ਚੰਡੀਗੜ੍ਹ ਦੇ ਸੈਕਟਰ-38 ਸਥਿਤ ਇਕ ਪੈਟਰੋਲ ਪੰਪ ‘ਤੇ ਐਤਵਾਰ ਦੇਰ ਰਾਤ 10 ਤੋਂ 15 ਅਣਪਛਾਤੇ ਹਮਲਾਵਰਾਂ ਨੇ ਇਕ ਨੌਜਵਾਨ ‘ਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ। ਹਮਲੇ ‘ਚ ਨੌਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਮਾਮਲੇ ਦੀ ਸੂਚਨਾ ਮਿਲਣ ‘ਤੇ ਪੁਲਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਪੀੜਤ ਨੂੰ ਇਲਾਜ ਲਈ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਹੈ। ਪੀੜਤ ‘ਤੇ ਹਮਲਾ ਪੈਟਰੋਲ ਪੰਪ ‘ਤੇ ਲੱਗੇ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਿਆ ਹੈ।
ਪੀੜਤ ਦੀ ਪਛਾਣ ਬੰਟੀ (35 ਸਾਲ) ਵਾਸੀ ਡੱਡੂਮਾਜਰਾ ਵਜੋਂ ਹੋਈ ਹੈ। ਪੀੜਤ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਸ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ। ਉਹ ਪੈਟਰੋਲ ਪੰਪ ‘ਤੇ ਤੇਲ ਪਾਉਣ ਗਿਆ ਸੀ, ਜਦੋਂ ਹਮਲਾਵਰਾਂ ਨੇ ਉਸ ‘ਤੇ ਹਮਲਾ ਕਰ ਦਿੱਤਾ। ਇਸ ਹਮਲੇ ‘ਚ ਉਸ ਦੀ ਕਮਰ, ਪੇਟ, ਲੱਤ ਅਤੇ ਹੱਥ ‘ਤੇ ਚਾਕੂ ਨਾਲ ਵਾਰ ਕੀਤੇ ਗਏ। ਪੇਟ ‘ਤੇ ਚਾਕੂ ਵੱਜਣ ਕਾਰਨ ਉਸ ਦੇ ਸਰੀਰ ਦੇ ਅੰਦਰ ਦਾ ਅੰਗ ਜ਼ਖਮੀ ਦੱਸਿਆ ਜਾ ਰਿਹਾ ਹੈ। ਇਸ ਕਾਰਨ ਉਸ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ।
ਪੁਲਿਸ ਦੇ ਇੱਕ ਉੱਚ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ। ਪੁਲਿਸ ਨੇ ਪੈਟਰੋਲ ਪੰਪ ਤੋਂ ਸੀਸੀਟੀਵੀ ਫੁਟੇਜ ਆਪਣੇ ਕਬਜ਼ੇ ਵਿੱਚ ਲੈ ਲਈ ਹੈ। ਜਿਸ ਦੇ ਆਧਾਰ ‘ਤੇ ਦੋਸ਼ੀਆਂ ਦੀ ਸ਼ਨਾਖਤ ਕੀਤੀ ਜਾ ਰਹੀ ਹੈ। ਹੁਣ ਤੱਕ ਦੀ ਜਾਂਚ ਵਿੱਚ ਜੋ ਕੁਝ ਸਾਹਮਣੇ ਆਇਆ ਹੈ, ਉਸ ਤੋਂ ਲੱਗਦਾ ਹੈ ਕਿ ਪੀੜਤਾ ਅਤੇ ਮੁਲਜ਼ਮ ਦੀ ਕਿਸੇ ਪੁਰਾਣੀ ਦੁਸ਼ਮਣੀ ਦਾ ਮਾਮਲਾ ਹੈ।