05/03/2024 12:08 AM

ਪੰਜਾਬ ਕੋਲ ਨਾ ਤਾਂ ਹਰਿਆਣਾ ਨੂੰ ਦੇਣ ਲਈ ਪਾਣੀ ਹੈ, ਨਾ ਨਹਿਰ ਬਣਾਉਣ ਲਈ ਜ਼ਮੀਨ: ਆਪ

ਸਤਲੁਜ-ਯਮੁਨਾ ਲਿੰਕ ਨਹਿਰ ਵਿਵਾਦ ਜੋ ਕਿ ਇੱਕ ਵਾਰ ਫਿਰ ਸੁਰਖੀਆਂ ਦੇ ਵਿੱਚ ਬਣਿਆ ਹੋਇਆ ਹੈ। ਸੁਪਰੀਮ ਕੋਰਟ ਦੀ ਟਿੱਪਣੀ ਤੋਂ ਬਾਅਦ ਪੰਜਾਬ ਸਰਕਾਰ ਅਤੇ ਹਰਿਆਣਾ ਸਰਕਾਰ ਇੱਕ ਵਾਰ ਫਿਰ ਇੱਕ ਦੂਜੇ ਦੇ ਆਹਮੋ-ਸਾਹਮਣੇ ਆ ਗਈਆਂ ਹਨ। ਪੰਜਾਬ ਸਰਕਾਰ ਵੀ ਪੂਰੇ ਐਕਸ਼ਨ ਮੋਡ ਵਿੱਚ ਹੈ। ਆਮ ਆਦਮੀ ਪਾਰਟੀ (AAP) ਪੰਜਾਬ ਨੇ ਇੱਕ ਵਾਰ ਫਿਰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਕਿਹਾ ਕਿ ਪੰਜਾਬ ਕੋਲ ਦੂਜੇ ਰਾਜਾਂ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਨਹੀਂ ਹੈ।

ਮੀਡੀਆ ਨੂੰ ਇੱਕ ਬਿਆਨ ਜਾਰੀ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਆਪਣੇ ਸਿਆਸੀ ਲਾਹੇ ਲਈ ਦੋਵਾਂ ਰਾਜਾਂ ਦੇ ਕਿਸਾਨਾਂ ਵਿੱਚ ਫੁੱਟ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪਾਰਟੀਆਂ ਸਥਿਤੀ ਦਾ ਸਿਆਸੀ ਲਾਹਾ ਲੈਣ ਲਈ ਲੋਕਾਂ ਨੂੰ ਗੁੰਮਰਾਹ ਕਰ ਰਹੀਆਂ ਹਨ, ਪਰ ਉਹ ਆਪਣੇ ਕੋਝੇ ਕੰਮਾਂ ਵਿੱਚ ਕਾਮਯਾਬ ਨਹੀਂ ਹੋਣਗੀਆਂ।

ਉਨ੍ਹਾਂ ਨੇ ਅੱਗੇ ਕਿਹਾ ਕਿ ਜਿੰਨਾ ਚਿਰ ਸਾਡੇ ਕੋਲ ਵੰਡਣ ਲਈ ਪਾਣੀ ਸੀ, ਪੰਜਾਬ ਨੇ ਹਮੇਸ਼ਾ ਹੀ ਦੇਣ ਵਿੱਚ ਦਿਆਲੂ ਰਿਹਾ ਹੈ। ਪਰ, ਹੁਣ ਸਥਿਤੀ ਬਦਲ ਗਈ ਹੈ। ਅੱਜ ਪੰਜਾਬ ਖੁਦ ਪਾਣੀ ਦੀ ਸਮੱਸਿਆ ਨਾਲ ਜੂਝ ਰਿਹਾ ਹੈ।  ਉਨ੍ਹਾਂ ਕਿਹਾ ਕਿ ਨਾ ਤਾਂ ਸਾਡੇ ਕੋਲ ਹਰਿਆਣਾ ਨੂੰ ਦੇਣ ਲਈ ਵਾਧੂ ਪਾਣੀ ਹੈ ਅਤੇ ਨਾ ਹੀ ਐਸਵਾਈਐਲ ਨਹਿਰ ਬਣਾਉਣ ਲਈ ਜ਼ਮੀਨ ਹੈ।  ਜਦੋਂ ਸਾਡੇ ਕੋਲ ਹਰਿਆਣਾ ਜਾਂ ਕਿਸੇ ਹੋਰ ਸੂਬੇ ਨੂੰ ਦੇਣ ਲਈ ਪਾਣੀ ਨਹੀਂ ਹੈ ਤਾਂ ਨਹਿਰ ਬਣਾਉਣ ਦੀ ਕੋਈ ਤੁਕ ਨਹੀਂ।