ਕੈਬਨਿਟ ਮੰਤਰੀ ਨੇ 9 ਪਿੰਡਾਂ ਵਿੱਚ 7 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਸੀਵਰੇਜ ਦੀਆਂ ਪਾਈਪਾਂ ਪਾਉਣ, ਕੰਕਰੀਟ ਦੀਆਂ ਸੜਕਾਂ ਦੇ ਨਿਰਮਾਣ, ਛੱਪੜਾਂ ਦੇ ਨਵੀਨੀਕਰਨ, ਰੇਨ ਵਾਟਰ ਹਾਰਵੈਸਟਿੰਗ ਸਿਸਟਮ ਦੇ ਨੀਂਹ ਪੱਥਰ ਰੱਖੇ
ਜਲੰਧਰ, 20 ਫਰਵਰੀ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਬਲਕਾਰ ਸਿੰਘ ਨੇ ਮੰਗਲਵਾਰ ਨੂੰ ਜ਼ਿਲ੍ਹੇ ਦੇ 9 ਪਿੰਡਾਂ ਵਿੱਚ 7 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਵਿਚਲੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੇਂਡੂ ਇਲਾਕਿਆਂ ਵਿੱਚ ਵਿਕਾਸ ਕਾਰਜਾਂ ਨੂੰ ਵਿਸ਼ੇਸ਼ ਤਵਜੋਂ ਦੇ ਰਹੀ ਹੈ। ਇਨਾਂ ਵਿਕਾਸ ਕੰਮਾਂ ਵਿੱਚ 4.5 ਕਰੋੜ ਰੁਪੈ ਦੀ ਲਾਗਤ ਨਾਲ ਸੜਕਾਂ ਦਾ ਨਵੀਨੀਕਰਨ ਤੇ ਚੌੜਾ ਕੀਤਾ ਜਾਣਾ ਵੀ ਸ਼ਾਮਿਲ ਹੈ ਕੈਬਨਿਟ ਮੰਤਰੀ ਵੱਲੋਂ ਅੱਜ ਪਿੰਡ ਬਾਜਰਾ, ਸੰਮੀਪੁਰ, ਤਰਾਰ, ਸਫੀਪੁਰ, , ਨੁੱਸੀ, ਜੱਲਾ, ਲਿੱਦੜਾਂ, ਭਤੀਜਾ ਅਤੇ ਨੌਗੱਜਾ ਵਿਖੇ ਸੀਵਰੇਜ ਦੀਆਂ ਪਾਈਪਾਂ ਪਾਉਣ, ਕੰਕਰੀਟ ਦੀਆਂ ਸੜਕਾਂ ਦੇ ਨਿਰਮਾਣ, ਛੱਪੜਾਂ ਦੇ ਨਵੀਨੀਕਰਨ, ਰੇਨ ਵਾਟਰ ਹਾਰਵੈਸਟਿੰਗ ਸਿਸਟਮ ਆਦਿ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕਾਂ ਦੀ ਸਹੂਲਤ ਨੂੰ ਤਰਜੀਹ ਦਿੰਦਿਆਂ ਇਹ ਵਿਕਾਸ ਕੰਮ ਆਰੰਭੇ ਗਏ ਹਨ, ਜਿਨ੍ਹਾਂ ਦੇ ਮੁਕੰਮਲ ਹੋਣ ਨਾਲ ਪੇਂਡੂ ਵਸੋਂ ਨੂੰ ਸਿੱਧੇ ਤੌਰ ’ਤੇ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੇ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਵਿੱਚ ਵੀ ਜੰਗੀ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦਾ ਕੋਈ ਵੀ ਖੇਤਰ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ ਕਿਉਂਕਿ ਸਰਕਾਰ ਪਾਸ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਇਸ ਮੌਕੇ ਅਧਿਕਾਰੀਆਂ ਨੂੰ ਗੁਣਵੱਤਾ ਦਾ ਪੂਰਾ ਖਿਆਲ ਰੱਖਦੇ ਹੋਏ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਦੇ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਵੀ ਦਿੱਤੇ। ਕੈਬਨਿਟ ਮੰਤਰੀ ਨੇ ਕਿਹਾ ਕਿ ਆਪ ਸਰਕਾਰ ਨੇ ਪੂਰੀ ਇਮਾਨਦਾਰੀ ਤੇ ਪਾਰਦਰਸ਼ਤਾ ਨਾਲ ਕੰਮ ਕਰਦੇ ਹੋਏ ਹਰੇਕ ਵਰਗ ਲੋਕਾਂ ਦੀ ਭਲਾਈ ਲਈ ਇਨਕਲਾਬੀ ਫੈਸਲੇ ਲਏ ਹਨ। ਪੰਜਾਬ ਸਰਕਾਰ ਨੇ ਜਿਥੇ ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਮੁਆਫੀ ਦੀ ਸਹੂਲਤ ਦਿੱਤੀ ਹੈ ਉਥੇ ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਲਈ ਸਕੂਲ ਆਫ਼ ਐਮੀਨੈਂਸ ਖੋਲ੍ਹਣ ਦੇ ਨਾਲ-ਨਾਲ ਪ੍ਰਿੰਸੀਪਲਾਂ ਤੇ ਅਧਿਆਪਕਾਂ ਨੂੰ ਟ੍ਰੇਨਿੰਗ ਲਈ ਵਿਦੇਸ਼ ਭੇਜਿਆ ਗਿਆ। ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸੂਬੇ ਦੇ ਲੋਕਾਂ ਨੂੰ ਪਵਿੱਤਰ ਧਾਰਮਿਕ ਸਥਾਨਾਂ ਦੀ ਮੁਫ਼ਤ ਯਾਤਰਾ ਦਾ ਲਾਭ ਦਿੱਤਾ ਜਾ ਰਿਹਾ ਹੈ। ਲੋਕਾਂ ਨੂੰ ਘਰ ਬੈਠੇ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਲਈ ਹੈਲਪ ਲਾਈਨ ਨੰਬਰ 1076 ਸ਼ੁਰੂ ਕੀਤੀ ਗਈ ਅਤੇ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਉਪਰਾਲੇ ਤਹਿਤ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਸਰਕਾਰੀ ਸੇਵਾਵਾਂ ਦਾ ਲਾਭ ਦਿੱਤਾ ਜਾ ਰਿਹਾ ਹੈ। ਇਸ ਮੌਕੇ ਉਨਾਂ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਨਾਲ ਗੱਲਬਾਤ ਕਰਕੇ ਦਰਪੇ਼ਸ਼ ਮੁ਼ਸ਼ਕਿਲਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਤੇ ਅਧਿਕਾਰੀਆਂ ਨੂੰ ਉਨਾਂ ਦੇ ਤੁਰੰਤ ਹੱਲ ਕਰਨ ਦੇ ਨਿਰਦੇ਼ਸ਼ ਵੀ ਜਾਰੀ ਕੀਤੇ। ਇਸ ਮੌਕੇ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ ।