04/24/2024 6:22 AM

ਹਰਿਆਣਾ ਤੇ ਦਿੱਲੀ ਵਾਂਗ ਪੰਜਾਬ ਅੰਦਰ ਵੀ ਬਣੇ ਵੱਖਰੀ ਗੁਰਦੁਆਰਾ ਕਮੇਟੀ

ਹਰਿਆਣਾ ਤੇ ਪੰਜਾਬ ਅੰਦਰ ਗੁਰਦੁਆਰਿਆਂ ਦੇ ਪ੍ਰਬੰਧਾਂ ਨੂੰ ਲੈ ਕੇ ਵਿਵਾਦ ਛਿੜਿਆ ਹੋਇਆ ਹੈ। ਸੁਪਰੀਮ ਕੋਰਟ ਵੱਲੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦੇਣ ਮਗਰੋਂ ਸ਼੍ਰੋਮਣੀ ਕਮੇਟੀ ਸਿਆਸੀ ਪਾਰਟੀਆਂ ਉੱਪਰ ਕਈ ਤਰ੍ਹਾਂ ਦੇ ਇਲਜ਼ਾਮ ਲਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਵੀ ਮੋਰਚਾ ਖੋਲ੍ਹਿਆ ਹੋਇਆ ਹੈ।

ਉਧਰ, ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਸੂਬਾ ਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਹਰਿਆਣਾ ਦੀ ਤਰ੍ਹਾਂ ਪੰਜਾਬ ਲਈ ਵੀ ਵੱਖਰੀ ਸ਼੍ਰੋਮਣੀ ਗੁਰਦੁਆਰਾ ਪ੍ਰਬਧੰਕ ਕਮੇਟੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਮੌਜੂਦਾ ਐਸਜੀਪੀਸੀ ਉੱਤੇ ਇੱਕੋ ਪਰਿਵਾਰ ਦਾ ਕਬਜ਼ਾ ਹੈ, ਜਿਸ ਕੋਲੋਂ ਗੁਰੂ ਘਰਾਂ ਨੂੰ ਛਡਵਾਉਣ ਦੀ ਜ਼ਰੂਰਤ ਹੈ।

ਲੋਕ ਸਭਾ ਮੈਂਬਰ ਬਿੱਟੂ ਨੇ ਕਿਹਾ ਕਿ ਹਰਿਆਣਾ ਵਿੱਚ ਸਿੱਖਾਂ ਦੇ ਕਈ ਮਹੱਤਵਪੂਰਨ ਗੁਰੂ ਘਰ ਹਨ, ਜਿਨ੍ਹਾਂ ਦੀ ਦੇਖਰੇਖ ਐਸਜੀਪੀਸੀ ਕਰਦੀ ਸੀ, ਹੁਣ ਉੱਥੇ ਹਰਿਆਣਾ ਨੇ ਆਪਣੀ ਵੱਖਰੀ ਕਮੇਟੀ ਬਣਾ ਲਈ ਹੈ। ਉਨ੍ਹਾਂ ਕਿਹਾ ਕਿ ਜੇ ਹਰਿਆਣਾ ਤੇ ਦਿੱਲੀ ਲਈ ਵੱਖਰੀ ਕਮੇਟੀ ਹੈ ਤਾਂ ਉਸੇ ਤਰ੍ਹਾਂ ਪੰਜਾਬ ਦੇ ਗੁਰੂ ਘਰਾਂ ਦੀ ਸੰਭਾਲ ਲਈ ਵੀ ਵੱਖਰੀ ਕਮੇਟੀ ਹੋਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਜਲਦ ਕਰਵਾਉਣ ਸਬੰਧੀ ਉਹ ਕੇਂਦਰ ਸਰਕਾਰ ਤੋਂ ਮੰਗ ਕਰਨਗੇ। ਇਸੇ ਦੌਰਾਨ ਉਨ੍ਹਾਂ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਮੁੱਦਾ ’ਤੇ ਵੀ ਵਿਧਾਨ ਸਭਾ ਦਾ ਵਿਸ਼ੇਸ਼ ਸਦਨ ਸੱਦਣ ਦੀ ਮੰਗ ਕੀਤੀ ਹੈ।

 

ਦੱਸ ਦੇਈਏ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਸਦੀ ਪੁਰਾਣੀ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀ ਸਥਿਤੀ ਵਿੱਚ ਸਿੱਖ ਕੌਮ ਸੰਘਰਸ਼ ਲਈ ਮਜਬੂਰ ਹੋਵੇਗੀ। ਉਨ੍ਹਾਂ ਹਰਿਆਣਾ ਦੇ ਗੁਰਦੁਆਰਿਆ ਦਾ ਪ੍ਰਬੰਧ ਜਬਰੀ ਖੋਹਣ ਖ਼ਿਲਾਫ਼ ਵੀ ਚਿਤਾਵਨੀ ਦਿੱਤੀ ਹੈ। ਇਸ ਦੌਰਾਨ ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦੀ ਮੀਟਿੰਗ 30 ਸਤੰਬਰ ਨੂੰ ਸੱਦੀ ਗਈ ਹੈ।