ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀਆਂ ਉੱਪਰ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਨੇ ਬਗੈਰ ਕਿਸੇ ਦਾ ਨਾਂ ਲਏ ਕਿਹਾ ਹੈ ਕਿ ਪੰਜਾਬ ਵਿੱਚ ਪਹਿਲਾਂ ਇੰਡਸਟਰੀ ਆਉਂਦੀ ਸੀ, ਪਰ ਇੱਕ ਪਰਿਵਾਰ ਦੀਆਂ ਗਲਤ ਨੀਤੀਆਂ ਕਾਰਨ ਵਾਪਸ ਚਲੀ ਜਾਂਦੀ ਸੀ ਕਿਉਂਕਿ ਉਹ ਹਿੱਸਾ ਮੰਗਦੇ ਸੀ। ਹੁਣ ਇੰਡਸਟਰੀ ਆਉਂਦੀ ਹੈ ਤਾਂ ਮੈਂ ਕਹਿਣਾ ਬੇਸ਼ੱਕ ਪਲਾਂਟ ਦਾ ਯੂਨਿਟ ਇੱਕ ਹੋਰ ਵਧਾ ਲਉ ਪਰ ਮੇਰੇ ਨੌਜਵਾਨ ਮੁੰਡੇ-ਕੁੜੀਆਂ ਨੂੰ ਕੰਮ ਦਿਓ। ਨੀਅਤ ਦਾ ਫ਼ਰਕ ਹੈ ਸਿਰਫ਼!
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਟਾਟਾ ਗਰੁੱਪ ਲੁਧਿਆਣਾ ਨੇੜੇ 2600 ਕਰੋੜ ਰੁਪਏ ਦੇ ਨਿਵੇਸ਼ ਨਾਲ ਇੱਕ ਵੱਡਾ ਪ੍ਰੋਜੈਕਟ ਸਥਾਪਤ ਕਰੇਗਾ। ਜਮਸ਼ੇਦਪੁਰ ਤੋਂ ਬਾਅਦ ਟਾਟਾ ਸਟੀਲ ਦਾ ਇਹ ਸਭ ਤੋਂ ਵੱਡਾ ਨਿਵੇਸ਼ ਹੈ ਤੇ ਆਉਣ ਵਾਲੇ ਦਿਨਾਂ ਵਿੱਚ ਸੂਬੇ ਵਿੱਚ ਹੋਰ ਪ੍ਰਮੁੱਖ ਉਦਯੋਗਿਕ ਪ੍ਰੋਜੈਕਟ ਸਥਾਪਤ ਕੀਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਕੁਝ ਸਮੇਂ ਵਿੱਚ ਹੀ ਸੂਬੇ ਦੀ ਨੁਹਾਰ ਬਦਲ ਜਾਵੇਗੀ ਤੇ ਪਾਰਟੀ ਤੇ ਸਰਕਾਰ ਲੋਕਾਂ ਦੀ ਸੇਵਾ ਲਈ ਹਰ ਸਮੇਂ ਹਾਜ਼ਰ ਹੈ।
ਅਧਿਆਪਕ ਦਿਵਸ ਮੌਕੇ ਸੀਐਮ ਭਗਵੰਤ ਮਾਨ ਕਰ ਸਕਦੇ ਵੱਡਾ ਐਲਾਨ
ਪੰਜਾਬ ਸਰਕਾਰ ਅੱਜ ਪੰਜ ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਅਧਿਆਪਕ ਵਰਗ ਲਈ ਵੱਡਾ ਐਲਾਨ ਕਰ ਸਕਦੀ ਹੈ। ਅਧਿਆਪਕ ਦਿਵਸ ਨੂੰ ਸਮਰਪਿਤ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਣ ਵਾਲੇ ਸੂਬਾਈ ਸਮਾਗਮ ’ਚ ਮੁੱਖ ਮੰਤਰੀ ਭਗਵੰਤ ਮਾਨ ਇਹ ਐਲਾਨ ਕਰ ਸਕਦੇ ਹਨ। ਸੂਤਰਾਂ ਮੁਤਾਬਕ ਅਧਿਆਪਕਾਂ ਨੂੰ ਸੱਤਵੇਂ ਪੇਅ ਕਮਿਸ਼ਨ ਦੇ ਰੂਪ ’ਚ ਵੱਡਾ ਤੋਹਫ਼ਾ ਦਿੱਤਾ ਜਾ ਸਕਦਾ ਹੈ।
ਉਧਰ, ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਅੱਜ ਕੈਬਨਿਟ ਮੀਟਿੰਗ ਵੀ ਸੱਦ ਲਈ ਗਈ ਹੈ ਜਿਸ ਵਿੱਚ ਹੀ ਪੇਅ ਕਮਿਸ਼ਨ ਦੇਣ ਦੀ ਮੱਦ ’ਤੇ ਮੋਹਰ ਲਾਈ ਜਾਵੇਗੀ। ਇਸ ਫੈਸਲੇ ਦਾ ਯੂਨੀਵਰਸਿਟੀ ਤੇ ਕਾਲਜਾਂ ਦੇ ਤਕਰੀਬਨ ਸਾਢੇ ਪੰਜ ਹਜ਼ਾਰ ਰੈਗੂਲਰ ਅਧਿਆਪਕਾਂ ਨੂੰ ਲਾਭ ਹੋਵੇਗਾ। ਇਸ ਨਾਲ ਹਰ ਅਧਿਆਪਕ ਨੂੰ 20 ਤੋਂ 45 ਹਜ਼ਾਰ ਤੱਕ ਦਾ ਫਾਇਦਾ ਹੋਵੇਗਾ।