ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ 29 ਅਗਸਤ ਨੂੰ ਰਾਸ਼ਟਰੀ ਖੇਡ ਦਿਵਸ ਦੇ ਮੌਕੇ ‘ਤੇ ਪਿਛਲੇ ਪੰਜ ਸਾਲਾਂ ਦੌਰਾਨ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਤਮਗੇ ਜਿੱਤਣ ਵਾਲੇ ਆਪਣੇ ਖਿਡਾਰੀਆਂ ਨੂੰ ਨਕਦ ਇਨਾਮਾਂ ਨਾਲ ਸਨਮਾਨਿਤ ਕਰੇਗੀ।
ਮੁੱਖ ਮੰਤਰੀ ਭਗਵੰਤ ਮਾਨ 29 ਅਗਸਤ ਤੋਂ ਬਠਿੰਡਾ ਵਿਖੇ ਸ਼ੁਰੂ ਹੋ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆ’ ਦੇ ਸੀਜ਼ਨ-2 ਦੇ ਉਦਘਾਟਨੀ ਸਮਾਰੋਹ ਦੌਰਾਨ ਅਜਿਹੇ 1807 ਖਿਡਾਰੀਆਂ ਨੂੰ ਕੁੱਲ 5.94 ਕਰੋੜ ਰੁਪਏ ਦੀ ਰਾਸ਼ੀ ਵੰਡਣਗੇ।
ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਸਰਕਾਰ ਦੇ ਧਿਆਨ ਵਿੱਚ ਆਇਆ ਹੈ ਕਿ ਸੂਬੇ ਵਿੱਚ ਕਈ ਅਜਿਹੇ ਖਿਡਾਰੀ ਹਨ ਜਿਨ੍ਹਾਂ ਨੂੰ ਪਿਛਲੇ ਪੰਜ ਸਾਲਾਂ ਤੋਂ ਤਮਗੇ ਜਿੱਤਣ ਦੇ ਬਾਵਜੂਦ ਨਕਦ ਇਨਾਮੀ ਰਾਸ਼ੀ ਨਹੀਂ ਮਿਲੀ ਹੈ। ਖੇਡ ਵਿਭਾਗ ਨੇ 2017 ਤੋਂ ਹੁਣ ਤੱਕ 1807 ਅਜਿਹੇ ਖਿਡਾਰੀਆਂ ਦੀ ਸੂਚੀ ਤਿਆਰ ਕੀਤੀ ਹੈ, ਜਿਨ੍ਹਾਂ ਦੀ ਕੁੱਲ ਇਨਾਮੀ ਰਾਸ਼ੀ 5,94,45,400 ਰੁਪਏ (5.94 ਕਰੋੜ) ਹੈ। ਇਨ੍ਹਾਂ ਖਿਡਾਰੀਆਂ ਨੇ ਰਾਜ, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਤਮਗੇ ਜਿੱਤ ਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ।
ਨਕਦ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤੇ ਗਏ 1807 ਖਿਡਾਰੀਆਂ ਦਾ ਵੇਰਵਾ ਜਾਰੀ ਕਰਦਿਆਂ ਮੀਤ ਹੇਅਰ ਨੇ ਦੱਸਿਆ ਕਿ 2017-18 ਵਿੱਚ 997 ਖਿਡਾਰੀਆਂ ਨੂੰ 1.58 ਕਰੋੜ, 2018-19 ਵਿੱਚ 135 ਖਿਡਾਰੀਆਂ ਨੂੰ 47.96 ਲੱਖ, 2019-20 ਵਿੱਚ 287 ਖਿਡਾਰੀਆਂ ਨੂੰ 19755 ਲੱਖ ਰੁਪਏ ਮਿਲੇ ਹਨ। 2020-21 ਦੇ 51 ਖਿਡਾਰੀਆਂ ਨੂੰ, 2021-22 ਦੇ 203 ਖਿਡਾਰੀਆਂ ਨੂੰ 1.32 ਕਰੋੜ ਰੁਪਏ ਅਤੇ ਪਿਛਲੇ ਸਾਲ ਹੋਈਆਂ 36ਵੀਆਂ ਰਾਸ਼ਟਰੀ ਖੇਡਾਂ ਵਿੱਚ ਤਗਮੇ ਜਿੱਤਣ ਵਾਲੇ 10 ਖਿਡਾਰੀਆਂ ਨੂੰ 41 ਲੱਖ ਰੁਪਏ ਦਿੱਤੇ ਜਾਣਗੇ।