ਰਾਜਕੁਮਾਰ ਰਾਵ ਇੱਕ ਅਜਿਹੇ ਅਦਾਕਾਰ ਹਨ ਜਿਨ੍ਹਾਂ ਨੂੰ ਕੋਈ ਵੀ ਰੋਲ ਦਿੱਤਾ ਜਾਵੇ ਤਾਂ ਉਹ ਕਿਰਦਾਰ ਬਣ ਜਾਂਦੇ ਹਨ। ਪਰ ਹੁਣ ਰਾਜਕੁਮਾਰ ਰਾਵ ਜਲਦ ਹੀ ਲੋਕਾਂ ਨੂੰ ਵੋਟ ਦੇਣ ਦੀ ਅਪੀਲ ਕਰਦੇ ਨਜ਼ਰ ਆਉਣਗੇ।
ਦਰਅਸਲ ਭਾਰਤ ਦੇ 5 ਰਾਜਾਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਫਿਲਮ ਅਦਾਕਾਰ ਰਾਜਕੁਮਾਰ ਰਾਓ ਨੂੰ ਨੈਸ਼ਨਲ ਆਈਕਨ ਬਣਾਉਣ ਦਾ ਫੈਸਲਾ ਕੀਤਾ ਹੈ। ਕਮਿਸ਼ਨ ਵੱਲੋਂ ਇਸ ਦਾ ਅਧਿਕਾਰਤ ਐਲਾਨ ਵੀਰਵਾਰ ਨੂੰ ਕੀਤਾ ਜਾਵੇਗਾ। ਦੱਸ ਦੇਈਏ ਕਿ ਤੇਲੰਗਾਨਾ, ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਮਿਜ਼ੋਰਮ ਵਿੱਚ ਨਵੰਬਰ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਜਿਨ੍ਹਾਂ ਦੇ ਨਤੀਜੇ 3 ਦਸੰਬਰ ਨੂੰ ਐਲਾਨੇ ਜਾਣਗੇ।
ਭਾਰਤ ਦੇ ਪੰਜ ਰਾਜਾਂ ਵਿੱਚ 16 ਕਰੋੜ ਤੋਂ ਵੱਧ ਲੋਕ ਅਗਲੇ ਮਹੀਨੇ ਵਿਧਾਨ ਸਭਾ ਚੋਣਾਂ ਵਿੱਚ ਵੋਟ ਪਾਉਣਗੇ, ਭਾਰਤੀ ਚੋਣ ਕਮਿਸ਼ਨ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਐਲਾਨ ਕੀਤਾ ਸੀ। ਆਪਣੇ ਐਲਾਨ ਵਿੱਚ ਚੋਣ ਕਮਿਸ਼ਨ ਨੇ ਕਿਹਾ ਕਿ ਮਿਜ਼ੋਰਮ ਵਿੱਚ 7 ਨਵੰਬਰ ਨੂੰ ਵੋਟਿੰਗ ਹੋਵੇਗੀ। ਛੱਤੀਸਗੜ੍ਹ, ਜਿਸ ਦੀ 90 ਮੈਂਬਰੀ ਵਿਧਾਨ ਸਭਾ ਹੈ, ਵਿੱਚ ਦੋ ਪੜਾਵਾਂ ਵਿੱਚ 7 ਅਤੇ 17 ਨਵੰਬਰ ਨੂੰ ਚੋਣਾਂ ਹੋਣਗੀਆਂ। ਮੱਧ ਪ੍ਰਦੇਸ਼ ਅਤੇ ਤੇਲੰਗਾਨਾ ਵਿੱਚ ਕ੍ਰਮਵਾਰ 17 ਅਤੇ 30 ਨਵੰਬਰ ਨੂੰ ਵੋਟਾਂ ਪੈਣਗੀਆਂ। ਰਾਜਸਥਾਨ ਜਿੱਥੇ ਪਹਿਲਾਂ 23 ਨਵੰਬਰ ਨੂੰ ਚੋਣਾਂ ਹੋਣੀਆਂ ਸਨ, ਹੁਣ 25 ਨਵੰਬਰ ਨੂੰ ਵੋਟਾਂ ਪੈਣਗੀਆਂ।
ਵੋਟਾਂ ਦੀ ਗਿਣਤੀ 3 ਦਸੰਬਰ ਨੂੰ ਹੋਵੇਗੀ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਇਹ ਵੀ ਕਿਹਾ ਕਿ ਇਨ੍ਹਾਂ ਰਾਜਾਂ ਦੀਆਂ ਚੋਣਾਂ ਵਿਲੱਖਣ ਮਹੱਤਵ ਰੱਖਦੀਆਂ ਹਨ ਕਿਉਂਕਿ ਇਹ 2024 ਦੀਆਂ ਆਮ ਚੋਣਾਂ ਤੋਂ ਪਹਿਲਾਂ ਅੰਤਿਮ ਵਿਧਾਨ ਸਭਾ ਚੋਣਾਂ ਵਜੋਂ ਕੰਮ ਕਰਨਗੀਆਂ।