ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab CM Bhagwant Mann) ਨੇ ਵੀਰਵਾਰ ਨੂੰ ਆਪਣੇ ਵਿਧਾਇਕਾਂ ਦੀ ਮੀਟਿੰਗ ਬੁਲਾਈ ਹੈ। ਮੁੱਖ ਮੰਤਰੀ ਨੇ ਇਹ ਮੀਟਿੰਗ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Governor Banwari Lal Purohit) ਦੇ ਉਸ ਫੈਸਲੇ ਤੋਂ ਬਾਅਦ ਬੁਲਾਈ ਹੈ,ਜਿਸ ਵਿੱਚ ਉਨ੍ਹਾਂ ਨੇ ਵਿਸ਼ਵਾਸ ਮਤ ਸਾਬਤ ਕਰਨ ਲਈ ਵਿਸ਼ੇਸ਼ ਇਜਲਾਸ ਬੁਲਾਉਣ ਦੇ ਸੂਬਾ ਸਰਕਾਰ ਦੇ ਫੈਸਲੇ ਨੂੰ ਗਲਤ ਦੱਸਿਆ ਸੀ। ਰਾਜਪਾਲ ਨੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਆਪਣਾ ਆਦੇਸ਼ ਵਾਪਸ ਲੈ ਲਿਆ ਸੀ। ਭਾਜਪਾ ‘ਤੇ ਆਪਣੇ ਵਿਧਾਇਕਾਂ ਵੱਲੋਂ ਖਰੀਦ ਫ਼ਰੋਖ਼ਤ ਦਾ ਆਰੋਪ ਲਗਾਉਣ ਤੋਂ ਬਾਅਦ ਮਾਨ ਸਰਕਾਰ ਨੇ ਵੀਰਵਾਰ ਨੂੰ ਇੱਕ ਦਿਨ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦਾ ਫੈਸਲਾ ਕੀਤਾ ਸੀ।
ਬੁੱਧਵਾਰ ਸ਼ਾਮ ਨੂੰ ਇਕ ਹੁਕਮ ਜਾਰੀ ਕਰਦੇ ਹੋਏ ਰਾਜਪਾਲ ਨੇ ਕਿਹਾ ਸੀ ਕਿ ਸਿਰਫ ਵਿਸ਼ਵਾਸ ਮਤ ਹਾਸਲ ਕਰਨ ਦੇ ਵਿਚਾਰ ਨਾਲ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਦੇ ਫੈਸਲੇ ‘ਚ ਖਾਸ ਨਿਯਮਾਂ ਦੀ ਘਾਟ ਕਾਰਨ ਮੈਂ ਆਪਣੇ ਉਸ ਆਦੇਸ਼ ਨੂੰ ਵਾਪਸ ਲੈ ਰਿਹਾ ਹਾਂ, ਜਿਸ ਤਹਿਤ 22 ਸਤੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਤੀਜਾ ਵਿਸ਼ੇਸ਼ ਇਜਲਾਸ ਬੁਲਾਉਣ ਦੀ ਇਜਾਜ਼ਤ ਦਿੱਤੀ ਗਈ ਸੀ। ਰਾਜਪਾਲ ਨੇ ਇਹ ਫੈਸਲਾ ਕਾਨੂੰਨੀ ਸਲਾਹ ਤੋਂ ਬਾਅਦ ਲਿਆ ਹੈ। ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਸੂਬਾ ਸਰਕਾਰ ਵੱਲੋਂ 22 ਸਤੰਬਰ ਨੂੰ ਬੁਲਾਏ ਗਏ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਇਜਾਜ਼ਤ ਨਾ ਦੇਣ ਦੀ ਅਪੀਲ ਕੀਤੀ ਸੀ। ਉਨ੍ਹਾਂ ਆਪਣੇ ਪੱਤਰ ਵਿੱਚ ਵਿਧਾਨ ਸਭਾ ਦੇ ਇਸ ਵਿਸ਼ੇਸ਼ ਸੈਸ਼ਨ ਨੂੰ ਅਸੰਵਿਧਾਨਕ ਦੱਸਿਆ ਸੀ।