05/14/2024 8:54 AM

ਜਲੰਧਰ ਜ਼ਿਮਨੀ ਚੋਣ ਲੜਨ ਬਾਰੇ ਆਮ ਆਦਮੀ ਪਾਰਟੀ ਦੀ ਖਾਸ ਰਣਨੀਤੀ…

ਆਮ ਆਦਮੀ ਪਾਰਟੀ ਨੇ ਆਖਿਆ ਹੈ ਕਿ ਜਲੰਧਰ ਜ਼ਿਮਨੀ ਚੋਣ ਸਰਕਾਰ ਦੀ ਕਾਰਗੁਜ਼ਾਰੀ ਦੇ ਆਧਾਰ ’ਤੇ ਲੜੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਹੈ ਕਿ ਜਲੰਧਰ ਜ਼ਿਮਨੀ ਚੋਣ ਨਸ਼ਿਆਂ ਦੇ ਕਾਰੋਬਾਰੀਆਂ ਨੂੰ ਠੱਲ੍ਹਣ ਦੇ ਮੁੱਦੇ ਉਤੇ ਲੜੀ ਜਾਵੇਗੀ।

ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸ ਦੌਰਾਨ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਸੰਸਦ ਮੈਂਬਰ ਰਾਘਵ ਚੱਢਾ ਨੇ ਰਿੰਕੂ ਦਾ ਸਵਾਗਤ ਕੀਤਾ।

ਸੁਸ਼ੀਲ ਰਿੰਕੂ ਨੂੰ ‘ਆਪ’ ਦਾ ਉਮੀਦਵਾਰ ਬਣਾਉਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਸ੍ਰੀ ਮਾਨ ਨੇ ਕਿਹਾ ਕਿ ਪਾਰਟੀ ਨੇ ਇਸ ਬਾਰੇ ਫਿਲਹਾਲ ਫ਼ੈਸਲਾ ਨਹੀਂ ਲਿਆ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਬਾਰੇ ਸਰਵੇਖਣ ਕਰਵਾਉਣ ਮਗਰੋਂ ਹੀ ਐਲਾਨ ਕੀਤਾ ਜਾਵੇਗਾ। ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਹੁਣ ਆਮ ਲੋਕਾਂ ਦੇ ਦਰਦ ਨੂੰ ਸਮਝਣ ਵਾਲੀ ਸਰਕਾਰ ਹੈ। ਰਿੰਕੂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਰਾਘਵ ਚੱਢਾ ਨੇ ਕਿਹਾ ਕਿ ਸੁਸ਼ੀਲ ਕੁਮਾਰ ਰਿੰਕੂ ਦੀ ਮੌਜੂਦਗੀ ਪਾਰਟੀ ਨੂੰ ਜਲੰਧਰ ਹੀ ਨਹੀਂ ਸਗੋਂ ਪੂਰੇ ਦੁਆਬਾ ਖੇਤਰ ਵਿੱਚ ਮਜ਼ਬੂਤ ​​ਕਰੇਗੀ।


ਮਾਨ ਨੇ ਆਖਿਆ ਕਿ ਸਿਟ ਦੀ ਰਿਪੋਰਟ ਵਿਚ ਜਿਸ ਦਾ ਨਾਂ ਆਵੇਗਾ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਿੱਟ ਦੀ ਜਾਂਚ ਰਿਪੋਰਟ ਆ ਚੁੱਕੀ ਹੈ ਤੇ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਜਾਂਚ ਵਾਲੇ ਲਿਫਾਫੇ ਖੋਲ੍ਹ ਲਏ ਗਏ ਹਨ। ਰਿਪੋਰਟ ਵਿਚ ਦਰਜ ਨਾਵਾਂ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਹਾਲੇ ਇਹ ਜਾਣਕਾਰੀ ਜਨਤਕ ਨਹੀਂ ਕੀਤੀ ਜਾ ਸਕਦੀ।

ਜ਼ਿਕਰਯੋਗ ਹੈ ਕਿ ਸ੍ਰੀ ਮਾਨ ਨੇ ਇਸ ਮੌਕੇ ਇਹ ਵੀ ਕਿਹਾ ਕਿ ਉਹ ਬਦਲਾਖੋਰੀ ਦੀ ਰਾਜਨੀਤੀ ਨਹੀਂ ਕਰਨਗੇ ਸਗੋਂ ਇਕ ਸਾਲ ਅੰਦਰ ਪੰਜਾਬ ਸਰਕਾਰ ਵੱਲੋਂ ਕੀਤੇ ਕੰਮਾਂ ਦੇ ਆਧਾਰ ’ਤੇ ਵੋਟਾਂ ਮੰਗਣਗੇ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਿਵੇਂ ਦਿੱਲੀ ਸਰਕਾਰ ਨੇ ਸਿਹਤ ਤੇ ਸਿੱਖਿਆ ਦੇ ਖੇਤਰ ਵਿਚ ਕੰਮ ਕੀਤਾ ਹੈ, ਉਸੇ ਤਰ੍ਹਾਂ ਪੰਜਾਬ ਦੇ ਸਕੂਲਾਂ ਤੇ ਹਸਪਤਾਲ ਵੀ ਬਿਹਤਰ ਬਣਾਏ ਜਾਣਗੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਨੂੰ ‘ਆਪਣਾ ਆਦਰਸ਼, ਖੁਦ ਬਣਨ’ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਕਿਸੇ ਨੂੰ ਵੀ ਆਪਣੇ ਜਜ਼ਬਾਤ ਨਾਲ ਖੇਡਣ ਦੀ ਇਜਾਜ਼ਤ ਨਾ ਦੇਣ ਕਿਉਂਕਿ ਅਜਿਹੇ ਲੋਕ ਆਪਣਾ ਮਤਲਬ ਕੱਢ ਕੇ ਲਾਂਭੇ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੌਜਵਾਨਾਂ ਨੂੰ ਆਪਣੇ ਰਾਹ ਖੁਦ ਬਣਾਉਣ ਲਈ ਪੂਰਾ ਸਹਿਯੋਗ ਕਰੇਗੀ।