ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ ਨਸ਼ਾ ਮੁਕਤ ਮੁਹਿੰਮ ਵਿੱਚ ਕਾਮੇਡੀਅਨ ਕਪਿਲ ਸ਼ਰਮਾ ਵੀ ਜੁੜ ਗਏ ਹਨ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਜਾਰੀ ਕਰਕੇ ਨੇ ਨੌਜਵਾਨਾਂ ਨੂੰ ਨਸ਼ੇ ਦੇ ਜਾਲ ‘ਚ ਨਾ ਫਸਣ ਦੀ ਅਪੀਲ ਕੀਤੀ ਹੈ, ਉਥੇ ਹੀ ਕਪਿਲ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਉਹ ਨਸ਼ਾ ਛੱਡਣ ਲਈ ਨਸ਼ੇ ਦੇ ਆਦੀ ਲੋਕਾਂ ਦੀ ਮਦਦ ਕਰਨ।
ਕਾਮੇਡੀਅਨ ਕਪਿਲ ਸ਼ਰਮਾ ਨੇ ਪੰਜਾਬ ਪੁਲਿਸ ਦੀ ਵੈੱਬਸਾਈਟ ‘ਤੇ ਇਕ ਸੰਦੇਸ਼ ਸਾਂਝਾ ਕੀਤਾ ਹੈ, ਜਿਸ ‘ਚ ਉਨ੍ਹਾਂ ਕਿਹਾ ਕਿ ਪੰਜਾਬ ‘ਚ ਨਸ਼ਿਆਂ ਦਾ ਦਰਿਆ ਵਹਿ ਰਿਹਾ ਹੈ। ਉਹ ਨਹੀਂ ਜਾਣਦੇ ਕਿ ਉਹ ਕੀ ਕਰ ਰਹੇ ਹਨ ਅਤੇ ਇਸ ਦਾ ਭਵਿੱਖ ਵਿੱਚ ਕੀ ਅਸਰ ਹੋਵੇਗਾ। ਇਸ ਲਈ ਹਰ ਕਿਸੇ ਦਾ ਫਰਜ਼ ਬਣਦਾ ਹੈ ਕਿ ਇਸ ਨਸ਼ੇ ਦੇ ਕਾਰੋਬਾਰ ਨੂੰ ਖਤਮ ਕਰਕੇ ਉਨ੍ਹਾਂ ਨੌਜਵਾਨਾਂ ਦੀ ਮਦਦ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਵੀ ਇਸ ਸਬੰਧੀ ਮੁਹਿੰਮ ਵਿੱਢੀ ਹੋਈ ਹੈ। ਉਨ੍ਹਾਂ ਕਿਹਾ ਕਿ ਵਾਹਿਗੁਰੂ ਅੱਗੇ ਇਹੀ ਅਰਦਾਸ ਹੈ ਕਿ ਨਸ਼ਿਆਂ ਦੀ ਦਲਦਲ ਵਿੱਚ ਧਸ ਚੁੱਕੇ ਸਾਰੇ ਨੌਜਵਾਨ ਜਲਦੀ ਤੋਂ ਜਲਦੀ ਵਾਪਸ ਆਉਣ ਅਤੇ ਪੰਜਾਬ ਮੁੜ ਤੋਂ ਰੰਗਲਾ ਪੰਜਾਬ ਬਣ ਸਕੇ। ਉਹ ਇਸ ਮੁਹਿੰਮ ਲਈ ਮੁੱਖ ਮੰਤਰੀ ਭਗਵੰਤ ਮਾਨ, ਡੀਜੀਪੀ ਪੰਜਾਬ ਗੌਰਵ ਯਾਦਵ ਅਤੇ ਸਮੂਹ ਪੁਲਿਸ ਅਧਿਕਾਰੀਆਂ ਨੂੰ ਵਧਾਈ ਦਿੰਦੇ ਹਨ ਅਤੇ ਉਮੀਦ ਕਰਦੇ ਹਨ ਕਿ ਪੰਜਾਬ ਜਲਦੀ ਤੋਂ ਜਲਦੀ ਨਸ਼ਾ ਮੁਕਤ ਹੋ ਜਾਵੇਗਾ।