ਬੀਜੇਪੀ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨਾ ਲਾਇਆ ਜਾ ਰਿਹਾ ਹੈ। ਇਹ ਧਰਨਾ ਪੰਜਾਬ ਵਿੱਚ ਵਿਗੜ ਰਹੀ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਲਾਇਆ ਜਾ ਰਿਹਾ ਹੈ। ਬੀਜੇਪੀ ਦਾ ਕਹਿਣਾ ਹੈ ਕਿ ਸੂਬੇ ਵਿੱਚ ਰੋਜ਼ਾਨਾ ਵਾਪਰ ਰਹੀਆਂ ਕਤਲ, ਫਿਰੌਤੀ, ਡਕੈਤੀਆਂ, ਥਾਣਿਆਂ ’ਤੇ ਕਬਜ਼ਿਆਂ ਦੀਆਂ ਘਟਨਾਵਾਂ ਕਾਰਨ ਪੰਜਾਬ ਦੇ ਲੋਕ ਡਰੇ ਹੋਏ ਹਨ। ਇਸ ਲਈ ਸਰਕਾਰ ਨੂੰ ਜਗਾਉਣ ਦੀ ਲੋੜ ਹੈ।
ਇਸ ਬਾਰੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਕਿਹਾ ਕਿ ਸੂਬੇ ਵਿੱਚ ਵਿਗੜ ਰਹੀ ਅਮਨ ਤੇ ਕਾਨੂੰਨ ਦੀ ਸਥਿਤੀ ਵਿਰੁੱਧ ਪੰਜਾਬ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ ਜਾਏਗਾ। ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ‘ਆਪ’ ਦੇ 11 ਮਹੀਨਿਆਂ ਦੇ ਰਾਜ ਦੌਰਾਨ ਕਾਨੂੰਨ ਵਿਵਸਥਾ ਢਹਿ-ਢੇਰੀ ਹੋ ਚੁੱਕੀ ਹੈ ਤੇ ਪੰਜਾਬ ਦੇ ਹਾਲਾਤ ਮਾੜੇ ਹੁੰਦੇ ਜਾ ਰਹੇ ਹਨ ਪਰ ਪੰਜਾਬ ਸਰਕਾਰ ਸੁੱਤੀ ਪਈ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਨੂੰ ਜਗਾਉਣ ਲਈ ਭਾਜਪਾ ਵੱਲੋਂ ਸੈਕਟਰ-37 ਤੋਂ ਇਕੱਠੇ ਹੋ ਕੇ ਵਿਧਾਨ ਸਭਾ ਵੱਲ ਮਾਰਚ ਕੀਤਾ ਜਾਵੇਗਾ ਤੇ ਵਿਧਾਨ ਸਭਾ ਦੇ ਬਾਹਰ ‘ਆਪ’ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾਵੇਗਾ। ਸ਼ਰਮਾ ਨੇ ਕਿਹਾ ਕਿ ਜਦੋਂ ਤੋਂ ਪੰਜਾਬ ’ਚ ਭਗਵੰਤ ਮਾਨ ਦੀ ਸਰਕਾਰ ਬਣੀ ਹੈ, ਉੱਦੋਂ ਤੋਂ ਹੀ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਅੱਗ ਲਾਉਣ ਵਾਲਿਆਂ ਦੀਆਂ ਕਾਰਵਾਈਆਂ ’ਚ ਭਾਰੀ ਵਾਧਾ ਹੋਇਆ ਹੈ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਰੋਜ਼ਾਨਾ ਵਾਪਰ ਰਹੀਆਂ ਕਤਲਾਂ, ਫਿਰੌਤੀ ਮੰਗਣ, ਪੁਲਿਸ ਦੀ ਨੱਕ ਹੇਠ ਡਕੈਤੀਆਂ, ਥਾਣਿਆਂ ’ਤੇ ਕਬਜ਼ੇ ਆਦਿ ਦੀਆਂ ਘਟਨਾਵਾਂ ਕਾਰਨ ਪੰਜਾਬ ਦੇ ਲੋਕ ਡਰੇ ਹੋਏ ਹਨ। ਉਨ੍ਹਾਂ ਕਿਹਾ ਕਿ ਅਤਿਵਾਦ ਦੇ ਦੌਰ ਵਿੱਚ ਵੀ ਅਜਿਹਾ ਕਦੇ ਨਹੀਂ ਹੋਇਆ ਕਿ ਕਿਸੇ ਥਾਣੇ ’ਤੇ ਕਬਜ਼ਾ ਕੀਤਾ ਗਿਆ ਹੋਵੇ ਤੇ ਪੁਲਿਸ ਨੂੰ ਆਪਣੇ ਹੀ ਥਾਣੇ ਵਿੱਚ ਕੁੱਟਿਆ ਗਿਆ ਹੋਵੇ। ਪੰਜਾਬ ਸਰਕਾਰ ਨੇ ਅਜਿਹੀ ਗਤੀਵੀਧੀਆਂ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਨੂੰ ਜੇਲ੍ਹਾਂ ਵਿੱਚ ਡੱਕਣ ਦੀ ਥਾਂ, ਉਨ੍ਹਾਂ ਅੱਗੇ ਗੋਡੇ ਟੇਕ ਦਿੱਤੇ ਤੇ ਗ੍ਰਿਫ਼ਤਾਰ ਮੁਲਜ਼ਮਾਂ ਦੀ ਜ਼ਮਾਨਤ ਦਾ ਸਮਰਥਨ ਕੀਤਾ।