ਸਾਬਕਾ ਮੰਤਰੀਆਂ ਖਿਲਾਫ ਵਿਜੀਲੈਂਸ ਬਿਊਰੋ ਦਾ ਐਕਸ਼ਨ ਜਾਰੀ ਹੈ। ਹੁਣ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ਼ ਕਾਰਵਾਈ ਵਿੱਢਣ ਦੀ ਤਿਆਰੀ ਕੀਤੀ ਜਾ ਰਹੀ ਹੈ। ਵਿਜੀਲੈਂਸ ਨੇ ਚੰਨੀ ਖਿਲਾਫ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਲਈ ਸਰਕਾਰ ਤੋਂ ਪ੍ਰਵਾਨਗੀ ਮੰਗੀ ਹੈ। ਇਹ ਮਾਮਲਾ ਗੋਆ ’ਚ ਰਾਜ ਸਰਕਾਰ ਦੀ ਜ਼ਮੀਨ ਸਸਤੇ ਭਾਅ ਪਟੇ ਉੱਤੇ ਦੇਣ ਨਾਲ ਸਬੰਧਤ ਹੈ।
ਦਰਅਸਲ ਭ੍ਰਿਸ਼ਟਾਚਾਰ ਰੋਕੂ ਐਕਟ 1996 ਦੀ ਧਾਰਾ 17ਏ ਅਧੀਨ ਇਹ ਪ੍ਰਵਾਨਗੀ ਲਾਜ਼ਮੀ ਮੰਨੀ ਜਾਂਦੀ ਹੈ। ਸੂਤਰਾਂ ਮੁਤਾਬਕ ਸਰਕਾਰ ਤੋਂ ਹਰੀ ਝੰਡੀ ਮਿਲਣ ਮਗਰੋਂ ਸਾਬਕਾ ਮੁੱਖ ਮੰਤਰੀ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਨਾਲ ਸਾਬਕਾ ਮੁੱਖ ਮੰਤਰੀ ਦੀਆਂ ਮੁਸ਼ਕਲਾਂ ਵਧਦੀਆਂ ਦਿਖਾਈ ਦੇ ਰਹੀਆਂ ਹਨ।
ਦੱਸ ਦਈਏ ਕਿ ਸਾਬਕਾ ਮੁੱਖ ਮੰਤਰੀ ਖਿਲਾਫ਼ ਆਮਦਨ ਦੇ ਸ੍ਰੋਤਾਂ ਤੋਂ ਵੱਧ ਜਾਇਦਾਦ ਮਾਮਲੇ ਦੀ ਜਾਂਚ ਵੀ ਚੱਲ ਰਹੀ ਹੈ, ਪਰ ਵਿਜੀਲੈਂਸ ਨੇ ਗੋਆ ਜ਼ਮੀਨ ਲੀਜ਼ ਮਾਮਲੇ ਵਿੱਚ ਵੀ ਸ਼ਿਕੰਜਾ ਕੱਸ ਦਿੱਤਾ ਹੈ। ਯਾਦ ਰਹੇ ਚੰਨੀ ਕੈਪਟਨ ਅਮਰਿੰਦਰ ਸਿੰਘ ਦੀ ਵਜ਼ਾਰਤ ਵਿੱਚ ਸੱਭਿਆਚਾਰਕ ਤੇ ਸੈਰ ਸਪਾਟਾ ਵਿਭਾਗ ਦੇ ਮੰਤਰੀ ਸਨ। ਮੁੱਖ ਮੰਤਰੀ ਬਣਨ ਤੋਂ ਬਾਅਦ ਵੀ ਉਨ੍ਹਾਂ ਇਹ ਵਿਭਾਗ ਆਪਣੇ ਕੋਲ ਹੀ ਰੱਖਿਆ।
ਦਰਅਸਲ ਚੰਨੀ ’ਤੇ ਸੈਰ-ਸਪਾਟਾ ਵਿਭਾਗ ਦੀ ਮਾਲਕੀ ਵਾਲੀ ਜ਼ਮੀਨ ਇੱਕ ਰਿਜ਼ੌਰਟ ਦੇ ਮਾਲਕ ਨੂੰ ਸਸਤੇ ਭਾਅ ਪਟੇ ਉਤੇ ਦੇਣ ਦੇ ਦੋਸ਼ ਹਨ। ਵਿਜੀਲੈਂਸ ਨੇ ਇਸ ਸਬੰਧੀ ਸਾਰੇ ਦਸਤਾਵੇਜ਼ ਕਬਜ਼ੇ ਵਿੱਚ ਲੈ ਲਏ ਹਨ। ਵਿਜੀਲੈਂਸ ਦੇ ਤਫ਼ਤੀਸ਼ੀ ਅਧਿਕਾਰੀ ਇਸ ਤੋਂ ਪਹਿਲਾਂ ਦੋ ਵਾਰੀ ਸਾਬਕਾ ਮੁੱਖ ਮੰਤਰੀ ਤੋਂ ਪੁੱਛਗਿੱਛ ਕਰ ਚੁੱਕੇ ਹਨ। ਵਿਜੀਲੈਂਸ ਵੱਲੋਂ ਸਾਬਕਾ ਮੁੱਖ ਮੰਤਰੀ ਤੋਂ ਅਪਰੈਲ ਮਹੀਨੇ ਪੁੱਛਗਿੱਛ ਕੀਤੀ ਗਈ ਸੀ।