05/11/2024 4:06 PM

ਜਲੰਧਰ ਪੁਲਿਸ ਨੇ ਨਜਾਇਜ਼ ਸਬੰਧਾਂ ਦੇ ਸ਼ੱਕ ‘ਚ ਪਤਨੀ ਦੀ ਹੱਤਿਆ ਕਰਨ ਵਾਲੇ ਪਤੀ ਨੂੰ ਕੀਤਾ ਗ੍ਰਿਫਤਾਰ 

ਜਲੰਧਰ (EN) ਅਪ੍ਰੈਲ- ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇਕ ਔਰਤ ਦੇ ਪਤੀ ਵਲੋਂ ਉਸ ਦੇ ਨਜ਼ਾਇਜ਼ ਸਬੰਧਾਂ ਦੇ ਸ਼ੱਕ ਵਿਚ ਕੀਤੇ ਕਤਲ ਦੇ ਮਾਮਲੇ ਨੂੰ ਸੁਲਝਾ ਲਿਆ ਹੈ। ਵੇਰਵਿਆਂ ਦਾ ਖੁਲਾਸਾ ਕਰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ 1 ਅਪ੍ਰੈਲ, 2024 ਨੂੰ ਪੁਲਿਸ ਨੂੰ ਸੂਚਿਤ ਕੀਤਾ ਗਿਆ ਸੀ ਕਿ ਇੱਕ ਪਰਿਵਾਰਕ ਝਗੜੇ ਦੌਰਾਨ ਇੱਕ ਔਰਤ ਜ਼ਖਮੀ ਹੋ ਗਈ ਸੀ ਅਤੇ ਉਸਨੂੰ ਸਿਵਲ ਹਸਪਤਾਲ ਜਲੰਧਰ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਅਮਰਜੀਤ ਸਿੰਘ ਅਤੇ ਰਸ਼ਪਾਲ ਕੌਰ ਵਿਆਹੁਤਾ ਜੋੜੇ ਸਨ ਅਤੇ ਅਮਰਜੀਤ ਸਿੰਘ ਨੂੰ ਉਸ ਦੀ ਪਤਨੀ ਦੇ ਨਜ਼ਾਇਜ਼ ਸਬੰਧ ਹੋਣ ਦੇ ਸ਼ੱਕ ਦੇ ਕਾਰਨ ਕੁਝ ਗਲਤਫਹਿਮੀਆਂ ਸਨ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਇਸ ਕਾਰਨ ਉਨ੍ਹਾਂ ਵਿਚਕਾਰ ਲੜਾਈ ਹੋਈ, ਜਿਸ ਦੇ ਸਿੱਟੇ ਵਜੋਂ ਅਪਰਾਧਿਕ ਘਟਨਾ ਵਾਪਰੀ।

ਪੁਲੀਸ ਕਮਿਸ਼ਨਰ ਨੇ ਦੱਸਿਆ ਕਿ 1 ਅਪਰੈਲ ਨੂੰ ਤਕਰਾਰ ਦੌਰਾਨ ਅਮਰਜੀਤ ਸਿੰਘ ਨੇ ਰਸ਼ਪਾਲ ਕੌਰ ਦੇ ਸਿਰ ’ਤੇ ਲੋਹੇ ਦੇ ਬਰਤਨ ਨਾਲ ਵਾਰ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਈ। ਉਨ੍ਹਾਂ ਦੱਸਿਆ ਕਿ ਰਸ਼ਪਾਲ ਕੌਰ ਨੂੰ ਉਸ ਦੇ ਪਰਿਵਾਰ ਵੱਲੋਂ ਸਿਵਲ ਹਸਪਤਾਲ ਜਲੰਧਰ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੇ ਤਫ਼ਤੀਸ਼ ਦੇ ਆਧਾਰ ‘ਤੇ ਅਮਰਜੀਤ ਸਿੰਘ ਪੁੱਤਰ ਬਨਾਰਸੀ ਦਾਸ ਵਾਸੀ ਨੰਬਰ 2ਏ ਨਹਿਰੀ ਕਾਲੋਨੀ ਕਪੂਰਥਲਾ ਰੋਡ ਜਲੰਧਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਉਸਦੇ ਖਿਲਾਫ ਥਾਣਾ ਬਸਤੀ ਬਾਵਾ ਖੇਲ ਜਲੰਧਰ ਵਿਖੇ ਐਫਆਈਆਰ 64 ਮਿਤੀ 01-04-2024 ਅਧੀਨ 302 ਆਈ.ਪੀ.ਸੀ. ਉਨ੍ਹਾਂ ਦੱਸਿਆ ਕਿ ਵਾਰਦਾਤ ਵਿੱਚ ਵਰਤੀ ਗਈ ਲੋਹੇ ਦਾ ਬਰਤਨ ਪੁਲੀਸ ਨੇ ਬਰਾਮਦ ਕਰ ਲਈ ਹੈ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।