04/21/2024 1:03 PM

ਸੰਸਦ ਮੈਂਬਰ ,ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਸਿਵਲ ਹਸਪਤਾਲ ਵਿਖੇ ਲੋੜਵੰਦਾਂ ਲਈ ਮੁਫ਼ਤ ਖਾਣੇ ਦੀ ਸ਼ੁਰੂਆਤ

ਲੋਕਾਂ ਨੂੰ ਪੌਸ਼ਟਿਕ ਖਾਣਾ ਮੁਹੱਈਆ ਕਰਵਾਉਣ ’ਚ ਹੋਵੇਗਾ ਸਹਾਈ

ਜਲੰਧਰ (EN) 22 ਫ਼ਰਵਰੀ ਸਿਵਲ ਹਸਪਤਾਲ ਜਲੰਧਰ ਵਿਖੇ ਇਲਾਜ ਲਈ ਆਉਣ ਵਾਲੇ ਲੋੜਵੰਦ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਦਿਆਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਵਲੋਂ ਅੱਜ ਹਸਪਤਾਲ ਦੇ ਅੰਦਰ ਲੋਕਾਂ ਲਈ ਮੁਫ਼ਤ ਖਾਣੇ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਬੋਲਦਿਆਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਮੁਫ਼ਤ ਖਾਣੇ ਦੀ ਸ਼ੁਰੂਆਤ ਨਾਲ ਲੋੜਵੰਦ ਲੋਕਾਂ ਨੂੰ ਪੌਸ਼ਟਿਕ ਖਾਣਾ ਮਿਲਣ ਵਿੱਚ ਮਦਦ ਕਰੇਗੀ।  ਉਨ੍ਹਾਂ ਜ਼ਿਕਰ ਕੀਤਾ ਕਿ ਓਮ ਆਸ਼ਾ ਚੈਰੀਟੇਬਲ ਟਰੱਸਟ ਵਲੋਂ ਇਹ ਸੇਵਾ ਨਿਭਾਈ ਜਾ ਰਹੀ ਹੈ ਜਿਸ ਤਹਿਤ ਲੋਕਾਂ ਨੂੰ ਬਿਨ੍ਹਾਂ ਕਿਸੇ ਪੈਸੇ ਦੇ ਮੁਫ਼ਤ ਖਾਣਾ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਵਲੋਂ ਇਥੇ ਮੁਹੱਈਆ ਕਰਵਾਏ ਜਾ ਰਹੇ ਖਾਣੇ ਦੀ ਗੁਣਵੱਤਾ ’ਤੇ ਤਸੱਲੀ ਦਾ ਵੀ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲੋੜਵੰਦ ਲੋਕਾਂ ਲਈ ਪੂਰੇ ਹਫ਼ਤੇ ਮੁਫ਼ਤ ਖਾਣੇ ਦੀ ਸਹੂਲਤ ਜਾਰੀ ਰਹੇਗੀ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਪ੍ਰਸ਼ਾਸਨ ਵਲੋਂ ਇਸ ਪਹਿਲ ਤਹਿਤ ਐਨ.ਜੀ.ਓ. ਨਾਲ ਸਮਝੌਤਾ ਕੀਤਾ ਗਿਆ ਹੈ ਅਤੇ ਐਨ.ਜੀ.ਓ ਦੇ ਮੁਖੀ ਹਵੇਲੀ ਗਰੁੱਪ ਦੇ ਸਤੀਸ਼ ਜੈਨ ਦੀ ਇਸ ਨੇਕ ਕਾਜ ਲਈ ਭਰਪੂਰ ਸ਼ਲਾਘਾ ਕੀਤੀ ਗਈ। ਉਨ੍ਹਾਂ ਕਿਹਾ ਕਿ ਮਨੁੱਖਤਾ ਦੀ ਸੇਵਾ ਹੀ ਸਭ ਤੋਂ ਉਤੱਮ ਸੇਵਾ ਹੈ। ਉਨ੍ਹਾਂ ਹੋਰਨਾਂ ਐਨ.ਜੀ.ਓਜ਼ ਨੂੰ ਵੀ ਅਪੀਲ ਕੀਤੀ ਕਿ ਲੋੜਵੰਦ ਤੇ ਗਰੀਬ ਲੋਕਾਂ ਦੀ ਸਹਾਇਤਾ ਲਈ ਨੇਕ ਕਾਜ ਵਿੱਚ ਵੱਧ ਚੜ੍ਹ ਕੇ ਅੱਗੇ ਆਉਣ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਨੇਕ ਕਾਜ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਐਸ.ਡੀ.ਐਮ. ਡਾ.ਜੈ ਇੰਦਰ ਸਿੰਘ, ਬਲਬੀਰ ਰਾਜ ਸਿੰਘ ਅਤੇ ਹੋਰ ਵੀ ਹਾਜ਼ਰ ਸਨ।