05/02/2024 10:13 PM

ਸਿੱਖਿਆ ਮੰਤਰੀ ਹਰਜੋਤ ਬੈਂਸ ਦੀਆਂ ਮੁਸ਼ਕਲਾਂ ਵਧੀਆਂ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਪ੍ਰੋਫੈਸਰ ਬਲਵਿੰਦਰ ਕੌਰ ਦੀ ਖੁਦਕੁਸ਼ੀ ਨੂੰ ਲੈ ਕੇ ਸਿਆਸੀ ਪਾਰਟੀਆਂ ਤੋਂ ਬਾਅਦ ਕਿਸਾਨ ਜਥੇਬੰਦੀਆਂ ਵੀ ਹਰਜੋਤ ਬੈਂਸ ਖਿਲਾਫ ਡਟ ਗਈਆਂ ਹਨ। ਕਿਸਾਨ ਜਥੇਬੰਦੀਆਂ ਵੱਲੋਂ ਸਿੱਖਿਆ ਮੰਤਰੀ ਹਰਜੋਤ ਬੈਂਸ ਖਿਲਾਫ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ।

ਇਸ ਦੇ ਨਾਲ ਹੀ ਘਟਨਾ ਦਾ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਖ਼ੁਦਕੁਸ਼ੀ ਨੋਟ ਵਿੱਚ ਲਾਏ ਦੋਸ਼ਾਂ ਦੀ ਡੂੰਘਾਈ ਨਾਲ ਜਾਂਚ ਕਰਕੇ ਉਸ ਦੀ ਮੌਤ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਇਸੇ ਤਰ੍ਹਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਇਸ ਮਾਮਲੇ ਵਿੱਚ ਖੁਦਕੁਸ਼ੀ ਲਈ ਮਜਬੂਰ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਹਮਾਇਤ ਕੀਤੀ ਹੈ।

ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਰੁਜ਼ਗਾਰ ਖਾਤਰ ਸਿੱਖਿਆ ਮੰਤਰੀ ਦੀ ਕੋਠੀ ਅੱਗੇ 1158 ਸਹਾਇਕ ਪ੍ਰੋਫੈਸਰ ਯੂਨੀਅਨ ਦੇ ਝੰਡੇ ਹੇਠ ਦਿਨ ਰਾਤ ਦੇ ਧਰਨੇ ਵਿੱਚ ਸ਼ਾਮਲ ਪ੍ਰੋਫੈਸਰ ਬਲਵਿੰਦਰ ਕੌਰ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਸਿੱਖਿਆ ਮੰਤਰੀ ਹਰਜੋਤ ਬੈਂਸ ਵਿਰੁੱਧ ਕੇਸ ਦਰਜ ਕਰਨ ਦੀ ਮੰਗ ਕੀਤੀ ਗਈ ਹੈ।

ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਬਲਵਿੰਦਰ ਕੌਰ ਦੇ ਪਰਿਵਾਰ ਨਾਲ ਅਫਸੋਸ ਜ਼ਾਹਿਰ ਕੀਤਾ ਗਿਆ।  ਉਨ੍ਹਾਂ ਦੋਸ਼ ਲਾਇਆ ਕਿ ਬਲਵਿੰਦਰ ਕੌਰ ਦੇ ਹੱਥ ਲਿਖਤ ਖੁਦਕੁਸ਼ੀ ਨੋਟ ਵਿੱਚ ਸਿੱਖਿਆ ਮੰਤਰੀ ਬਾਰੇ ਠੋਸ ਸਬੂਤ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਕੇਸ ਦਰਜ ਕਰਨ ਤੋਂ ਟਾਲਾ ਵੱਟਿਆ ਜਾ ਰਿਹਾ ਹੈ।

ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ), ਆਲ ਇੰਡੀਆ ਕਿਸਾਨ ਫੈਡਰੇਸ਼ਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ, ਭਾਰਤੀ ਕਿਸਾਨ ਯੂਨੀਅਨ (ਮਾਨਸਾ) ਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਨੇ ਵੀ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ। ਬਲਬੀਰ ਸਿੰਘ ਰਾਜੇਵਾਲ ਤੇ ਪ੍ਰੇਮ ਸਿੰਘ ਭੰਗੂ ਨੇ ਕਿਹਾ ਕਿ ਸੁਸਾਈਡ ਨੋਟ ਅਨੁਸਾਰ ਮੰਤਰੀ ਹਰਜੀਤ ਬੈਂਸ ਖਿਲਾਫ਼ ਕੇਸ ਦਰਜ ਕਰਨਾ ਬਣਦਾ ਹੈ।