ਜਲੰਧਰ, 11 ਮਾਰਚ (EN) ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਤੇ ਵਿਧਾਇਕ ਸ਼ੀਤਲ ਅੰਗੁਰਾਲ ਵਲੋਂ ਅੱਜ ਬਾਬੂ ਜਗਜੀਵਨ ਰਾਮ ਚੌਕ ਵਿਖੇ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਵਿਖੇ ਲਗਭਗ 10 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ। ਇਸ ਮੌਕੇ ਉਨਾਂ ਦੇ ਨਾਲ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਪਾਲ ਸਿੰਘ ਵੀ ਮੌਜੂਦ ਸਨ। ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਵਿਖੇ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਮੌਕੇ ਲੋਕਾਂ ਨਾਲ ਰੂਬਰੂ ਹੁੰਦਿਆਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸੂਬੇ ਦੀ ਖੁਸ਼ਹਾਲੀ ਅਤੇ ਲੋਕਾਂ ਦੇ ਜੀਵਨ ਪੱਧਰ ਨੂੰ ਉਚਾ ਚੁੱਕਣ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ। ਸੰਸਦ ਮੈਂਬਰ ਤੇ ਵਿਧਾਇਕ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਵਿੱਚ ਲੋਕਾਂ ਦੀ ਸਹੂਲਤ ਲਈ 24 ਟਿਊਬਵੈਲਾਂ, ਚੌਕਾਂ ਤੇ ਪਾਰਕਾਂ ਦੇ ਸੁੰਦਰੀਕਰਨ, ਨਵੀਆਂ ਸੜਕਾਂ ਬਣਾਉਣ ਅਤੇ ਮੁਰੰਮਤ ਤੇ 02 ਅਤਿ ਆਧੁਨਿਕ ਕੰਪਿਊਟਰ ਲਾਈਬ੍ਰੇਰੀਆਂ ਦੇ ਵਿਕਾਸ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਪ੍ਰੋਜੈਕਟ ਮੁਕੰਮਲ ਹੋਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਸ਼ੁਰੂ ਕੀਤੇ ਗਏ ਇਨ੍ਹਾਂ ਪ੍ਰਾਜੈਕਟਾਂ ਨੂੰ ਗੁਣਵੱਤਾ ਅਨੁਸਾਰ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਉਨਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਆਰਥਿਕ ਪਖੋਂ ਮਜ਼ਬੂਤ ਬਣਾਉਣ ਲਈ ‘ਸਰਕਾਰ-ਵਪਾਰ ਮਿਲਣੀ’ ਪ੍ਰੋਗਰਾਮ ਤਹਿਤ ਸੂਬੇ ਦੇ ਉਦਯੋਗਪਤੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਮੌਕੇ ’ਤੇ ਹੱਲ ਕਰਕੇ ਉਨਾਂ ਨੂੰ ਆਪਣਾ ਕਾਰੋਬਾਰ ਕਰਨ ਲਈ ਸੁਖਾਵਾਂ ਮਾਹੌਲ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੂਰਾਲ ਨੇ ਦੱਸਿਆ ਕਿ ਹਲਕੇ ਵਿੱਚ ਜੰਗੀ ਪੱਧਰ ’ਤੇ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਨਾਲ ਹਲਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਨੂੰ ਵਿਕਾਸ ਪਖੋਂ ਸੂਬੇ ਦਾ ਨਮੂਨੇ ਦਾ ਹਲਕਾ ਬਣਾਉਣ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ।