04/27/2024 6:20 AM

ਪੰਜਾਬ ਦੇ ਕਿਸਾਨਾਂ ਨੂੰ ਮਿਲ ਵੱਡੀ ਰਾਹਤ

ਪੰਜਾਬ ਦੇ ਗੰਨ੍ਹਾ ਕਿਸਾਨਾਂ ਲਈ ਰਾਹਤ ਦੀ ਖ਼ਬਰ ਹੈ ਕਿਉਂਕਿ ਉਨ੍ਹਾਂ ਦੇ ਬਕਾਏ ਕਲੀਅਰ ਹੋ ਗਏ ਹਨ। ਪੰਜਾਬ ਸਰਕਾਰ ਨੇ ਗੰਨ੍ਹਾ ਕਾਸ਼ਤਕਾਰਾਂ ਦੇ ਖਾਤੇ ਵਿੱਚ 75 ਕਰੋੜ ਰੁਪਏ ਦੇ ਬਕਾਏ ਜਮ੍ਹਾਂ ਕਰਵਾ ਦਿੱਤੇ ਹਨ। ਇਸ ਨਾਲ ਸਰਕਾਰ ਨਾਲ ਗੰਨ੍ਹਾ ਕਾਸ਼ਤਕਾਰਾਂ ਦਾ ਚੱਲ ਰਿਹਾ ਵਿਵਾਦ ਕਾਫੀ ਹੱਦ ਤੱਕ ਰੁਕ ਗਿਆ ਜਾਪਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਸ਼ੂਗਰਫੈੱਡ, ਪੰਜਾਬ ਰਾਹੀਂ ਗੰਨ੍ਹਾ ਕਿਸਾਨਾਂ ਨੂੰ ਅਦਾਇਗੀ ਵਜੋਂ 75 ਕਰੋੜ ਰੁਪਏ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਹ ਰਾਸ਼ੀ ਸਬੰਧਤ ਕਾਸ਼ਤਕਾਰਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾ ਦਿੱਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਅਦਾਇਗੀ ਤੋਂ ਬਾਅਦ ਅਜਨਾਲਾ, ਬਟਾਲਾ, ਬੁੱਢੇਵਾਲ, ਭੋਗਪੁਰ, ਫਾਜ਼ਿਲਕਾ, ਗੁਰਦਾਸਪੁਰ, ਮੋਰਿੰਡਾ, ਨਕੋਦਰ ਅਤੇ ਨਵਾਂਸ਼ਹਿਰ ਵੱਲ ਗੰਨ੍ਹਾ ਕਾਸ਼ਤਕਾਰਾਂ ਦਾ ਕੋਈ ਬਕਾਇਆ ਨਹੀਂ ਹੈ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਬਕਾਏ ਪੇਡਾਈ ਸੀਜ਼ਨ 2021-22 ਨਾਲ ਸਬੰਧਤ ਹਨ ਅਤੇ ਪਹਿਲੀ ਵਾਰ ਕਿਸਾਨਾਂ ਦੇ ਸਾਰੇ ਬਕਾਏ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ 75 ਕਰੋੜ ਰੁਪਏ ਦੀ ਇਸ ਅਦਾਇਗੀ ਨਾਲ ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਨੇ ਗੰਨ੍ਹਾ ਕਾਸ਼ਤਕਾਰਾਂ ਦੇ ਸਾਰੇ ਬਕਾਏ ਕਲੀਅਰ ਕਰ ਦਿੱਤੇ ਹਨ। ਭਗਵੰਤ ਮਾਨ ਨੇ ਕਿਹਾ ਕਿ ਹੁਣ ਤੱਕ ਗੰਨ੍ਹਾ ਕਿਸਾਨਾਂ ਨੂੰ 619.62 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ ਇਸ ਸਮੇਂ ਕਿਸਾਨਾਂ ਦਾ ਕੁਝ ਵੀ ਬਕਾਇਆ ਨਹੀਂ ਹੈ।

ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨ੍ਹਾਂ ਕਿਹਾ ਕਿ ਫ਼ਸਲੀ ਵਿਭਿੰਨਤਾ ਰਾਹੀਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਹ ਯਕੀਨੀ ਬਣਾਉਣ ਲਈ ਸੁਹਿਰਦ ਯਤਨ ਕਰ ਰਹੀ ਹੈ ਕਿ 2022-23 ਦੇ ਆਗਾਮੀ ਗੰਨ੍ਹੇ ਦੇ ਸੀਜ਼ਨ ਵਿੱਚ ਅਜਿਹੀ ਕੋਈ ਬੇਲੋੜੀ ਦੇਰੀ ਨਾ ਹੋਵੇ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦੀ ਸਮੇਂ ਸਿਰ ਅਦਾਇਗੀ ਹੋਵੇ। ਜ਼ਿਕਰਯੋਗ ਹੈ ਕਿ ਕਿਸਾਨਾਂ ਨੇ ਗੰਨ੍ਹੇ ਦੇ ਬਕਾਏ ਨੂੰ ਲੈ ਕੇ ਫਗਵਾੜਾ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ ਸੀ, ਜਿਸ ਨੂੰ ਸਰਕਾਰ ਦੇ ਭਰੋਸੇ ਤੋਂ ਬਾਅਦ ਖੋਲ੍ਹ ਦਿੱਤਾ ਗਿਆ ਸੀ।