ਗੁਰਦਾਸਪੁਰ ਵਿੱਚ ਅੱਜ ਪੁਲਿਸ ਯਾਦਗਾਰੀ ਦਿਵਸ ਮਨਾਇਆ ਗਿਆ। SSP ਗੁਰਦਾਸਪੁਰ ਨੇ ਸ਼ਹੀਦ ਪੰਜਾਬ ਪੁਲਿਸ ਅਤੇ ਹੋਰ ਸੁਰੱਖਿਆ ਬਲਾਂ ਦੇ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇ ਬਹਾਦਰ ਜਵਾਨਾਂ ਨੇ ਹਮੇਸ਼ਾ ਹੀ ਦੇਸ਼ ਅਤੇ ਸੂਬੇ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਦੇ ਹੋਏ ਮਹਾਨ ਕੁਰਬਾਨੀਆਂ ਦੇ ਕੇ ਗੌਰਵਮਈ ਇਤਿਹਾਸ ਸਿਰਜਿਆ ਹੈ। ਪੰਜਾਬ ਪੁਲਿਸ ਨੂੰ ਆਪਣੇ ਮਹਾਨ ਸ਼ਹੀਦਾਂ ‘ਤੇ ਹਮੇਸ਼ਾ ਮਾਣ ਰਹੇਗਾ।
SSP ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ ਨੇ ਕਿਹਾ ਕਿ ਅੱਜ ਦੇ ਦਿਨ 21 ਅਕਤੂਬਰ 1959 ਨੂੰ ਲਦਾਖ ਦੇ ਹੌਟ ਸਪਰਿੰਗਜ਼ ਵਿਖੇ ਚੀਨ ਦੇ ਬਾਰਡਰ ’ਤੇ ਪੈਟਰੋਲਿੰਗ ਕਰ ਰਹੀ CRPF ਦੀ ਟੁੱਕੜੀ ’ਤੇ ਚੀਨੀ ਫੌਜੀਆਂ ਨੇ ਘਾਤ ਲਗਾ ਕੇ ਹਮਲਾ ਕੀਤਾ ਸੀ, ਜਿਸਦਾ ਸਾਡੇ ਦੇਸ਼ ਦੇ ਜਵਾਨਾਂ ਨੇ ਬੜੀ ਦਲੇਰੀ ਤੇ ਬਹਾਦਰੀ ਨਾਲ ਮੁਕਾਬਲਾ ਕੀਤਾ ਅਤੇ ਦੇਸ਼ ਦੀ ਰਾਖੀ ਲਈ ਇਹ ਜਵਾਨ ਸ਼ਹਾਦਤ ਪ੍ਰਾਪਤ ਕਰ ਗਏ ਸਨ।
ਉਨਾਂ ਕਿਹਾ ਕਿ ਅੱਤਵਾਦ ਨੂੰ ਖਤਮ ਕਰਨ ਲਈ ਪੁਲਿਸ ਜ਼ਿਲ੍ਹਾ ਗੁਰਦਾਸਪੁਰ ਦਾ ਬਹੁਤ ਵੱਡਾ ਯੋਗਦਾਨ ਰਿਹਾ ਹੈ ਅਤੇ ਗੁਰਦਾਸਪੁਰ ਪੁਲਿਸ ਦੇ 48 ਜਵਾਨਾਂ ਨੇ ਅਮਨ ਸ਼ਾਂਤੀ ਕਾਇਮ ਕਰਨ ਲਈ ਆਪਣੀਆਂ ਜਾਨਾਂ ਵਾਰ ਕੇ ਸ਼ਹਾਦਤਾਂ ਪਾਈਆਂ ਹਨ। ਉਨਾਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰ ਸਾਡੇ ਆਪਣੇ ਪਰਿਵਾਰ ਹਨ ਅਤੇ ਪੁਲਿਸ ਵਿਭਾਗ ਸ਼ਹੀਦ ਪਰਿਵਾਰਾਂ ਦੇ ਹਰ ਦੁੱਖ-ਸੁੱਖ ਦੀ ਘੜੀ ਵਿੱਚ ਉਨਾਂ ਦੇ ਨਾਲ ਖੜਾ ਹੈ।
