ਪੰਜਾਬ ਦੇ 8 ਜ਼ਿਲ੍ਹੇ ਹੜ੍ਹ ਦੀ ਲਪੇਟ ਵਿੱਚ ਆ ਗਏ ਹਨ। ਉੱਥੇ ਹੀ ਗੁਰਦਾਸਪੁਰ ਦੇ ਕਸਬਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਧੀਰੋਵਾਲ ਵਿੱਚ ਬਰਸਾਤੀ ਨਾਲੇ ਵਿੱਚ ਡੁੱਬਣ ਕਾਰਨ ਦੋ ਬੱਚਿਆਂ ਦੀ ਮੌਤ ਹੋ ਗਈ। ਪ੍ਰਸ਼ਾਸਨ ਨੇ ਦੋਵਾਂ ਬੱਚਿਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਹਨ, ਜਿਨ੍ਹਾਂ ਦੀ ਪਛਾਣ ਜਸਕਰਨ ਸਿੰਘ ਉਮਰ 14 ਸਾਲ ਅਤੇ ਦਿਲਪ੍ਰੀਤ ਸਿੰਘ ਉਮਰ 13 ਸਾਲ ਹੈ।
ਮਿਲੀ ਜਾਣਕਾਰੀ ਅਨੁਸਾਰ ਬੱਚੇ ਪਿੰਡ ਵਿੱਚ ਹੀ ਬਰਸਾਤੀ ਨਾਲੇ ਕੋਲ ਪਾਣੀ ਦੇਖਣ ਗਏ ਸਨ। ਪਾਣੀ ਦੇ ਤੇਜ਼ ਵਹਾਅ ਕਾਰਨ ਦੋਵੇਂ ਪਾਣੀ ਵਿੱਚ ਰੁੜ੍ਹ ਗਏ ਅਤੇ ਉਨ੍ਹਾਂ ਦੀ ਮੌਤ ਹੋ ਗਈ। ਮਾਮਲੇ ਸਬੰਧੀ ਮ੍ਰਿਤਕ ਬੱਚਿਆਂ ਦੇ ਪਰਿਵਾਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਘਟਨਾ ਦੀ ਜਾਣਕਾਰੀ ਦਿੰਦਿਆਂ DSP ਰਾਜੇਸ਼ ਕੱਕੜ ਨੇ ਦੱਸਿਆ ਕਿ ਦੋਵੇਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ।
ਡੀਸੀ ਗੁਰਦਾਸਪੁਰ ਹਿਮਾਂਸ਼ੂ ਅਗਰਵਾਲ ਨੇ ਲੋਕਾਂ ਨੂੰ ਸੁਰੱਖਿਅਤ ਥਾਂ ‘ਤੇ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਪੌਂਗ ਡੈਮ ਤੋਂ ਪਾਣੀ ਛੱਡਣ ਨਾਲ ਕਰੀਬ 20 ਹਜ਼ਾਰ ਕਿਊਸਿਕ ਦੀ ਕਟੌਤੀ ਕੀਤੀ ਗਈ ਹੈ। ਜਿਸ ਤੋਂ ਬਾਅਦ ਗੁਰਦਾਸਪੁਰ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਪਾਣੀ 9 ਇੰਚ ਤੱਕ ਘੱਟ ਗਿਆ ਹੈ। ਸ਼ਾਮ ਤੱਕ ਹੋਰ ਵੀ ਪਾਣੀ ਘਟਣ ਦੀ ਸੰਭਾਵਨਾ ਹੈ।