ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਇੱਕ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੇਲ੍ਹ ਪੁੱਜੇ ਹਨ। ਉਨ੍ਹਾਂ ਨਾਲ ਰਾਜ ਸਭਾ ਮੈਂਬਰ ਸੰਦੀਪ ਪਾਠਕ ਵੀ ਮੌਜੂਦ ਹਨ। ਇਹ ਮੀਟਿੰਗ ਕਰੀਬ ਅੱਧਾ ਘੰਟਾ ਚੱਲੇਗੀ। ਮੀਟਿੰਗ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਮੀਡੀਆ ਨਾਲ ਮੁਲਾਕਾਤ ਕਰਨਗੇ।
ਇਸ ਮੁਲਾਕਾਤ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਕਿਉਂਕਿ ਇਸ ਮੀਟਿੰਗ ਵਿੱਚ ਹੀ ਲੋਕ ਸਭਾ ਚੋਣਾਂ ਸਬੰਧੀ ਰਣਨੀਤੀ ਬਣਾਈ ਜਾਣੀ ਹੈ। ਇਹ ਮੀਟਿੰਗ ਸਖ਼ਤ ਸੁਰੱਖਿਆ ਹੇਠ ਹੋ ਰਹੀ ਹੈ। ਮੀਟਿੰਗ ਦੌਰਾਨ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਜਾਣ ਨੂੰ ਲੈ ਕੇ ਪੰਜਾਬ ਅਤੇ ਦਿੱਲੀ ਪੁਲਿਸ ਅਤੇ ਤਿਹਾੜ ਜੇਲ੍ਹ ਪ੍ਰਸ਼ਾਸਨ ਵਿਚਾਲੇ ਮੀਟਿੰਗ ਹੋਈ।CM ਮਾਨ ਅਤੇ ਅਰਵਿੰਦ ਕੇਜਰੀਵਾਲ ਵਿਚਕਾਰ ਕੋਈ ਆਹਮੋ-ਸਾਹਮਣੇ ਨਹੀਂ ਹੋਵੇਗੀ। ਅਰਵਿੰਦ ਕੇਜਰੀਵਾਲ 21 ਮਾਰਚ ਤੋਂ ਜੇਲ੍ਹ ਵਿੱਚ ਹਨ। ਜੇਲ੍ਹ ਵਿੱਚ ਸਿਰਫ਼ ਉਨ੍ਹਾਂ ਦੇ ਵਕੀਲ ਅਤੇ ਪਤਨੀ ਸੁਨੀਤਾ ਕੇਜਰੀਵਾਲ ਨੂੰ ਹੀ ਮਿਲਣ ਦੀ ਇਜਾਜ਼ਤ ਹੈ। ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਭਗਵੰਤ ਮਾਨ ਪਾਰਟੀ ਦਾ ਸਭ ਤੋਂ ਵੱਡਾ ਚਿਹਰਾ ਹੈ। ਉਹ ਅਸਾਮ ਵਿੱਚ 2 ਦਿਨਾਂ ਲਈ ਚੋਣ ਪ੍ਰਚਾਰ ਕਰਕੇ ਵਾਪਸ ਆਏ ਹਨ।