ਪੰਜਾਬ ਦੇ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਨੇਤਾ ਮਨਪ੍ਰੀਤ ਬਾਦਲ ਸਣੇ 6 ਲੋਕਾਂ ਖਿਲਾਫ ਵਿਜੀਲੈਂਸ ਨੇ ਬੀਤੇ ਦਿਨੀਂ ਕੇਸ ਦਰਜ ਕੀਤਾ ਹੈ। ਵਿਜੀਲੈਂਸ ਵੱਲੋਂ ਮਨਪ੍ਰੀਤ ਬਾਦਲ ਦੀ ਗ੍ਰਿਫਤਾਰੀ ਲਈ ਕੋਸ਼ਿਸ਼ਾਂ ਜਾਰੀ ਹਨ। ਵਿਜੀਲੈਂਸ ਨੂੰ ਸ਼ੱਕ ਹੈ ਕਿ ਮਨਪ੍ਰੀਤ ਬਾਦਲ ਵਿਦੇਸ਼ ਭੱਜ ਸਕਦੇ ਹਨ। ਇਸ ਲਈ ਸਾਰੇ ਏਅਰਪੋਰਟਾਂ ‘ਤੇ ਲੁਕਆਊਟ ਸਰਕੂਲਰ ਜਾਰੀ ਕਰ ਦਿਤਾ ਗਿਆ ਹੈ।
ਦੱਸ ਦੇਈਏ ਕਿ ਮਨਪ੍ਰੀਤ ਬਾਦਲ ਸਣੇ 6 ਖਿਲਾਫ 24 ਸਤੰਬਰ ਨੂੰ ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ ਬਠਿੰਡਾ ‘ਚ FIR ਦਰਜ ਕੀਤੀ ਗਈ ਹੈ। ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਵਿਜੀਲੈਂਸ ਨੂੰ ਸ਼ਿਕਾਇਤ ਦਿੱਤੀ ਸੀ। ਮਾਡਲ ਟਾਊਨ ਵਿਚ ਮਹਿੰਗੇ ਪਲਾਟ ਘੱਟ ਰੇਟ ਵਿਚ ਖਰੀਦਣ ਸਬੰਧੀ ਮਨਪ੍ਰੀਤ ਬਾਦਲ ਖਿਲਾਫ ਸਾਬਕਾ ਭਾਜਪਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਸ਼ਿਕਾਇਤ ਦਿੱਤੀ ਸੀ। ਇਸ ਸ਼ਿਕਾਇਤ ਨੂੰ ਲੈ ਕੇ ਵਿਜੀਲੈਂਸ ਜਾਂਚ ਕਰ ਰਹੀ ਹੈ। ਸਿੰਗਲਾ ਵੱਲੋਂ ਲੋਕਪਾਲ ਨੂੰ ਵੀ ਸ਼ਿਕਾਇਤ ਕੀਤੀ ਗਈ ਸੀ ਪਰ ਉਨ੍ਹਾਂ ਨੇ ਇਸ ਨੂੰ ਖਾਰਜ ਕਰ ਦਿੱਤਾ। ਮਨਪ੍ਰੀਤ ਬਾਦਲ ਨੇ ਗ੍ਰਿਫਤਾਰੀ ਤੋਂ ਬਚਣ ਲਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ ਤੇ ਗ੍ਰਿਫਤਾਰੀ ਤੋਂ ਪਹਿਲਾਂ ਨੋਟਿਸ ਜਾਰੀ ਕਰਨ ਦੀ ਵੀ ਮੰਗ ਕੀਤੀ ਸੀ ਜਿਸ ‘ਤੇ ਕੋਰਟ ਨੇ ਵਿਜੀਲੈਂਸ ਨੂੰ ਨੋਟਿਸ ਜਾਰੀ ਕੀਤਾ ਸੀ। ਮਾਮਲੇ ‘ਤੇ ਸੁਣਵਾਈ ਅੱਜ ਹੋਣੀ ਹੈ।
ਜ਼ਿਕਰਯੋਗ ਹੈ ਕਿ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਆਪਣੇ ਇਕ ਕਰੀਬੀ ਤੇ ਹੋਰ ਕਿਸੇ ਵਿਅਕਤੀ ਦੇ ਨਾਂ ‘ਤੇ ਮਾਡਲ ਟਾਊਨ ਫੇਜ਼-1 ਵਿਚ ਮਹਿੰਗੇ ਪਲਾਟ ਸਸਤੇ ਰੇਟ ਵਿਚ ਖਰੀਦਿਆ ਸੀ ਜਿਸ ਨਾਲ ਸਰਕਾਰੀ ਜਾਇਦਾਦ ਨੂੰ ਵੀ ਨੁਕਸਾਨ ਪਹੁੰਚਿਆ। ਵਿਜੀਲੈਂਸ ਨੇ ਸ਼ਿਕਾਇਤ ਮਿਲਣ ਦੇ ਬਾਅਦ ਮਨਪ੍ਰੀਤ ਬਾਦਲ ਨੂੰ ਨੋਟਿਸ ਜਾਰੀ ਕਰਕੇ ਪੁੱਛਗਿਛ ਲਈ ਬੁਲਾਇਆ ਸੀ ਜਿਸ ਦੇ ਬਾਅਦ ਉਹ ਆਪਣੇ ਵਕੀਲ ਦੇ ਨਾਲ ਵਿਜੀਲੈਂਸ ਦਫਤਰ ਪਹੁੰਚੇ ਜਿਥੇ ਉਨ੍ਹਾਂ ਨੇ ਸਾਰੇ ਸਵਾਲਾਂ ਦਾ ਜਵਾਬ ਦਿੱਤਾ। ਦੂਜੇ ਪਾਸੇ ਮਨਪ੍ਰੀਤ ਬਾਦਲ ਵੱਲੋਂ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ ਤੇ ਕਿਹਾ ਗਿਆ ਕਿ ਉਨ੍ਹਾਂ ਨੂੰ ਝੂਠੇ ਕੇਸ ਵਿਚ ਫਸਾਇਆ ਜਾ ਰਿਹਾ ਹੈ।