ਇਸ ਤੋਂ ਪਹਿਲਾਂ DSP ਕਲਾਨੌਰ ਸ. ਗੁਰਵਿੰਦਰ ਸਿੰਘ ਚੰਦੀ ਦੀ ਕਮਾਂਡ ਹੇਠ ਪੁਲਿਸ ਦੇ ਜਵਾਨਾਂ ਨੇ ਸ਼ੋਕ ਸਲਾਮੀ ਦੌਰਾਨ ਹਥਿਆਰ ਉਲਟੇ ਕਰਕੇ ਸ਼ਹੀਦ ਅਫਸਰਾਂ ਤੇ ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਦੋ ਮਿੰਟ ਦਾ ਮੌਨ ਧਾਰਨ ਕੀਤਾ। ਇਸ ਮੌਕੇ ਸਬ ਇੰਸਪੈਕਟਰ ਕ੍ਰਿਸ਼ਮਾ ਅਤੇ ਰਜਿੰਦਰ ਕੌਰ ਨੇ ਪਿਛਲੇ ਇੱਕ ਸਾਲ ਦੌਰਾਨ ਦੇਸ਼ ਭਰ ਵਿੱਚ ਸ਼ਹੀਦ ਹੋਏ 189 ਸੁਰੱਖਿਆ ਜਵਾਨਾਂ ਦੇ ਨਾਮ ਪੜ੍ਹ ਕੇ ਉਨਾਂ ਨੂੰ ਸ਼ਰਧਾਂਜਲੀ ਦਿੱਤੀ।
ਇਸ ਮੌਕੇ SSP ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ, ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਅੰਮ੍ਰਿਤ ਸਿੰਘ ਆਈ.ਏ.ਐੱਸ, ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ ਸ. ਪਰਮਿੰਦਰ ਸਿੰਘ ਰਾਏ, ਸੀ.ਜੇ.ਐੱਮ. ਸ੍ਰੀ ਰਾਜੇਸ਼ ਆਹਲੂਵਾਲੀਆ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ, ਐੱਸ.ਪੀ. (ਡੀ) ਸ. ਪਿ੍ਰਥੀਪਾਲ ਸਿੰਘ, ਐੱਸ.ਪੀ. ਹੈੱਡਕੁਆਟਰ ਸ. ਨਵਜੋਤ ਸਿੰਘ ਸੰਧੂ, ਸਮੂਹ ਡੀ.ਐੱਸ.ਪੀਜ਼, ਐੱਸ.ਐੱਚ.ਓਜ਼, ਸਾਬਕਾ ਪੁਲਿਸ ਅਧਿਕਾਰੀਆਂ ਅਤੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਸ਼ਹੀਦੀ ਯਾਦਗਾਰ ’ਤੇ ਫੁੱਲ ਮਲਾਵਾਂ ਚੜਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।
ਇਸ ਤੋਂ ਬਾਅਦ ਅਧਿਕਾਰੀਆਂ ਵੱਲੋਂ ਸ਼ਹੀਦੀ ਗੈਲਰੀ ਦਾ ਦੌਰਾ ਕੀਤਾ ਗਿਆ ਅਤੇ ਅਖੀਰ ਵਿੱਚ ਐੱਸਐੱਸ.ਪੀ. ਗੁਰਦਾਸਪੁਰ ਤੇ ਹੋਰ ਅਧਿਕਾਰੀਆਂ ਵੱਲੋਂ ਨੇ ਸ਼ਹੀਦ ਪਰਿਵਾਰਾਂ ਦਾ ਆਦਰ-ਮਾਣ ਕੀਤਾ ਗਿਆ ਅਤੇ ਉਨਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ। ਉਨਾਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰ ਸਾਡੇ ਆਪਣੇ ਪਰਿਵਾਰ ਹਨ ਅਤੇ ਪੁਲਿਸ ਵਿਭਾਗ ਸ਼ਹੀਦ ਪਰਿਵਾਰਾਂ ਦੇ ਹਰ ਦੁੱਖ-ਸੁੱਖ ਦੀ ਘੜੀ ਵਿੱਚ ਉਨਾਂ ਦੇ ਨਾਲ ਖੜਾ ਹੈ।