05/02/2024 1:57 PM

ਸੰਸਦ ਮੈਂਬਰ, ਵਿਧਾਇਕ ਤੇ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਮਨੁੱਖਤਾ ਦੇ ਭਲੇ ਲਈ ਕਾਰਜ ਕਰਨ ਦਾ ਸੱਦਾ

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦਾ ਸ਼ੁਭ ਆਰੰਭ

ਸ਼ਰਧਾਲੂਆਂ ਨੂੰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੱਤੀ

ਜਲੰਧਰ(EN) 23 ਫਰਵਰੀ ਸ੍ਰੀ ਗੁਰੂ ਰਵਿਦਾਸ ਜੀ ਦੇ 24 ਫਰਵਰੀ ਨੂੰ ਮਨਾਏ ਜਾ ਰਹੇ 647ਵੇਂ ਪ੍ਰਕਾਸ਼ ਪੁਰਬ ਸਬੰਧੀ ਅੱਜ ਸ਼ਹਿਰ ਵਿੱਚ ਸਜਾਈ ਗਈ ਵਿਸ਼ਾਲ ਸ਼ੋਭਾ ਯਾਤਰਾ ਵਿੱਚ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਵਿਧਾਇਕ ਸ਼ੀਤਲ ਅੰਗੁਰਾਲ ਅਤੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਸ਼ਿਰਕਤ ਕਰਦਿਆਂ ਲੋਕਾਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਮਨੁੱਖਤਾ ਦੀ ਭਲਾਈ ਲਈ ਕਾਰਜ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਲੋਕ ਸਭਾ ਮੈਂਬਰ ਨੇ ਸ਼ਰਧਾਲੂਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸੰਸਾਰ ਨੂੰ ਸਮੁੱਚੀ ਲੋਕਾਈ ਦੇ ਭਲੇ ਦਾ ਮਾਰਗ ਦਿਖਾਇਆ ਹੈ ਉਨ੍ਹਾਂ ਕਿਹਾ ਕਿ ਗੁਰੂ ਜੀ ਦੀ ਬਾਣੀ ਅੱਜ ਵੀ ਸਾਡਾ ਰਾਹ ਰੁਸ਼ਨਾਉਂਦੀ ਹੈ, ਜਿਸ ਤੋਂ ਪ੍ਰੇਰਨਾ ਲੈ ਕੇ ਸਾਨੂੰ ਸਮਾਜ ਦੀ ਭਲਾਈ ਤੇ ਹਰ ਵਰਗ ਨੂੰ ਨਾਲ ਲੈ ਕੇ ਚੱਲਦਿਆਂ ਸੂਬੇ ਅਤੇ ਦੇਸ਼ ਨੂੰ ਤਰੱਕੀ ਦੀਆਂ ਬੁਲੰਦੀਆਂ ’ਤੇ ਲਿਜਾਣ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਸੰਸਦ ਮੈਂਬਰ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਪਵਿੱਤਰ ਬਾਣੀ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ ਅਤੇ ਉਨ੍ਹਾਂ ਦੇ ਉਪਦੇਸ਼ਾਂ ਤੋਂ ਮਾਰਗ ਦਰਸ਼ਨ ਲੈਂਦਿਆਂ ਪੰਜਾਬ ਸਰਕਾਰ ਵੱਲੋਂ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ। ਵਿਧਾਇਕ ਸ਼ੀਤਲ ਅੰਗੁਰਾਲ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅੱਜ ਦੇ ਸਮੇਂ ਵਿੱਚ ਵੀ ਪੂਰੀ ਤਰ੍ਹਾਂ ਸਾਰਥਕ ਹਨ। ਉਨ੍ਹਾਂ ਹਰੇਕ ਨੂੰ ਗੁਰੂ ਜੀ ਵੱਲੋਂ ਦਿੱਤੇ ਆਪਸੀ ਪਿਆਰ, ਦਇਆ ਅਤੇ ਬਰਾਬਰੀ ਦੇ ਉਪਦੇਸ਼ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਦਾ ਸੱਦਾ ਦਿੱਤਾ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਜੀਵਨ ਅਤੇ ਫਲਸਫਾ ਸਾਨੂੰ ਬਰਾਬਰੀ ਵਾਲੇ ਆਦਰਸ਼ ਸਮਾਜ ਦੀ ਸਿਰਜਣਾ ਦਾ ਸੁਨੇਹਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪਵਿੱਤਰ ਸਮਾਗਮ ਲੋਕਾਂ ਨੂੰ ਜਾਤ-ਪਾਤ, ਰੰਗ, ਨਸਲ, ਧਰਮ ਦੇ ਭੇਦਭਾਵ ਤੋਂ ਉਪਰ ਉੱਠ ਕੇ ਮਨਾਉਣੇ ਚਾਹੀਦੇ ਹਨ।ਉਨਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ੋਭਾ ਯਾਤਰਾ ਵਿੱਚ ਸੰਗਤ ਲਈ ਸੁਰੱਖਿਆ , ਆਵਾਜਾਈ, ਪੀਣ ਵਾਲੇ ਪਾਣੀ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਸੰਗਤ ਵੱਧ ਚੜਕੇ ਸ਼ੋਭਾ ਯਾਤਰਾ ਵਿੱਚ ਭਾਗ ਲੈ ਸਕੇ। ਇਸ ਮੌਕੇ ਪੰਜਾਬ ਕੰਟੇਨਰ ਅਤੇ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਡੀ ਸੀ ਪੀ ਅੰਕੁਰ ਗੁਪਤਾ ਵੀ ਮੌਜੂਦ ਸਨ।

ਕੈਪਸ਼ਨ- ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਵਿਧਾਇਕ ਸ਼ੀਤਲ ਅੰਗੁਰਾਲ ਅਤੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਜਾਈ ਗਈ ਸ਼ੋਭਾ ਯਾਤਰਾ ਵਿੱਚ ਸ਼ਿਰਕਤ ਕਰਨ ਮੌਕੇ।