05/03/2024 1:03 PM

ਡਿਪਟੀ ਕਮਿਸ਼ਨਰ ਵੱਲੋਂ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ ਕਿਹਾ ਬਾਬਾ ਸਾਹਿਬ ਵੱਲੋਂ ਗਰੀਬ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਕੀਤਾ ਗਿਆ ਸੰਘਰਸ਼ ਲੋਕਾਂ ਨੂੰ ਸਮਾਜ ਤੇ ਦੇਸ਼ ਦੀ ਨਿਰਸਵਾਰਥ ਸੇਵਾ ਲਈ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ

ਜਲੰਧਰ 14 ਅਪ੍ਰੈਲ (EN) ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਜੀ ਦੇ ਅੱਜ ਜਨਮ ਦਿਵਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਉਨ੍ਹਾਂ ਦੇ ਬੁੱਤ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਬਾ ਸਾਹਿਬ ਮਹਾਨ ਵਿਦਵਾਨ, ਕਾਨੂੰਨਦਾਨ, ਅਰਥ ਸ਼ਾਸਤਰੀ, ਰਾਜਨੀਤੀਵਾਨ, ਸਮਾਜ ਸੁਧਾਰਕ ਅਤੇ ਦੂਰ ਅੰਦੇਸ਼ ਆਗੂ ਸਨ, ਜਿਨ੍ਹਾਂ ਨੇ ਸਮਾਜ ਦੇ ਗਰੀਬ ਅਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਅਣਥੱਕ ਯਤਨ ਕੀਤੇ ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਜੀ ਵੱਲੋਂ ਗਰੀਬ, ਮਜ਼ਲੂਮ ਅਤੇ ਦਬੇ-ਕੁਚਲੇ ਲੋਕਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਕੀਤਾ ਗਿਆ ਸੰਘਰਸ਼ ਮਿਸਾਲ ਹੈ, ਜੋ ਲੋਕਾਂ ਨੂੰ ਸਮਾਜ ਅਤੇ ਦੇਸ਼ ਦੀ ਨਿਰਸਵਾਰਥ ਸੇਵਾ ਲਈ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਨੇ ਸੰਵਿਧਾਨ ਦੀ ਰਚਨਾ ਕਰਕੇ ਦੇਸ਼ ਦੀ ਤਰੱਕੀ ਲਈ ਰਾਹ ਖੋਲ੍ਹਣ ਵਿੱਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਵੱਲੋਂ ਰਚੇ ਸੰਵਿਧਾਨ ਸਦਕਾ ਦੇਸ਼ ਦੇ ਹਰ ਵਰਗ ਨੂੰ ਅੱਗੇ ਵਧਣ ਦਾ ਬਰਾਬਰ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਡਾ. ਅੰਬੇਡਕਰ ਜੀ ਦੀ ਸਖ਼ਤ ਮਿਹਨਤ, ਲਗਨ ਅਤੇ ਦੂਰ ਅੰਦੇਸ਼ੀ ਸੋਚ ਨਤੀਜਾ ਹੈ। ਉਨ੍ਹਾਂ ਕਿਹਾ ਕਿ ਅਜੋਕੇ ਭਾਰਤ ਦੇ ਨਿਰਮਾਣ ਵਿੱਚ ਡਾ. ਬੀ.ਆਰ.ਅੰਬੇਡਕਰ ਜੀ ਵੱਲੋਂ ਪਾਏ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡਾ. ਬੀ.ਆਰ. ਅੰਬੇਡਕਰ ਜੀ ਦੇ ਸਿਧਾਂਤ ਸਮੁੱਚੇ ਲੋਕਾਂ ਲਈ ਚਾਨਣ ਮੁਨਾਰੇ ਵਾਂਗ ਹਨ। ਉਪਰੰਤ ਜੁਆਇੰਟ ਪੁਲਿਸ ਕਮਿਸ਼ਨਰ ਸੰਦੀਪ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਡਾ. ਅਮਿਤ ਮਹਾਜਨ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਐਸ.ਡੀ.ਐਮ. ਬਲਬੀਰ ਰਾਜ ਸਿੰਘ ਅਤੇ ਹੋਰ ਅਧਿਕਾਰੀਆਂ ਵੱਲੋਂ ਵੀ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।