ਪਟਿਆਲਾ ਜ਼ਿਲੇ ਦੇ ਪਿੰਡ ਫਤਿਹਪੁਰ ਵਿੱਚ ਵੱਡੀ ਵਾਰਦਾਤ ਨੂੰ ਸ਼ਰੇਆਮ ਅੰਜਾਮ ਦਿੱਤਾ ਗਿਆ। ਇਥੇ ਰਹਿਣ ਵਾਲੇ ਇਕ ਨੌਜਵਾਨ ‘ਤੇ ਚਾਰ ਵਿਅਕਤੀਆਂ ਨੇ ਹਥਿਆਰਾਂ ਨਾਲ ਹਮਲਾ ਕਰ ਕੇ ਕਤ.ਲ ਕਰ ਦਿੱਤਾ। ਦੋਸ਼ੀਆਂ ਨੇ ਉਸ ਨੂੰ ਬਚਾਉਣ ਆਏ ਦੋਸਤ ’ਤੇ ਵੀ ਹਮਲਾ ਕਰ ਦਿੱਤਾ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਮ੍ਰਿਤਕ ਦੇ ਭਰਾ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਸਮੇਤ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।
ਸਮਾਣਾ ਦੀ ਡੀਐਸਪੀ ਨੇਹਾ ਅਗਰਵਾਲ ਨੇ ਦੱਸਿਆ ਕਿ ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੌਕੇ ’ਤੇ ਹੀ ਕਿਸੇ ਗੱਲ ਨੂੰ ਲੈ ਕੇ ਦੋਸ਼ੀਆਂ ਅਤੇ ਨੌਜਵਾਨਾਂ ਵਿੱਚ ਲੜਾਈ ਹੋਈ ਸੀ। ਇਸ ਦੌਰਾਨ ਗੁੱਸੇ ‘ਚ ਆ ਕੇ ਦੋਸ਼ੀ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਡੀਐਸਪੀ ਨੇ ਦੱਸਿਆ ਕਿ ਦੋਸ਼ੀਆਂ ਦੀ ਪਛਾਣ ਹੋਣੀ ਬਾਕੀ ਹੈ ਪਰ ਜਲਦੀ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਮ੍ਰਿਤਕ ਦੀ ਪਛਾਣ ਲਖਵਿੰਦਰ ਸਿੰਘ (27) ਵਾਸੀ ਪਿੰਡ ਫਤਿਹਪੁਰ ਵਜੋਂ ਹੋਈ ਹੈ। ਉਹ ਧਾਗਾ ਮਿੱਲ ਵਿੱਚ ਕੰਮ ਕਰਦਾ ਸੀ। ਉਸ ਦੇ ਭਰਾ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਲਖਵਿੰਦਰ ਸਿੰਘ ਵੀਰਵਾਰ ਦੇਰ ਸ਼ਾਮ ਪਿੰਡ ਵਾਲੇ ਮੇਵਾ ਸਿੰਘ ਨਾਲ ਮੋਟਰਸਾਈਕਲ ‘ਤੇ ਸਵਾਰ ਹੋ ਕੇ ਪਟਿਆਲਾ ਜਾ ਰਿਹਾ ਸੀ। ਰਸਤੇ ‘ਚ ਕਰੀਬ ਚਾਰ ਬੰਦੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ, ਸਾਰੇ ਹਥਿਆਰਬੰਦ ਸਨ।
ਉਨ੍ਹਾਂ ਨੇ ਉਸ ਦੇ ਭਰਾ ‘ਤੇ ਹਮਲਾ ਕਰ ਦਿੱਤਾ। ਜਦੋਂ ਪਿੰਡ ਦਾ ਸੋਨੂੰ ਸਿੰਘ ਉਸ ਨੂੰ ਬਚਾਉਣ ਲਈ ਅੱਗੇ ਵਧਿਆ ਤਾਂ ਦੋਸ਼ੀਆਂ ਨੇ ਉਸ ਨੂੰ ਵੀ ਕੁੱਟਿਆ। ਸਾਰੇ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਜ਼ਖਮੀਆਂ ਨੂੰ ਤੁਰੰਤ ਸਮਾਣਾ ਦੇ ਹਸਪਤਾਲ ਪਹੁੰਚਾਇਆ ਗਿਆ, ਜਿਥੇ ਡਾਕਟਰਾਂ ਨੇ ਲਖਵਿੰਦਰ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਮੁਤਾਬਕ ਲਖਵਿੰਦਰ ਸਿੰਘ ਦੇ ਸਿਰ ਅਤੇ ਪਿੱਠ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ।