ਸੂਬੇ ‘ਚ ਪੰਜਾਬ ਸਰਕਾਰ ਵਲੋਂ ਕਾਰਪੋਰੇਸ਼ਨ ਚੋਣਾਂ ਸਤੰਬਰ ‘ਚ ਕਰਵਾਈਆਂ ਜਾਣਗੀਆਂ। ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਕਿਆਸ ਲਾਏ ਜਾ ਰਹੇ ਸਨ ਕਿ ਸ਼ਾਇਦ ਸਰਕਾਰ ਵਲੋਂ ਕਾਰਪੋਰੇਸ਼ਨ ਚੋਣਾਂ ਦਾ ਐਲਾਨ ਜਲਦ ਹੀ ਕਰ ਦਿੱਤਾ ਜਾਵੇਗਾ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਦਾ ਮੰਨਣਾ ਹੈ ਕਿ ਇਹ ਚੋਣਾਂ ਸਤੰਬਰ ‘ਚ ਕਰਵਾਉਣੀਆਂ ਜ਼ਿਆਦਾ ਸਹੀ ਰਹਿਣਗੀਆਂ। ਉਸ ਤੋਂ ਪਹਿਲਾਂ ਪੰਜਾਬ ਸਰਕਾਰ ਵਲੋਂ ਸ਼ਹਿਰਾਂ ‘ਚ ਵਿਕਾਸ ਕਾਰਜਾਂ ਨੂੰ ਤੇਜ਼ ਕੀਤਾ ਜਾਵੇਗਾ। ਮੁੱਖ ਮੰਤਰੀ ਆਉਣ ਵਾਲੇ ਦਿਨਾਂ ’ਚ ਆਪ ਸ਼ਹਿਰਾਂ ‘ਚ ਜਾ ਕੇ ਵਿਕਾਸ ਕਾਰਜਾਂ ਦਾ ਸ਼ੁੱਭ-ਆਰੰਭ ਕਰਨਗੇ।
ਦੂਜੇ ਪਾਸੇ ਪੰਚਾਇਤੀ ਚੋਣਾਂ ਬਾਰੇ ਮੁੱਖ ਮੰਤਰੀ ਨੇ ਅਜੇ ਤੱਕ ਕੋਈ ਅੰਤਿਮ ਫ਼ੈਸਲਾ ਨਹੀਂ ਲਿਆ। ਪਹਿਲਾਂ ਕਿਹਾ ਜਾ ਰਿਹਾ ਸੀ ਕਿ ਸ਼ਾਇਦ ਸਰਕਾਰ ਕਾਰਪੋਰੇਸ਼ਨ ਚੋਣਾਂ ਦੇ ਨਾਲ ਪੰਚਾਇਤੀ ਚੋਣਾਂ ਵੀ ਕਰਵਾ ਦਿੱਤੀਆਂ ਜਾਣ ਪਰ ਅਜੇ ਇਸ ਮਾਮਲੇ ਨੂੰ ਲੈ ਕੇ ਦੁਚਿੱਤੀ ਭਰੀ ਸਥਿਤੀ ਚੱਲ ਰਹੀ ਹੈ। ਜੇਕਰ ਕਾਰਪੋਰੇਸ਼ਨ ਚੋਣਾਂ ਦੇ ਨਾਲ ਪੰਚਾਇਤੀ ਚੋਣਾਂ ਨਾ ਹੋਈਆਂ ਤਾਂ ਫਿਰ ਪੰਜਾਬ ਸਰਕਾਰ ਵਲੋਂ ਇਹ ਚੋਣਾਂ ਲੋਕ ਸਭਾ ਦੀਆਂ ਆਮ ਚੋਣਾਂ ਤੋਂ ਬਾਅਦ ਹੀ ਕਰਵਾਈਆਂ ਜਾਣਗੀਆਂ। ਸਰਕਾਰ ਕਾਰਪੋਰੇਸ਼ਨ ਚੋਣਾਂ ਸਤੰਬਰ ‘ਚ ਇਸ ਲਈ ਕਰਵਾਉਣਾ ਚਾਹੁੰਦੀ ਹੈ ਕਿਉਂਕਿ ਜੁਲਾਈ ‘ਚ ਬਰਸਾਤਾਂ ਦਾ ਸਮਾਂ ਰਹੇਗਾ ਅਤੇ ਅਜੇ ਸਰਕਾਰ ਵਲੋਂ ਵਾਰਡਬੰਦੀ ਨੂੰ ਅੰਤਿਮ ਰੂਪ ਦਿੱਤਾ ਜਾਣਾ ਹੈ।
ਜਲੰਧਰ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਤੇ ਬਠਿੰਡਾ ‘ਚ ਵਾਰਡਬੰਦੀ ਨੂੰ ਅੰਤਿਮ ਰੂਪ ਦੇਣ ਤੋਂ ਬਾਅਦ ਅਗਸਤ ‘ਚ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਦਾ ਆਯੋਜਨ ਕੀਤਾ ਜਾਣਾ ਹੈ। ਇਸ ਲਈ ਸੁਰੱਖਿਆ ਫੋਰਸਾਂ ਅਤੇ ਪੰਜਾਬ ਪੁਲਸ ਦਾ ਪੂਰਾ ਧਿਆਨ ਇਸ ਪਾਸੇ ਰਹੇਗਾ। ਉਸ ਤੋਂ ਬਾਅਦ ਸਤੰਬਰ ਮਹੀਨੇ ਦੇ ਸ਼ੁਰੂ ‘ਚ ਸੰਭਵ ਤੌਰ ’ਤੇ ਕਾਰਪੋਰੇਸ਼ਨ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਸਕਦਾ ਹੈ। ਕਾਰਪੋਰੇਸ਼ਨ ਚੋਣਾਂ ‘ਚ ਆਮ ਆਦਮੀ ਪਾਰਟੀ ਦਾ ਮੁਕਾਬਲਾ ਕਾਂਗਰਸ, ਭਾਜਪਾ ਤੇ ਅਕਾਲੀ ਦਲ ਨਾਲ ਹੋਣਾ ਹੈ। ਆਮ ਆਦਮੀ ਪਾਰਟੀ ਦੀ ਕੋਸ਼ਿਸ਼ ਰਹੇਗੀ ਕਿ ਕਾਰਪੋਰੇਸ਼ਨ ਚੋਣਾਂ ਜਿੱਤ ਕੇ ਉਸ ਦਾ ਅਸਰ ਲੋਕ ਸਭਾ ਚੋਣਾਂ ਤੱਕ ਲਿਜਾਇਆ ਜਾਵੇ।