ਸਿੱਖ ਫਾਰ ਜਸਟਿਸ ਵੱਲੋਂ ਬਠਿੰਡਾ ਵਿੱਚ 2 ਜਗ੍ਹਾ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਠਿੰਡਾ ਵਿਖੇ 26 ਜਨਵਰੀ ਨੂੰ ਝੰਡਾ ਲਹਿਰਾਇਆ ਜਾਣਾ ਹੈ ਪਰ ਉਸ ਤੋਂ ਪਹਿਲਾਂ ਹੀ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ। ਜਾਣਕਾਰੀ ਅਨੁਸਾਰ ਬਠਿੰਡਾ ਦੇ ਨੈਸ਼ਨਲ ਫਰਟੀਲਾਈਜ਼ਰ ਦੀ ਕੰਧ ਤੇ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀਆਂ ਦੀਆਂ ਦੀਵਾਰਾਂ ‘ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ।
ਇਸ ਤੋਂ ਪਹਿਲਾਂ ਬਠਿੰਡਾ ਦੇ ਗੁਰੂ ਨਾਨਕ ਦੇਵ ਥਰਮਲ ਪਲਾਂਟ ਦੇ ਨਾਲ ਲੱਗਦੀਆਂ ਕੰਧਾਂ ‘ਤੇ ‘ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਸਨ। ਇਸ ਦੀ ਜ਼ਿੰਮੇਵਾਰੀ ਸਿੱਖਸ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਲਈ ਸੀ। ਇਸ ਦੇ ਨਾਲ ਹੀ ਬਠਿੰਡਾ ਸ਼ਹਿਰ ਵਿੱਚ ਡਵੀਜ਼ਨਲ ਜੰਗਲਾਤ ਅਫ਼ਸਰ ਦੇ ਦਫ਼ਤਰ ਦੀ ਬਾਹਰਲੀ ਕੰਧ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਪਾਏ ਗਏ ਸਨ। ਇਹ ਨਾਅਰੇ ਸਪਰੇਅ ਪੇਂਟ ਨਾਲ ਲਿਖੇ ਗਏ ਸਨ।
ਇਸ ਤੋਂ ਇਲਾਵਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਕਾਲਜ ਦੀਆਂ ਕੰਧਾਂ ‘ਤੇ ‘ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਸਨ। ਜਾਣਕਾਰੀ ਅਨੁਸਾਰ ਲਿਖਿਆ ਗਿਆ ਸੀ ਕਿ ਖਾਲਿਸਤਾਨ ਜ਼ਿੰਦਾਬਾਦ ਤੇ ਇੰਦਰਾ ਠੋਕੀ ਸੀ ਤੇ ਹੁਣ ਰਾਹੁਲ ਨੂੰ ਠੋਕਾਂਗੇ। ਇਸ ਸਬੰਧੀ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਸੋਸ਼ਲ ਮੀਡੀਆ ‘ਤੇ ਵੀਡੀਓ ਪੋਸਟ ਕਰਕੇ ਪੁਸ਼ਟੀ ਕੀਤੀ ਸੀ। ਪੁਲਿਸ ਅਧਿਕਾਰੀ ਤੇ ਕਾਲਜ ਪ੍ਰਸ਼ਾਸਨ ਨੇ ਮੌਕੇ ‘ਤੇ ਪਹੁੰਚ ਕੇ ਕੰਧਾਂ ‘ਤੇ ਲਿਖੇ ਨਾਅਰਿਆਂ ਨੂੰ ਮਿਟਾ ਦਿੱਤਾ ਸੀ। ਇਸ ਸਬੰਧੀ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ।
ਦੱਸ ਦੇਈਏ ਕਿ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਸ਼ਰਾਰਤੀ ਅਨਸਰਾਂ ਵੱਲੋਂ ਕੰਧਾਂ ‘ਤੇ ਖਾਲਿਸਤਾਨ ਦੇ ਨਾਅਰੇ ਲਿਖੇ ਜਾ ਰਹੇ ਹਨ। ਪਿਛਲੇ ਦਿਨੀਂ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਖਾਲਿਸਤਾਨ ਦੇ ਹੱਕ ਵਿੱਚ ਨਾਅਰੇ ਲਿਖੇ ਜਾਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ। ਆਮ ਤੌਰ ‘ਤੇ ਇਹ ਨਾਅਰੇ ਕਿਸੇ ਵੀ ਸਰਕਾਰੀ ਜਾਂ ਜਨਤਕ ਸਥਾਨ ਦੇ ਨੇੜੇ ਲਿਖੇ ਜਾਂਦੇ ਹਨ, ਜਦੋਂ ਕਿ ਸ਼ਰਾਰਤੀ ਅਨਸਰਾਂ ਵੱਲੋਂ ਇਕ ਮੰਦਰ ਦੀ ਕੰਧ ‘ਤੇ ਖਾਲਿਸਤਾਨ ਪੱਖੀ ਪੋਸਟਰ ਲਗਾਉਣ ਦੀ ਘਟਨਾ ਸਾਹਮਣੇ ਆ ਚੁੱਕੀ ਹੈ।