ਪੰਜਾਬ ‘ਚ ਕਿਸਾਨਾਂ ਦਾ ਟੋਲ ਪਲਾਜ਼ਾ ‘ਤੇ ਪ੍ਰਦਰਸ਼ਨ ਦਾ ਮਾਮਲਾ ਹੁਣ ਹਾਈਕੋਰਟ ‘ਚ ਪਹੁੰਚ ਗਿਆ ਹੈ। ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨੇ ਪ੍ਰਦਰਸ਼ਨਕਾਰੀਆਂ ਵੱਲੋਂ 13 ਟੋਲ ਪਲਾਜ਼ਿਆਂ ਦੀ ਨਾਕੇਬੰਦੀ ਵਿਰੁੱਧ ਪੰਜਾਬ-ਹਰਿਆਣਾ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ਵਿੱਚ ਟੋਲ ਚਾਲੂ ਕਰਨ ਅਤੇ ਮਜ਼ਦੂਰਾਂ ਦੀ ਸੁਰੱਖਿਆ ਲਈ ਨਿਰਦੇਸ਼ ਜਾਰੀ ਕਰਨ ਦੀ ਅਪੀਲ ਕੀਤੀ ਗਈ ਹੈ। ਇਸ ਪਟੀਸ਼ਨ ‘ਤੇ ਜਸਟਿਸ ਵਿਨੋਦ ਭਾਰਦਵਾਜ ਨੇ ਕਿਹਾ ਕਿ ਹੁਣ ਮੰਗਾਂ ਦੀ ਪੂਰਤੀ ਲਈ ਸੜਕ, ਰੇਲ ਅਤੇ ਟੋਲ ਮਾਰਗਾਂ ਨੂੰ ਜਾਮ ਕਰਨ ਦਾ ਰੁਝਾਨ ਬਣ ਗਿਆ ਹੈ। ਪਟੀਸ਼ਨ ਨੂੰ ਵਿਆਪਕ ਲੋਕ ਹਿੱਤਾਂ ਨਾਲ ਸਬੰਧਤ ਦੱਸਦਿਆਂ ਉਨ੍ਹਾਂ ਇਸ ਨੂੰ ਚੀਫ਼ ਜਸਟਿਸ ਕੋਲ ਭੇਜ ਦਿੱਤਾ ਹੈ।
26 ਕਰੋੜ 60 ਲੱਖ ਰੁਪਏ ਦਾ ਹੋਇਆ ਨੁਕਸਾਨ
NHAI ਨੇ ਸੀਨੀਅਰ ਐਡਵੋਕੇਟ ਚੇਤਨ ਮਿੱਤਲ ਰਾਹੀਂ ਪਟੀਸ਼ਨ ਦਾਇਰ ਕੀਤੀ ਅਤੇ ਦੱਸਿਆ ਕਿ ਪ੍ਰਦਰਸ਼ਨਕਾਰੀਆਂ ਨੇ ਆਪਣੀਆਂ ਮੰਗਾਂ ਲਈ ਪੰਜਾਬ ਭਰ ਦੇ 13 ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ। ਪਟੀਸ਼ਨਰ ਧਿਰ ਦਾ ਕਹਿਣਾ ਹੈ ਕਿ ਟੋਲ ਬੰਦ ਹੋਣ ਕਾਰਨ ਇੱਥੋਂ ਟੋਲ ਦੀ ਰਕਮ ਵਸੂਲ ਨਹੀਂ ਕੀਤੀ ਜਾ ਰਹੀ ਅਤੇ 17 ਦਸੰਬਰ ਤੋਂ 4 ਜਨਵਰੀ ਤੱਕ ਕਰੀਬ 26 ਕਰੋੜ 60 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ।