਉਨ੍ਹਾਂ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਉਨ੍ਹਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਉਨ੍ਹਾਂ ਕਿਹਾ, “ਮੈਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ, ਇੱਥੋਂ ਤੱਕ ਕਿ ਉਨ੍ਹਾਂ ਨੂੰ ਮਾਰਿਆ ਵੀ ਜਾ ਸਕਦਾ ਹੈ।” ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਬਦਲਾਖੋਰੀ ਦੀ ਰਾਜਨੀਤੀ ਕਰਨ ਦਾ ਵੀ ਇਲਜ਼ਾਮ ਲਗਾਇਆ ਹੈ।
ਪੰਜਾਬ ਸਰਕਾਰ ਵੱਲੋਂ ਚਰਨਜੀਤ ਸਿੰਘ ਚੰਨੀ ਦਾ ਲੁੱਕਆਊਟ ਨੋਟਿਸ ਵੀ ਜਾਰੀ ਕੀਤਾ ਹੋਇਆ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਚਰਨਜੀਤ ਸਿੰਘ ਚੰਨੀ ‘ਤੇ ਇੱਕ ਖਿਡਾਰੀ ਨੂੰ ਨੌਕਰੀ ਬਦਲੇ ਰਿਸ਼ਵਤ ਮੰਗਣੇ ਦੇ ਇਲਜ਼ਾਮ ਵੀ ਲਾਏ ਸਨ। ਭਗਵੰਤ ਮਾਨ ਨੇ ਉਸ ਖਿਡਾਰੀ ਨੂੰ ਪੇਸ਼ ਵੀ ਕੀਤਾ ਅਤੇ ਦਾਅਵਾ ਕੀਤਾ ਕਿ ਚੰਨੀ ਨੇ ਆਪਣੇ ਭਤੀਜੇ ਰਾਹੀਂ ਨੌਕਰੀ ਬਦਲੇ 2 ਕਰੋੜ ਰੁਪਏ ਦੀ ਮੰਗ ਰੱਖੀ ਸੀ। ਹਲਾਂਕਿ ਚਰਨਜੀਤ ਸਿੰਘ ਚੰਨੀ ਇਹਨਾ ਸਾਰੇ ਦਾਵਿਆਂ ਨੂੰ ਝੂਠਾ ਦੱਸ ਚੁੱਕੇ ਹਨ। ਚਰਨਜੀਤ ਸਿੰਘ ਚੰਨੀ ਨੇ ਕਿਹਾ ਸੀ ਕਿ ਜੇਕਰ ਮੁੱਖ ਮੰਤਰੀ ਕੋਲ ਮੇਰੇ ਖਿਲਾਫ਼ ਕੋਈ ਸ਼ਿਕਾਇਤ ਆਈ ਹੈ ਤਾਂ ਉਹਨਾਂ ਖਿਲਾਫ਼ ਕਾਰਵਾਈ ਕਰਨ।