05/08/2024 6:28 AM

‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਲਾਏ ਜਾ ਰਹੇ ਵਿਸ਼ੇਸ਼ ਕੈਂਪਾਂ ਨੂੰ ਪੰਜਾਬ ਭਰ ’ਚ ਭਰਵਾਂ ਹੁੰਗਾਰਾ : ਬਲਕਾਰ ਸਿੰਘ

ਕੈਬਨਿਟ ਮੰਤਰੀ ਵੱਲੋਂ ਹਲਕਾ ਕਰਤਾਰਪੁਰ ’ਚ ਲਾਏ ਕੈਂਪਾਂ ਦਾ ਦੌਰਾ

ਕੈਂਪਾਂ ਦੌਰਾਨ ਸੇਵਾਵਾਂ ਸਬੰਧੀ ਮੌਕੇ ‘ਤੇ ਪ੍ਰਵਾਨਗੀ ਉਪਰੰਤ ਲਾਭਪਾਤਰੀਆਂ ਨੂੰ ਵੰਡੇ ਦਸਤਾਵੇਜ਼

ਕਰਤਾਰਪੁਰ (ਜਲੰਧਰ), 21 ਫਰਵਰੀ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ.ਬਲਕਾਰ ਸਿੰਘ ਨੇ ਅੱਜ ਕਿਹਾ ਕਿ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਉਪਰਾਲੇ ਨੂੰ ਸੂਬੇ ਭਰ ਵਿੱਚ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਵੱਡੀ ਗਿਣਤੀ ਲੋਕ ਇਨ੍ਹਾਂ ਕੈਂਪਾਂ ਵਿੱਚ ਮੌਕੇ ’ਤੇ ਨਾਗਰਿਕ ਸੇਵਾਵਾਂ ਦਾ ਲਾਭ ਪ੍ਰਾਪਤ ਕਰ ਰਹੇ ਹਨ।
ਕੈਬਨਿਟ ਮੰਤਰੀ ਵੱਲੋਂ ਅੱਜ ਰੰਧਾਵਾ ਮਸੰਦਾ, ਨੌਗੱਜਾ ਅਤੇ ਕਰਤਾਰਪੁਰ ਵਿਖੇ ਲਗਾਏ ਗਏ ਕੈਂਪਾਂ ਦਾ ਦੌਰਾ ਕੀਤਾ ਗਿਆ, ਜਿੱਥੇ ਉਨ੍ਹਾਂ ਨੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਇਸ ਉਪਰਾਲੇ ਸਬੰਧੀ ਉਨ੍ਹਾਂ ਦੀ ਪ੍ਰਤੀਕਿਰਿਆ ਹਾਸਲ ਕੀਤੀ।
ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਲੋਕਾਂ ਨੂੰ ਬਰੂਹਾਂ ’ਤੇ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਲਈ ਮਿਸਾਲੀ ਫੈਸਲਾ ਲਿਆ ਹੈ, ਜਿਸ ਤਹਿਤ ਸੂਬੇ ਵਿੱਚ ‘ਆਪ ਦੀ ਸਰਕਾਰ, ‘ਆਪ ਦੇ ਦੁਆਰ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 900 ਦੇ ਕਰੀਬ ਅਜਿਹੇ ਕੈਂਪ ਲਗਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਬਿਨੈਕਾਰ 44 ਦੇ ਕਰੀਬ ਵੱਖ-ਵੱਖ ਨਾਗਰਿਕ ਸੇਵਾਵਾਂ ਦਾ ਮੌਕੇ ‘ਤੇ ਹੀ ਲਾਭ ਲੈ ਰਹੇ ਹਨ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨਜ਼ਦੀਕ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸੇ ਵਚਨਬੱਧਤਾ ਤਹਿਤ ਸਰਕਾਰ ਵੱਲੋਂ ਹੈਲਪਲਾਈਨ 1076 ਸੇਵਾ ਵੀ ਸ਼ੁਰੂ ਕੀਤੀ ਗਈ ਹੈ, ਜਿਸ ਰਾਹੀਂ ਲੋਕ ਘਰ ਬੈਠੇ ਹੀ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ।
ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰੀ ਸੇਵਾਵਾਂ ਦਾ ਲਾਭ ਯੋਗ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਕੋਈ ਵੀ ਯੋਗ ਵਿਅਕਤੀ ਨਾਗਰਿਕ ਸੇਵਾਵਾਂ ਦੇ ਲਾਭ ਲੈਣ ਤੋਂ ਵਾਂਝਾ ਨਾ ਰਹੇ।
ਇਸ ਦੌਰਾਨ ਕੈਬਨਿਟ ਮੰਤਰੀ ਨੇ ਲੋਕਾਂ ਦੀਆਂ ਸ਼ਿਕਾਇਤਾਂ ਵੀ ਸੁਣੀਆਂ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਦਾ ਜਲਦ ਤੋਂ ਜਲਦ ਹੱਲ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।
ਜ਼ਿਕਰਯੋਗ ਹੈ ਕਿ ਕੈਂਪਾਂ ਦੌਰਾਨ ਲੋਕਾਂ ਵੱਲੋਂ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਵਜ਼ੀਫੇ, ਰਿਹਾਇਸ਼ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਪੈਨਸ਼ਨ, ਬਿਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਸਰਟੀਫਿਕੇਟ ਦੀਆਂ ਕਾਪੀਆਂ, ਦਸਤਾਵੇਜ਼ਾਂ ਦੀਆਂ ਤਸਦੀਕਸ਼ੁਦਾ ਕਾਪੀਆਂ, ਪੇਂਡੂ ਇਲਾਕਾ ਸਰਟੀਫਿਕੇਟ, ਫਰਦ ਕਢਵਾਉਣੀ, ਆਸ਼ੀਰਵਾਦ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਐਨ.ਆਰ.ਆਈ. ਦੇ ਸਰਟੀਫਿਕੇਟਾਂ ਦੇ ਕਾਊਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਊਂਟਰ ਦਸਤਖ਼ਤ, ਮੌਤ ਸਰਟੀਫਿਕੇਟ ’ਚ ਤਬਦੀਲੀ ਆਦਿ ਸੇਵਾਵਾਂ ਦਾ ਲਾਭ ਲਿਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਵੀ ਕੀਤੀ।

ਕੈਪਸ਼ਨ- ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਬਲਕਾਰ ਸਿੰਘ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਉਪਰਾਲੇ ਤਹਿਤ ਹਲਕਾ ਕਰਤਾਰਪੁਰ ਵਿੱਚ ਲਾਏ ਕੈਂਪਾਂ ਦਾ ਦੌਰਾ ਕਰਦੇ ਹੋਏ।