ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਟਵਾਰੀਆਂ-ਕਾਨੂੰਨੀਆਂ ਵਿਚਾਲੇ ਚੱਲ ਰਿਹਾ ਵਿਵਾਦ ਅਜੇ ਰੁਕਿਆ ਨਹੀਂ ਹੈ। ਇਸ ਵਿਚਾਲੇ CM ਮਾਨ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ 710 ਨਵ-ਨਿਯੁਕਤ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦੇਣ ਦਾ ਫ਼ੈਸਲਾ ਕੀਤਾ ਹੈ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਟਵੀਟ ਕਰਕੇ ਸਾਂਝੀ ਕੀਤੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਉਹ ਸਾਰਿਆਂ ਨਾਲ ਇੱਕ ਖੁਸ਼ਖਬਰੀ ਸਾਂਝੀ ਕਰਨ ਜਾ ਰਹੇ ਹਨ ਕਿ ਉਹ 8 ਸਤੰਬਰ ਨੂੰ ਟੈਸਟ ਪਾਸ ਕਰਨ ਵਾਲੇ 710 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦੇਣ ਜਾ ਰਹੇ ਹਨ। ਉਨ੍ਹਾਂ ਅੱਗੇ ਲਿਖਿਆ ਕਿ ਨਿਯੁਕਤੀ ਪੱਤਰ ਦੇਣ ਲਈ ਸਮਾਗਮ ਕਰਵਾਇਆ ਜਾ ਰਿਹਾ ਹੈ।
ਇਸ ਦੇ ਨਾਲ ਹੀ ਪਟਵਾਰੀਆਂ ਦੀ ਨਵੀਂ ਭਰਤੀ ਦਾ ਇਸ਼ਤਿਹਾਰ ਵੀ ਜਲਦ ਜਾਰੀ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਲਿਖਿਆ ਕਿ ਉਮੀਦ ਹੈ ਕਿ ਨਵੇਂ ਹੱਥਾਂ ਵਿੱਚ ਨਵੀਂਆਂ ਕਲਮਾਂ ਸੌਂਪੀਆਂ ਜਾਣਗੀਆਂ ਅਤੇ ਉਹ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਕਰਨਗੇ। ਲੋਕਾਂ ਨੂੰ ਪ੍ਰੇਸ਼ਾਨ ਨਹੀਂ ਹੋਣ ਦਿੱਤਾ ਜਾਵੇਗਾ।