ਜਲੰਧਰ, 21 ਮਾਰਚ (EN) ਨੌਜਵਾਨ ਵੋਟਰਾਂ ਵਿੱਚ ਵੋਟ ਦੇ ਅਧਿਕਾਰ ਪ੍ਰਤੀ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਦੇ ਮਕਸਦ ਨਾਲ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਪ੍ਰੋਗਰਾਮ ਤਹਿਤ ਅੱਜ ਜਲੰਧਰ ਦੀਆਂ ਵਿਦਿਅਕ ਸੰਸਥਾਵਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਮੁਹਿੰਮ ਤਹਿਤ ਸਕੂਲਾਂ, ਕਾਲਜਾਂ ਵਿੱਚ ਕੈਂਪਸ ਅੰਬੈਸਡਰਾਂ ਵੱਲੋਂ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦਾ ਸੰਦੇਸ਼ ਦਿੱਤਾ ਗਿਆ ਤਾਂ ਜੋ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਜਾਗਰੂਕ ਕੀਤਾ ਜਾ ਸਕੇ। ਕੈਂਪਸ ਅੰਬੈਸਡਰਾਂ ਨੇ ਹੱਥਾਂ ਵਿੱਚ ਸਲੋਗਨਾਂ ਵਾਲੇ ਪੋਸਟਰ ਫੜ ਕੇ ਨੌਜਵਾਨਾਂ ਨੂੰ ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿੱਚ ਆਪਣੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੀ ਦੇਸ਼ ਵਿੱਚ 70 ਫੀਸਦੀ ਤੋਂ ਵੱਧ ਪੋਲਿੰਗ ਹਾਸਲ ਕਰਨ ਦਾ ਮਿਸ਼ਨ ਸ਼ੁਰੂ ਕੀਤਾ ਗਿਆ ਹੈ। ਇਸ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਵਿਦਿਆਰਥੀਆਂ ਨੂੰ ਆਪਣੇ ਘਰਾਂ ਤੇ ਸੁਸਾਇਟੀਆਂ ਵਿੱਚ ਜਾ ਕੇ ਜਾਗਰੂਕਤਾ ਪੈਦਾ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ।
ਇਸ ਤੋਂ ਪਹਿਲਾਂ ਨੌਜਵਾਨਾਂ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਦੀ ਸਹੁੰ ਵੀ ਚੁਕਾਈ ਗਈ।