ਪਾਕਿਸਤਾਨ ਵਿੱਚ ਦੋ ਸਿੱਖ ਭਰਾਵਾਂ ਨੂੰ ਬੁਰੀ ਤਰ੍ਹਾਂ ਕੁੱਟਿਆ ਗਿਆ ਤੇ ਉਨ੍ਹਾਂ ਦੇ ਕੇਸਾਂ ਦੀ ਬੇਅਦਬੀ ਕੀਤੀ ਗਈ ਹੈ। ਇਸ ਦੀ ਵੀਡੀਓ ਵਾਇਰਲ ਹੋ ਰਹੀ ਹੈ। ਇਨ੍ਹਾਂ ਸਿੱਖਾਂ ਉੱਪਰ ਗੁਆਂਢੀਆਂ ਨੇ ਹੀ ਡੰਡਿਆਂ ਨਾਲ ਹਮਲਾ ਕੀਤਾ ਗਿਆ। ਸਿੱਖ ਭਰਾਵਾਂ ਨੇ ਇਲਜ਼ਾਮ ਲਾਇਆ ਹੈ ਕਿ ਜਦੋਂ ਉਹ ਪੁਲਿਸ ਕੋਲ ਗਏ ਤਾਂ ਕੇਸ ਦਰਜ ਨਹੀਂ ਕੀਤਾ ਗਿਆ।
ਬੀਜੇਪੀ ਲੀਡਰ ਮਨਜਿੰਦਰ ਸਿਰਸਾ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਸ੍ਰੀ ਨਨਕਾਣਾ ਸਾਹਿਬ ਵਿਖੇ ਕੱਟੜਪੰਥੀਆਂ ਦੇ ਹਮਲੇ ਦਾ ਸ਼ਿਕਾਰ ਹੋਏ ਸਿੱਖ ਪਰਿਵਾਰ ਨੇ ਪਾਕਿ ਦੀ ਸਿੱਖ ਸੰਗਤ ਦੇ ਸਹਿਯੋਗ ਨਾਲ ਇਨਸਾਫ਼ ਦੀ ਅਪੀਲ ਕੀਤੀ ਹੈ। ਐਫਆਈਆਰ ਦੇ ਬਾਵਜੂਦ ਦੋਸ਼ੀਆਂ ਖਿਲਾਫ ਕੋਈ ਕਾਰਵਾਈ ਨਹੀਂ ਹੋਈ! ਪਾਕਿਸਤਾਨ ਦੀ ਸਰਕਾਰ ਕੱਟੜਪੰਥੀ ਸਮੂਹਾਂ ਦੇ ਦਬਾਅ ਹੇਠ ਘੱਟ ਗਿਣਤੀਆਂ ਤੇ ਉਨ੍ਹਾਂ ਦੇ ਅਧਿਕਾਰਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ।
ਉਧਰ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਦੇ ਜ਼ਿਲ੍ਹਾ ਨਨਕਾਣਾ ਸਾਹਿਬ ਵਿੱਚ ਦੋ ਸਿੱਖ ਭਰਾਵਾਂ ਦੇ ਕੇਸਾਂ ਦੀ ਬੇਅਦਬੀ ਕਰਨ ਦੀ ਵਾਪਰੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਪਿਛਲੇ ਸਮੇਂ ਦੌਰਾਨ ਕਈ ਵਾਰ ਸਿੱਖਾਂ ’ਤੇ ਹਮਲੇ ਹੋ ਚੁੱਕੇ ਹਨ, ਪਰ ਪੁਲੀਸ ਵੱਲੋਂ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਨਹੀਂ ਕੀਤੀ ਗਈ।
ਉਨ੍ਹਾਂ ਕਿਹਾ ਕਿ ਤਾਜ਼ਾ ਮਾਮਲੇ ਵਿਚ ਵੀ ਪੁਲੀਸ ਵੱਲੋਂ ਕਿਸੇ ਵੀ ਦੋਸ਼ੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ, ਸਗੋਂ ਸਿੱਖਾਂ ’ਤੇ ਦਬਾਅ ਬਣਾਇਆ ਜਾ ਰਿਹਾ ਹੈ। ਉਨ੍ਹਾਂ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਕਿ ਦੋਸ਼ੀਆਂ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ।