05/16/2024 11:16 PM

ਕਾਂਗਰਸ ਦਾ ਆਮ ਆਦਮੀ ਪਾਰਟੀ ਨੂੰ ਝਟਕਾ!

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਵਿਦਿਆਰਥੀ ਯੂਨੀਅਨ ਚੋਣਾਂ ਵਿੱਚ ਐਨਐਸਯੂਆਈ ਨੇ ਜਿੱਤ ਹਾਸਲ ਕੀਤੀ ਹੈ। ਐਨਐਸਯੂਆਈ ਦੇ ਉਮੀਦਵਾਰ ਜਤਿੰਦਰ ਸਿੰਘ ਨੇ ਪ੍ਰਧਾਨਗੀ ਦਾ ਅਹੁਦਾ 603 ਵੋਟਾਂ ਨਾਲ ਜਿੱਤ ਲਿਆ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਵਿਦਿਆਰਥੀ ਯੂਨੀਅਨ ਸੀਵਾਈਐਸਐਸ ਨੂੰ ਹਰਾਇਆ ਹੈ ਜੋ ਪਿਛਲੇ ਸਾਲ 600 ਤੋਂ ਵੱਧ ਵੋਟਾਂ ਨਾਲ ਜਿੱਤੇ ਸਨ।

ਸਿਆਸੀ ਮਾਹਿਰਾਂ ਅਨੁਸਾਰ ਛੇ ਸਾਲਾਂ ਬਾਅਦ ਕਾਂਗਰਸ ਦੇ ਵਿਦਿਆਰਥੀ ਵਿੰਗ ਐਨਐਸਯੂਆਈ ਦੀ ਵਾਪਸੀ ਕਈ ਸਿਆਸੀ ਸੰਕੇਤ ਦੇ ਰਹੀ ਹੈ। ਇਨ੍ਹਾਂ ਯੂਨੀਵਰਸਿਟੀ ਚੋਣ ਨਤੀਜਿਆਂ ਦਾ ਅਸਰ ਅਗਲੇ ਸਾਲ ਚੰਡੀਗੜ੍ਹ, ਪੰਜਾਬ ਤੇ ਹਰਿਆਣਾ ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਵੀ ਦੇਖਣ ਨੂੰ ਮਿਲ ਸਕਦਾ ਹੈ।
ਦਰਅਸਲ ਪਿਛਲੇ ਸਾਲ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਯੂਨੀਵਰਸਿਟੀ ਚੋਣਾਂ ਵਿੱਚ ਇਸ ਦਾ ਅਸਰ ਦੇਖਣ ਨੂੰ ਮਿਲਿਆ। ਇੱਥੇ ਪ੍ਰਧਾਨ ਦੇ ਅਹੁਦੇ ਲਈ CYSS ਦੇ ਉਮੀਦਵਾਰ ਨੇ ਜਿੱਤ ਹਾਸਲ ਕੀਤੀ ਸੀ ਪਰ ਸਿਰਫ਼ ਇੱਕ ਸਾਲ ਬਾਅਦ ਹੀ ਆਮ ਆਦਮੀ ਪਾਰਟੀ ਦਾ ਜਲਵਾ ਜਾਂਦਾ ਰਿਹਾ।

ਉਧਰ, ਵਿਦਿਆਰਥੀਆਂ ਦਾ ਕਹਿਣ ਹੈ ਕਿ CYSS ਤੋਂ ਕਾਫੀ ਉਮੀਦਾਂ ਸਨ ਪਰ ਉਨ੍ਹਾਂ ਦੇ ਵੀਆਈਪੀ ਕਲਚਰ ਨੇ ਸਭ ਨੂੰ ਨਿਰਾਸ਼ ਕੀਤਾ ਹੈ। ਪਾਰਟੀ ਦੇ ਵਿਧਾਇਕਾਂ ਤੇ ਮੰਤਰੀਆਂ ਨੇ ਵਿਦਿਆਰਥੀ ਯੂਨੀਅਨ ਦੇ ਪ੍ਰੋਗਰਾਮਾਂ ਲਈ ਵਾਰ-ਵਾਰ ਪੰਜਾਬੀ ਯੂਨੀਵਰਸਿਟੀ ਦਾ ਦੌਰਾ ਕੀਤਾ। ਬਾਕੀ ਸਾਰੀਆਂ ਵਿਦਿਆਰਥੀ ਪਾਰਟੀਆਂ ਵੀ ਇਸ ਦਾ ਵਿਰੋਧ ਕਰ ਰਹੀਆਂ ਸਨ। ਇਸ ਕਲਚਰ ਤੋਂ ਨਾਰਾਜ਼ ਹੋ ਕੇ ਵਿਦਿਆਰਥੀਆਂ ਨੇ ਉਨ੍ਹਾਂ ਦੇ ਖ਼ਿਲਾਫ਼ ਵੋਟਾਂ ਪਾਈਆਂ।