ਪੰਜਾਬ ਦੇ ਛੋਟੇ ਸ਼ਹਿਰਾਂ ਦੇ ਵਾਸੀਆਂ ਲਈ ਖੁਸ਼ਖਬਰੀ ਹੈ। ਪੰਜਾਬ ਸਰਕਾਰ ਜਲਦ ਹੀ ਛੋਟੇ ਸ਼ਹਿਰਾਂ ਨੂੰ ਵੱਡਾ ਤੋਹਫਾ ਦੇਣ ਜਾ ਰਹੀ ਹੈ। ਛੋਟੇ ਸ਼ਹਿਰਾਂ ਵਿੱਚ ਨਵੀਆਂ ਅਰਬਨ ਅਸਟੇਟ ਬਣਾਈਆਂ ਜਾਣਗੀਆਂ। ਇਸ ਲਈ ਸਰਕਾਰ ਵੱਲੋਂ ਬਾਕਾਇਦਾ ਜ਼ਮੀਨਾਂ ਦੀ ਸ਼ਨਾਖ਼ਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸਰਕਾਰ ਦੇ ਇਸ ਫੈਸਲੇ ਨਾਲ ਛੋਟੇ ਸ਼ਹਿਰਾਂ ਅੰਦਰ ਪਲਾਨਿੰਗ ਤਹਿਤ ਵਿਕਾਸ ਹੋਏਗਾ।
ਇਸ ਬਾਰੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਛੋਟੇ ਸ਼ਹਿਰਾਂ ਵਿੱਚ ਨਵੀਆਂ ਅਰਬਨ ਅਸਟੇਟ ਵਿਕਸਤ ਕਰਨ ਲਈ ਜ਼ਮੀਨਾਂ ਦੀ ਸ਼ਨਾਖ਼ਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਮਨਜ਼ੂਰਸ਼ੁਦਾ ਕਲੋਨੀਆਂ ਵਿੱਚ ਸਹੂਲਤਾਂ ਯਕੀਨੀ ਬਣਾਉਣ ਲਈ ਜਾਇਜ਼ਾ ਲੈਣ ਵਾਸਤੇ ਟੀਮਾਂ ਭੇਜਣ ਲਈ ਵੀ ਕਿਹਾ ਹੈ।
ਪੁੱਡਾ ਭਵਨ ਵਿੱਚ ਗਰੇਟਰ ਲੁਧਿਆਣਾ ਏਰੀਆ ਡਿਵੈੱਲਪਮੈਂਟ ਅਥਾਰਿਟੀ, ਪਟਿਆਲਾ ਵਿਕਾਸ ਅਥਾਰਟੀ ਤੇ ਬਠਿੰਡਾ ਵਿਕਾਸ ਅਥਾਰਿਟੀ ਦੇ ਪ੍ਰਗਤੀ ਅਧੀਨ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਸਬੰਧੀ ਮੀਟਿੰਗ ਦੌਰਾਨ ਅਰੋੜਾ ਨੇ ਕਿਹਾ ਕਿ ਗ਼ੈਰਕਾਨੂੰਨੀ ਕਲੋਨੀਆਂ ਤੇ ਅਣ ਅਧਿਕਾਰਤ ਉਸਾਰੀਆਂ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਹੋਣਗੀਆਂ।
ਪ੍ਰਮੁੱਖ ਸਕੱਤਰ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਅਜੋਏ ਕੁਮਾਰ ਸਿਨਹਾ ਤੇ ਮੁੱਖ ਪ੍ਰਸ਼ਾਸਕ ਪੁੱਡਾ ਅਪਨੀਤ ਰਿਆਤ ਨਾਲ ਗਲਾਡਾ ਦੇ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਕਰਦਿਆਂ ਅਰੋੜਾ ਨੇ ਮੁੱਖ ਪ੍ਰਸ਼ਾਸਕ ਗਲਾਡਾ ਨੂੰ ਪ੍ਰਾਜੈਕਟ ਨਿਰਧਾਰਤ ਸਮੇਂ ’ਚ ਨੇਪਰੇ ਚਾੜ੍ਹਨ ਲਈ ਕਿਹਾ।