ਪੰਜਾਬ ਵਿਧਾਨ ਸਭਾ ਦਾ ਇੱਕ ਰੋਜ਼ਾ ਸੈਸ਼ਨ ਅੱਜ ਸ਼ੁਰੂ ਹੋ ਗਿਆ ਹੈ। ਜਾਣਕਾਰੀ ਮੁਤਾਬਕ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦਾ ਸਮਾਂ ਵਧਾਇਆ ਗਿਆ ਹੈ ਤੇ ਹੁਣ ਸੈਸ਼ਨ 3 ਅਕਤੂਬਰ ਤੱਕ ਚੱਲੇਗਾ। ਇਸ ਦੌਰਾਨ ਸਰਕਾਰ ਜੀਐਸਟੀ, ਬਿਜਲੀ ਅਤੇ ਪਰਾਲੀ ਦੇ ਮੁੱਦੇ ‘ਤੇ ਚਰਚਾ ਕਰੇਗੀ। ਇਹ ਵੀ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਜਲਾਸ ਮੌਕੇ ਭਰੋਸੇ ਦਾ ਮਤਾ ਵੀ ਲਿਆਂਦਾ ਜਾ ਸਕਦਾ ਹੈ। ਅਜਿਹੇ ‘ਚ ਇਸ ਸੈਸ਼ਨ ‘ਚ ਹੰਗਾਮਾ ਹੋਣ ਦੀ ਵੀ ਸੰਭਾਵਨਾ ਹੈ।
ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਰੋਸਗੀ ਮਤਾ ਵੀ ਪੇਸ਼ ਕੀਤਾ ਜਾਏਗਾ। ਦੂਜੇ ਪਾਸੇ ਵਿਰੋਧੀਆਂ ਵੱਲੋਂ ਪੰਜਾਬ ਸਰਕਾਰ ਦਾ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਲੈ ਕੇ ਵਿਧਾਨ ਸਭਾ ਵੱਲ ਨੂੰ ਮਾਰਚ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਬੰਟੀ ਰੋਮਾਣਾ ਸਮੇਤ ਅਕਾਲੀ ਦਲ ਦੇ ਵਰਕਰਾਂ ਨੇ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਦੌਰਾਨ ਪੁਲਿਸ ਨੇ ਅਕਾਲੀ ਲੀਡਰਾਂ ਨੂੰ ਹਿਰਾਸਤ ‘ਚ ਲਿਆ ਹੈ।
ਸੂਤਰਾਂ ਮੁਤਾਬਕ ਆਮ ਆਦਮੀ ਪਾਰਟੀ ਸਰਕਾਰ ਭਰੋਸੇ ਦਾ ਮਤਾ ਲਿਆ ਸਕਦੀ ਹੈ। ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਵਿਧਾਨ ਸਭਾ ਸੈਸ਼ਨ ਦੇ ਆਯੋਜਨ ਨੂੰ ਲੈ ਕੇ ਰਾਜ ਭਵਨ ਅਤੇ ‘ਆਪ’ ਸਰਕਾਰ ਵਿਚਾਲੇ ਕਈ ਦਿਨਾਂ ਤੱਕ ਚੱਲੀ ਤਕਰਾਰ ਤੋਂ ਬਾਅਦ ਸਦਨ ਬੁਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰ ਨੇ ਸ਼ਨੀਵਾਰ ਨੂੰ ਰਾਜਪਾਲ ਨੂੰ ਸੂਚਿਤ ਕੀਤਾ ਸੀ ਕਿ 27 ਸਤੰਬਰ ਨੂੰ ਹੋਣ ਵਾਲੇ ਵਿਧਾਨ ਸਭਾ ਦੇ ਨਿਯਮਤ ਇਜਲਾਸ ਵਿੱਚ ਪਰਾਲੀ ਸਾੜਨ, ਗੁਡਸ ਐਂਡ ਸਰਵਿਸਿਜ਼ ਟੈਕਸ ਅਤੇ ਬਿਜਲੀ ਸਪਲਾਈ ਵਰਗੇ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ।
ਭਾਜਪਾ ਵੀ ਵਿਸ਼ੇਸ਼ ਸੈਸ਼ਨ ਦਾ ਵੱਖਰੇ ਢੰਗ ਨਾਲ ਕਰ ਰਹੀ ਵਿਰੋਧ
ਦੂਜੇ ਪਾਸੇ ਭਾਜਪਾ ਵੱਲੋਂ ਵੀ ਸੈਸ਼ਨ ਦਾ ਵਿਰੋਧ ਕੀਤਾ ਜਾ ਰਿਹਾ ਹੈ। ਭਾਜਪਾ ਆਗੂਆਂ ਨੇ ਚੰਡੀਗੜ੍ਹ ਵਿੱਚ ਜਨਤਾ ਦੀ ਵਿਧਾਨ ਸਭਾ ਲਗਾਈ ਹੈ। ਇਸ ਤੋਂ ਪਹਿਲਾਂ ਕੱਲ ਚੰਡੀਗੜ੍ਹ ਵਿੱਚ ਪੰਜਾਬ ਭਾਜਪਾ ਦੇ ਮੰਚ ਤੋਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਭਗਵੰਤ ਮਾਨ ਨੂੰ ਬਹੁਮਤ ਦਾ ਮਤਾ ਲਿਆਉਣ ਵਿੱਚ ਸ਼ਰਮ ਆਉਣੀ ਚਾਹੀਦੀ ਸੀ। ਰਾਘਵ ਚੱਢਾ ਚੰਡੀਗੜ੍ਹ ਵਿੱਚ ਬੈਠ ਕੇ ਮੁੱਖ ਮੰਤਰੀ ਵਜੋਂ ਕੰਮ ਕਰਦੇ ਹਨ। ਜਰਮਨੀ ਜਾ ਕੇ ਮੁੱਖ ਮੰਤਰੀ ਨੇ ਕੀ ਕੀਤਾ ਸਭ ਨੂੰ ਪਤਾ ਹੈ।