ਸਲੋਕੁ ਮ: ੧ ॥ ਜੇ ਕਰਿ ਸੂਤਕੁ ਮੰਨੀਐ ਸਭ ਤੈ ਸੂਤਕੁ ਹੋਇ ॥ ਗੋਹੇ ਅਤੈ ਲਕੜੀ ਅੰਦਰਿ ਕੀੜਾ ਹੋਇ ॥ ਜੇਤੇ ਦਾਣੇ ਅੰਨ ਕੇ ਜੀਆ ਬਾਝੁ ਨ ਕੋਇ ॥ ਪਹਿਲਾ ਪਾਣੀ ਜੀਉ ਹੈ ਜਿਤੁ ਹਰਿਆ ਸਭੁ ਕੋਇ ॥ ਸੂਤਕੁ ਕਿਉ ਕਰਿ ਰਖੀਐ ਸੂਤਕੁ ਪਵੈ ਰਸੋਇ ॥ ਨਾਨਕ ਸੂਤਕੁ ਏਵ ਨ ਉਤਰੈ ਗਿਆਨੁ ਉਤਾਰੇ ਧੋਇ ॥੧॥
Shalok, First Mehl: If one accepts the concept of impurity, then there is impurity everywhere. In cow-dung and wood there are worms. As many as are the grains of corn, none is without life. First, there is life in the water, by which everything else is made green. How can it be protected from impurity? It touches our own kitchen. O Nanak, impurity cannot be removed in this way; it is washed away only by spiritual wisdom. ||1||
ਜੇ ਸੂਤਕ ਨੂੰ ਮੰਨ ਲਈਏ (ਭਾਵ, ਜੇ ਮੰਨ ਲਈਏ ਕਿ ਸੂਤਕ ਦਾ ਭਰਮ ਰੱਖਣਾ ਚਾਹੀਦਾ ਹੈ, ਤਾਂ ਇਹ ਭੀ ਚੇਤਾ ਰੱਖੋ ਕਿ ਇਸ ਤਰ੍ਹਾਂ) ਸੂਤਕ ਸਭ ਥਾਈਂ ਹੁੰਦਾ ਹੈ; ਗੋਹੇ ਤੇ ਲਕੜੀ ਦੇ ਅੰਦਰ ਭੀ ਕੀੜੇ ਹੁੰਦੇ ਹਨ (ਭਾਵ, ਜੰਮਦੇ ਰਹਿੰਦੇ ਹਨ); ਅੰਨ ਦੇ ਜਿਤਨੇ ਭੀ ਦਾਣੇ ਹਨ, ਇਹਨਾਂ ਵਿਚੋਂ ਕੋਈ ਦਾਣਾ ਭੀ ਜੀਵ ਤੋਂ ਬਿਨਾ ਨਹੀਂ ਹੈ। ਪਾਣੀ ਆਪ ਭੀ ਜੀਵ ਹੈ, ਕਿਉਂਕਿ ਇਸ ਨਾਲ ਹਰੇਕ ਜੀਵ ਹਰਾ (ਭਾਵ, ਜਿੰਦ ਵਾਲਾ) ਹੁੰਦਾ ਹੈ। ਸੂਤਕ ਕਿਵੇਂ ਰੱਖਿਆ ਜਾ ਸਕਦਾ ਹੈ? (ਭਾਵ, ਸੂਤਕ ਦਾ ਭਰਮ ਪੂਰੇ ਤੌਰ ਤੇ ਮੰਨਣਾ ਬੜਾ ਹੀ ਕਠਨ ਹੈ, ਕਿਉਂਕਿ ਇਸ ਤਰ੍ਹਾਂ ਤਾਂ ਹਰ ਵੇਲੇ ਹੀ) ਰਸੋਈ ਵਿਚ ਸੂਤਕ ਪਿਆ ਰਹਿੰਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਇਸ ਤਰ੍ਹਾਂ (ਭਾਵ, ਭਰਮਾਂ ਵਿਚ ਪਿਆਂ) ਸੂਤਕ (ਮਨ ਤੋਂ) ਨਹੀਂ ਉਤਰਦਾ, ਇਸ ਨੂੰ (ਪ੍ਰਭੂ ਦਾ) ਗਿਆਨ ਹੀ ਧੋ ਕੇ ਲਾਹ ਸਕਦਾ ਹੈ ॥੧॥