12/08/2023 8:02 AM

Sukhpal Khaira ਦੀ ਗ੍ਰਿਫ਼ਤਾਰੀ ਤੋਂ 4 ਘੰਟਿਆਂ ਬਾਅਦ ਸਾਹਮਣੇ ਆਏ ਕਾਂਗਰਸੀ ਲੀਡਰ, ਸੋਸ਼ਲ ਮੀਡੀਆ ‘ਤੇ ਸਰਕਾਰ ਦਾ ਕੀਤਾ ਵਿਰੋਧ

ਜਲਾਲਾਬਾਦ ਪੁਲਿਸ ਵੱਲੋਂ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤੇ ਕਾਂਗਰਸੀ ਲੀਡਰ ਸੁਖਪਾਲ ਸਿੰਘ ਖਹਿਰਾ ਨੂੰ ਲੈ ਕੇ ਹੁਣ ਪੰਜਾਬ ਕਾਂਗਰਸ ਵੀ ਨਿੱਤਰ ਆਈ ਹੈ। ਸੁਖਪਾਲ ਖਹਿਰਾ ਨੂੰ ਫੜਨ ਦੀ ਇਹ ਕਾਰਵਾਈ ਸਵੇਰੇ ਕਰੀਬ 5 ਵਜੇ ਸ਼ੁਰੂ ਹੋਈ ਸੀ ਤੇ ਜਲਾਲਾਬਾਦ ਪੁਲਿਸ ਕਾਂਗਰਸੀ ਲੀਡਰ ਖਹਿਰਾ ਨੂੰ ਸਾਢੇ 6 ਵਜੇ ਦੇ ਕਰੀਬ ਆਪਣੇ ਨਾਲ ਲੈ ਕੇ ਚਲੀ ਗਈ।

ਇਸ ਕਾਰਵਾਈ ਦੇ ਚਾਰ ਘੰਟਿਆਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਦਾ ਬਿਆਨ ਸਾਹਮਣੇ ਆਇਆ ਹੈ। ਰਾਜਾ ਵੜਿੰਗ ਨੇ ਟਵੀਟ ਕਰਦੇ ਲਿਖਿਆ ਕਿ – ਪੰਜਾਬ ਕਾਂਗਰਸ ਦੇ ਵਿਧਾਇਕ ਸ. ਸੁਖਪਾਲ ਸਿੰਘ ਖਹਿਰਾ ਜੀ ਦੀ ਗ੍ਰਿਫ਼ਤਾਰੀ ਮਹਿਜ਼ ਸਿਆਸੀ ਬਦਲਾਖੋਰੀ ਹੈ, ਇਹ ਵਿਰੋਧੀ ਧਿਰ ਨੂੰ ਡਰਾਉਣ ਦੀ ਕੋਸ਼ਿਸ਼ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਮੁੱਖ ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਇੱਕ ਚਾਲ ਹੈ। ਅਸੀਂ ਸੁਖਪਾਲ ਖਹਿਰਾ ਜੀ ਨਾਲ ਮਜ਼ਬੂਤੀ ਨਾਲ ਖੜੇ ਹਾਂ ਅਤੇ ਇਸ ਲੜਾਈ ਨੂੰ ਇਸ ਦੇ ਅੰਜਾਮ ਤੱਕ ਜ਼ਰੂਰ ਲੈ ਕੇ ਜਾਵਾਂਗੇ।

ਇਸੇ ਤਰ੍ਹਾਂ ਪ੍ਰਤਾਪ ਸਿੰਘ ਬਾਜਵਾ ਨੇ ਵੀ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਕਿ – ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਬਹੁਤ ਹੀ ਨਿੰਦਣਯੋਗ ਹੈ। “ਆਪ” ਸਰਕਾਰ ਨੇ ਹੁਣ ਸਭ ਤੋਂ ਹੇਠਲੇ ਪੱਧਰ ‘ਤੇ ਝੁਕ ਕੇ ਬਦਲਾਖ਼ੋਰੀ ਦੀ ਰਾਜਨੀਤੀ ਦਾ ਸਹਾਰਾ ਲਿਆ ਹੈ।

 

 

ਦਰਅਸਲ ਜਲਾਲਾਬਾਦ ਪੁਲਿਸ ਨੇ ਸਾਲ 2015 ਦੇ ਪੁਰਾਣੇ NDPS ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇਹ ਗ੍ਰਿਫ਼ਤਾਰੀ ਡੀਆਈਜੀ ਦੀ ਅਗਵਾਈ ਵਿੱਚ ਬਣੀ ਐਸਆਈਟੀ ਦੀ ਰਿਪੋਰਟ ਦੇ ਆਧਾਰ ’ਤੇ ਕੀਤੀ ਗਈ ਹੈ। ਇਸ ਐਸਆਈਟੀ ਵਿੱਚ ਦੋ ਐਸਐਸਪੀਜ਼ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਜਿੱਥੇ ਸੁਖਪਾਲ ਖਹਿਰਾ ਦਾ ਕਹਿਣਾ ਹੈ ਕਿ ਇਹ ਝੂਠਾ ਕੇਸ ਸੀ, ਉਥੇ ਹੀ ਸੁਪਰੀਮ ਕੋਰਟ ਨੇ ਵੀ ਇਸ ਮਾਮਲੇ ਵਿੱਚ ਉਨ੍ਹਾਂ ਨੂੰ ਰਾਹਤ ਦਿੱਤੀ ਹੈ।

Author: Ekamnews