04/29/2024 5:31 PM

ਪੀੜਤ ਨੂੰ ਇਨਸਾਫ਼ ਦੇਣ ਦੀ ਬਜਾਏ ਸੀਐਮ ਭਗਵੰਤ ਚੋਣ ਪ੍ਰਚਾਰ ਨੂੰ ਦੇ ਰਹੇ ਤਰਜੀਹ

ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਖੁਦਕੁਸ਼ੀ ਪੀੜਤ ਪ੍ਰੋਫੈਸਰ ਬਲਵਿੰਦਰ ਕੌਰ ਦੇ ਪਰਿਵਾਰ ਦੀ ਅਣਦੇਖੀ ਕਰਦਿਆਂ ਚੋਣ ਪ੍ਰਚਾਰ ਲਈ ਮੱਧ ਪ੍ਰਦੇਸ਼ ਜਾਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੂੰ ਝਾੜ ਪਾਈ ਹੈ।

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਆਮ ਆਦਮੀ ਪਾਰਟੀ ਦੀ ਵਿਧਾਨ ਸਭਾ ਚੋਣ ਮੁਹਿੰਮ ਦੇ ਹਿੱਸੇ ਵਜੋਂ ਅੱਜ ਮੱਧ ਪ੍ਰਦੇਸ਼ ਦੇ ਮਹਾਰਾਜਪੁਰ, ਛਤਰਪੁਰ, ਬਿਜਾਵਰ ਅਤੇ ਬੁੰਦੇਲਖੰਡ ਵਿਖੇ ਰੋਡ ਸ਼ੋਅ ਕਰਨ ਵਾਲੇ ਸਨ।

ਉਨ੍ਹਾਂ ਕਿਹਾ ਕਿ ਖੁਦਕੁਸ਼ੀ ਪੀੜਤ ਪਰਿਵਾਰ ਅਤੇ 1158 ਸਹਾਇਕ ਪ੍ਰੋਫੈਸਰ ਫਰੰਟ ਦੀਆਂ ਮੰਗਾਂ ਵੱਲ ਧਿਆਨ ਦੇਣ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੀ ਬਜਾਏ ਪੰਜਾਬ ਦੇ ਮੁੱਖ ਮੰਤਰੀ, ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਨੇ ਮੱਧ ਪ੍ਰਦੇਸ਼ ਵਿੱਚ ਚੋਣ ਪ੍ਰਚਾਰ ਨੂੰ ਤਰਜੀਹ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਦਾ ਅਜਿਹਾ ਲਾਪਰਵਾਹੀ ਵਾਲਾ ਰਵੱਈਆ ਦਰਸਾਉਂਦਾ ਹੈ ਕਿ ਉਹ ਪੰਜਾਬ ਦੀਆਂ ਧੀਆਂ ਨਾਲ ਨਿਆਂ ਕਰਨ ਨਾਲੋਂ ਪਾਰਟੀ ਦੇ ਵਿਸਥਾਰ ਨੂੰ ਜ਼ਿਆਦਾ ਮਹੱਤਵ ਦਿੰਦੇ ਹਨ।

ਬਾਜਵਾ ਨੇ ਕਿਹਾ ਕਿ ਕਈ ਅਧਿਕਾਰ ਕਾਰਕੁਨਾਂ, ਕਿਸਾਨ ਯੂਨੀਅਨਾਂ ਅਤੇ ਸਿਆਸੀ ਪਾਰਟੀਆਂ ਨੇ ਹੁਣ ਗੰਭੀਰਪੁਰ ਪਿੰਡ ਵਿਖੇ ਧਰਨੇ ਵਾਲੀ ਥਾਂ ‘ਤੇ ਡੇਰਾ ਲਾ ਲਿਆ ਹੈ ਤਾਂ ਜੋ ਜ਼ਾਲਮ ‘ਆਪ’ ਸਰਕਾਰ ‘ਤੇ ਪੰਜਾਬ ਦੇ ਸਿੱਖਿਆ ਮੰਤਰੀ ਵਿਰੁੱਧ ਐਫਆਈਆਰ ਦਰਜ ਕਰਨ ਲਈ ਦਬਾਅ ਪਾਇਆ ਜਾ ਸਕੇ, ਜਿਸ ਦਾ ਨਾਮ ਬਲਵਿੰਦਰ ਕੌਰ ਨੇ ਖੁਦਕੁਸ਼ੀ ਨੋਟ ਵਿੱਚ ਲਿਖਿਆ ਸੀ।

ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਅਜੇ ਤੱਕ ਦੋਸ਼ੀ ਮੰਤਰੀ ਦਾ ਅਸਤੀਫਾ ਵੀ ਨਹੀਂ ਮੰਗਿਆ ਹੈ। ਆਪਣੇ ਦਾਗੀ ਮੰਤਰੀਆਂ ਅਤੇ ਵਿਧਾਇਕਾਂ ਪ੍ਰਤੀ ‘ਆਪ’ ਸਰਕਾਰ ਦੀ ਅਜਿਹਾ ਪੱਖਪਾਤ ਵਾਲਾ ਰਵਈਆ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਦੇ ਉਲਟ ਹੈ।

ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੱਤਾ ‘ਚ ਆਉਣ ਤੋਂ ਬਾਅਦ ਸੂਬੇ ਦੀ ਆਰਥਿਕਤਾ ਅਸਥਿਰ ਹੋਣ ਦੇ ਬਾਵਜੂਦ ਪੰਜਾਬ ਦੇ ਮੁੱਖ ਮੰਤਰੀ ‘ਆਪ’ ਦੀਆਂ ਚੋਣ ਮੁਹਿੰਮਾਂ ਲਈ ਸੂਬੇ ਦੇ ਸਰੋਤਾਂ ਅਤੇ ਖਜ਼ਾਨੇ ਦੀ ਦੁਰਵਰਤੋਂ ਕਰਨ ਤੋਂ ਗੁਰੇਜ਼ ਨਹੀਂ ਕਰਦੇ ਹਨ।

ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਪੰਜਾਬ ਦੇ ਟੈਕਸ ਭਰਨ ਵਾਲਿਆਂ ਦੇ ਮੋਢਿਆਂ ‘ਤੇ ਵਾਧੂ ਬੋਝ ਪਾਉਂਦੇ ਹੋਏ ਪੰਜਾਬ ਦੀ ‘ਆਪ’ ਸਰਕਾਰ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ‘ਆਪ’ ਦੀ ਦਿੱਲੀ ਲੀਡਰਸ਼ਿਪ ਨੂੰ ਚੋਣਾਂ ਵਾਲੇ ਸੂਬਿਆਂ ‘ਚ ਪਹੁੰਚਾਉਣ ਲਈ ਜਹਾਜ਼ ਕਿਰਾਏ ‘ਤੇ ਲਏ ਹਨ। ਬਾਜਵਾ ਨੇ ਪੁੱਛਿਆ ਉਹ ਅਜਿਹੀਆਂ ਗਤੀਵਿਧੀਆਂ ਲਈ ਪਾਰਟੀ ਫੰਡ ਦੀ ਵਰਤੋਂ ਕਿਉਂ ਨਹੀਂ ਕਰ ਸਕਦੀ?