07/13/2024 8:55 PM

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਬੱਸਾਂ ਦੀ ਚੈਕਿੰਗ ਦੇ ਨਿਰਦੇਸ਼ ਵਿਸ਼ੇਸ਼ ਮੁਹਿੰਮ ਚਲਾਉਣ ਲਈ ਕਿਹਾ, ਰੋਜ਼ਾਨਾ ਦੇ ਆਧਾਰ ’ਤੇ ਕਾਰਵਾਈ ਰਿਪੋਰਟ ਭੇਜਣ ਦੀਆਂ ਹਦਾਇਤਾਂ

ਜਲੰਧਰ, 15 ਅਪ੍ਰੈਲ (EN) ਸਕੂਲੀ ਬੱਸਾਂ ਵਿੱਚ ਸਫ਼ਰ ਕਰਦੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਵਧੀਕ ਡਿਪਟੀ ਕਮਿਸ਼ਨਰ (ਜ) ਅਤੇ ਸਕੱਤਰ ਆਰ.ਟੀ.ਏ. ਮੇਜਰ ਡਾ. ਅਮਿਤ ਮਹਾਜਨ ਨੇ ਅੱਜ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਕੂਲੀ ਬੱਸਾਂ ਦੀ ਚੈਕਿੰਗ ਕਰਨ ਦੇ ਨਿਰਦੇਸ਼ ਦਿੱਤੇ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਕੂਲੀ ਬੱਸਾਂ ਕੋਲ ਫਿਟਨੈੱਸ ਸਰਟੀਫਿਕੇਟ ਹੋਣਾ ਚਾਹੀਦਾ ਹੈ। ਬੱਸ ਵਿੱਚ ਉਸਦੀ ਰਜਿਸਟਰਡ ਸਿਟਿੰਗ ਸਮਰੱਥਾਂ ਤੋਂ ਜ਼ਿਆਦਾ ਬੱਚੇ ਨਾ ਬਿਠਾਏ ਹੋਣ। ਬੱਸ ਚਾਲਕ ਕੋਲ ਵੈਧ ਲਾਇਸੈਂਸ ਹੋਣਾ ਚਾਹੀਦਾ ਹੈ ਅਤੇ ਬੱਸ ਵਿੱਚ ਸਪੀਡ ਗਵਰਨਰ ਚਾਲੂ ਹਾਲਤ ਵਿੱਚ ਲੱਗਿਆ ਹੋਵੇ। ਉਨ੍ਹਾਂ ‘ਸੇਫ ਸਕੂਲ ਵਾਹਨ ਸਕੀਮ’ ਦੀ ਇੰਨ-ਬਿੰਨ ਪਾਲਣਾ ਨੂੰ ਵੀ ਯਕੀਨੀ ਬਣਾਉਣ ਲਈ ਕਿਹਾ। ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਉਕਤ ਨੁਕਤਿਆਂ ਦੀ ਉਲੰਘਣਾਂ ਪਾਏ ਜਾਣ ’ਤੇ ਸਕੂਲ ਬੱਸ ਦਾ ਚਲਾਨ, ਬੱਸ ਨੂੰ ਜ਼ਬਤ ਕਰਨ ਸਮੇਤ ਬਣਦੀ ਕਾਨੂੰਨ ਕਾਰਵਾਈ ਅਮਲ ਵਿੱਚ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਟਰਾਂਸਪੋਰਟ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਦੇ ਸ਼ਹਿਰੀ ਤੇ ਪੇਂਡੂ ਖੇਤਰਾਂ ਦੇ ਸਕੂਲਾਂ ਵਿਚਲੀਆਂ ਬੱਸਾਂ ਦੀ ਚੈਕਿੰਗ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ ਅਤੇ ਇਸ ਸਬੰਧੀ ਰੋਜ਼ਾਨਾ ਦੇ ਆਧਾਰ ’ਤੇ ਕਾਰਵਾਈ ਰਿਪੋਰਟ ਭੇਜਣੀ ਯਕੀਨੀ ਬਣਾਈ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਸਮੂਹ ਐਸ.ਡੀ.ਐਮਜ਼ ਨੂੰ ਵੀ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਸਕੂਲੀ ਬੱਸਾਂ ਦੀ ਨਿਯਮਤ ਚੈਕਿੰਗ ਅਤੇ ਨਿਯਮਾਂ ਦੀ ਉਲੰਘਣਾ ਪਾਏ ਜਾਣ ’ਤੇ ਚਲਾਨ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨਾਲ ਤਾਲਮੇਲ ਕਰਕੇ ਸਕੂਲਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਕਰਵਾਉਣ ਵੀ ਲਈ ਕਿਹਾ।ਇਸ ਮੌਕੇ ਰਿਜ਼ਨਲ ਟਰਾਂਸਪੋਰਟ ਅਫ਼ਸਰ ਅਮਨਪ੍ਰੀਤ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਜੈ ਭਾਰਤੀ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।