ਉਪਰਾਲੇ ਦਾ ਉਦੇਸ਼ ਅਗਾਮੀ ਲੋਕ ਸਭਾ ਚੋਣਾਂ ’ਚ ਵੋਟਰਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਉਣਾ
ਜਲੰਧਰ, 26 ਮਾਰਚ : ਅਗਾਮੀ ਲੋਕ ਸਭਾ ਚੋਣ ਦੇ ਮੱਦੇਨਜ਼ਰ ਨੌਜਵਾਨਾਂ ਵਿੱਚ ਵੋਟਰ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਅਤੇ ਜਲੰਧਰ ਲੋਕ ਹਲਕੇ ਵਿੱਚ 70 ਫੀਸਦੀ ਵੋਟਿੰਗ ਦੇ ਟੀਚੇ ਨੂੰ ਪਾਰ ਕਰਨ ਦੇ ਮੰਤਵ ਨਾਲ ਉੱਚ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਵੱਲੋਂ ਦਿਲਖਿੱਚਵੇਂ ਸੈਲਫੀ ਪੁਆਇੰਟ ਤਿਆਰ ਕੀਤੇ ਗਏ ਹਨ।
ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਪ੍ਰੋਗਰਾਮ ਤਹਿਤ ਸ਼ੁਰੂ ਕੀਤੀ ਗਈ ਇਸ ਪਹਿਲਕਦਮੀ ਦਾ ਉਦੇਸ਼ ਨੌਜਵਾਨ ਵੋਟਰਾਂ ਨੂੰ ਉਨ੍ਹਾਂ ਦੇ ਜਮਹੂਰੀ ਅਧਿਕਾਰ ਬਾਰੇ ਜਾਗਰੂਕ ਅਤੇ ਸਿੱਖਿਅਤ ਕਰਨਾ ਹੈ।
ਵਿਦਿਆਰਥੀਆਂ ਵੱਲੋਂ ਆਪਣੀ ਰਚਨਾਤਮਕਤਾ ਨਾਲ ਸ਼ਿੰਗਾਰੇ ਗਏ ਇਹ ਸੈਲਫੀ ਪੁਆਇੰਟ ਨਾਗਰਿਕ ਜ਼ਿੰਮੇਵਾਰੀ ਅਤੇ ਚੋਣ ਭਾਗੀਦਾਰੀ ਨੂੰ ਦਰਸਾਉਂਦੇ ਹਨ।
ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਇਨ੍ਹਾਂ ਆਕਰਸ਼ਕ ਸਥਾਨਾਂ ’ਤੇ ਸੈਲਫੀ ਲੈਣ ਦੇ ਮੌਕੇ ਦਾ ਭਰਵਾਂ ਸਵਾਗਤ ਕੀਤਾ, ਜਿਸ ਸਦਕਾ ਲੋਕਤੰਤਰੀ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਸ਼ਾਮਲ ਹੋਣ ਦੀ ਭਾਵਨਾ ਨੂੰ ਉਤਸ਼ਾਹ ਮਿਲੇਗਾ।
ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਵਿੱਚ ਚਲਾਈ ਜਾ ਰਹੀ ਇਸ ਜਾਗਰੂਕਤਾ ਮੁਹਿੰਮ ਦਾ ਮੰਤਵ ਵੋਟਰਾਂ ਖਾਸ ਕਰ ਨੌਜਵਾਨਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਅਤੇ ਦੇਸ਼ ਦੇ ਲੋਕਤੰਤਰ ਦੀ ਮਜ਼ਬੂਤੀ ਵਿੱਚ ਯੋਗਦਾਨ ਪਾਉਣ ਦੇ ਸਮਰੱਥ ਬਣਾਉਣਾ ਹੈ।
ਵਿੱਦਿਅਕ ਸੰਸਥਾਵਾਂ ਆਦਿ ਦੇ ਸਹਿਯੋਗ ਨਾਲ ਜ਼ਿਲ੍ਹਾ ਜਲੰਧਰ ਦਾ ਟੀਚਾ ਆਉਣ ਵਾਲੀਆਂ ਚੋਣਾਂ ਵਿੱਚ ਰਿਕਾਰਡ ਤੋੜ ਵੋਟਿੰਗ ਹਾਸਲ ਕਰਨਾ ਹੈ। ਜ਼ਿਕਰਯੋਗ ਹੈ ਕਿ ਜਲੰਧਰ ਪ੍ਰਸ਼ਾਸਨ ਵੱਲੋਂ ਇਸ ਕਾਰਜ ਨੂੰ ਹੋਰ ਉਤਸ਼ਾਹਿਤ ਕਰਨ ਲਈ ਕਈ ਗਤੀਵਿਧੀਆਂ ਵੀ ਉਲੀਕੀਆਂ ਗਈਆਂ ਹਨ।