ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਭਗਵੰਤ ਮਾਨ ਸਰਕਾਰ ਨੂੰ ਫਿਰ ਝਟਕਾ ਦਿੱਤਾ ਹੈ। ਇਸ ਵਾਰ ਰਾਜਪਾਲ ਨੇ ਹਾਲ ਦੀ ਘੜੀ ਬਜਟ ਸੈਸ਼ਨ ਦੀ ਪ੍ਰਵਾਨਗੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਬਾਰੇ ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਾਕਾਇਦਾ ਪੱਤਰ ਲਿਖਿਆ ਹੈ। ਰਾਜਪਾਲ ਨੇ ਬਜਟ ਇਜਲਾਸ ਦੀ ਪ੍ਰਵਾਨਗੀ ਤੋਂ ਪਹਿਲਾਂ ਮੁੱਖ ਮੰਤਰੀ ਤੋਂ ਸਪਸ਼ਟੀਕਰਨ ਮੰਗਿਆ ਹੈ।
ਦੱਸ ਦਈਏ ਕਿ ਪੰਜਾਬ ਕੈਬਨਿਟ ਨੇ 21 ਫਰਵਰੀ ਨੂੰ ਮੀਟਿੰਗ ਕਰਕੇ ਬਜਟ ਸੈਸ਼ਨ 3 ਮਾਰਚ ਤੋਂ 24 ਮਾਰਚ ਤੱਕ ਸੱਦੇ ਜਾਣ ਦੀ ਸਿਫ਼ਾਰਸ਼ ਕੀਤੀ ਸੀ ਤੇ ਇਸ ਨੂੰ ਪ੍ਰਵਾਨਗੀ ਲਈ ਰਾਜਪਾਲ ਕੋਲ ਭੇਜਿਆ ਸੀ। ਰਾਜਪਾਲ ਨੇ ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ ਕਿ ਉਹ ਮੁੱਖ ਮੰਤਰੀ ਵੱਲੋਂ ਕੀਤੇ ‘ਅਪਮਾਨਜਨਕ’ ਟਵੀਟ ਤੇ 14 ਫਰਵਰੀ ਨੂੰ ਲਿਖੇ ਪੱਤਰ ’ਤੇ ਪਹਿਲਾਂ ਕਾਨੂੰਨੀ ਸਲਾਹ ਲੈਣਗੇ ਤੇ ਉਸ ਪਿੱਛੋਂ ਬਜਟ ਸੈਸ਼ਨ ਸੱਦਣ ਬਾਰੇ ਫ਼ੈਸਲਾ ਲਿਆ ਜਾਵੇਗਾ।
ਦੱਸ ਦਈਏ ਕਿ ਰਾਜਪਾਲ ਵੱਲੋਂ 13 ਫਰਵਰੀ ਨੂੰ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਸਿੰਗਾਪੁਰ ਭੇਜੇ ਪ੍ਰਿੰਸੀਪਲਾਂ ਦੀ ਚੋਣ ਤੇ ਖ਼ਰਚੇ ਬਾਰੇ, ਦਲਿਤ ਬੱਚਿਆਂ ਦੇ ਵਜ਼ੀਫ਼ੇ, ਇਨਫੋਟੈੱਕ ਦੇ ਚੇਅਰਮੈਨ, ਖੇਤੀ ’ਵਰਸਿਟੀ ਦੇ ਵੀਸੀ ਤੇ ਆਈਪੀਐਸ ਕੁਲਦੀਪ ਚਾਹਿਲ ਆਦਿ ਬਾਰੇ ਹਵਾਲਾ ਦਿੱਤਾ ਗਿਆ ਸੀ ਤੇ ਪਿਛਲੇ ਸਮੇਂ ’ਚ ਇਨ੍ਹਾਂ ਬਾਰੇ ਲਿਖੇ ਪੱਤਰਾਂ ਦਾ ਜਵਾਬ ਨਾ ਦਿੱਤੇ ਜਾਣ ਦਾ ਮੁੱਦਾ ਉਠਾਇਆ ਸੀ।
ਦਰਅਸਲ ਪੰਜਾਬ ਸਰਕਾਰ ਤੇ ਰਾਜਪਾਲ ਵਿਚਾਲੇ ਪਿਛਲੇ ਸਮੇਂ ਤੋਂ ਲਗਾਤਾਰ ਟਕਰਾਅ ਬਣਦਾ ਆ ਰਿਹਾ ਹੈ। ਪੰਜਾਬ ਸਰਕਾਰ ਇਲਜ਼ਾਮ ਲਾ ਰਹੀ ਹੈ ਕਿ ਰਾਜਪਾਲ ਬੀਜੇਪੀ ਦੇ ਇਸ਼ਾਰੇ ਉੱਪਰ ਨਾਜਾਇਜ਼ ਦਖਲਅੰਦਾਜ਼ੀ ਕਰ ਰਹੇ ਹਨ। ਦੂਜੇ ਪਾਸੇ ਰਾਜਪਾਲ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਕੋਲੋਂ ਜਵਾਬ ਤਲਬੀ ਕਰਨਾ ਉਨ੍ਹਾਂ ਦਾ ਸੰਵਿਧਾਨਕ ਹੱਕ ਹੈ।