ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ 11 ਵਜੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਜਾਣਗੇ ਇਸ ਦੇ ਲਈ ਕੈਪਟਨ ਅਮਰਿੰਦਰ ਸਿੰਘ ਐਤਵਾਰ ਨੂੰ ਹੀ ਦਿੱਲੀ ਪਹੁੰਚ ਗਏ ਸੀ। ਉਨ੍ਹਾਂ ਦੇ ਨਾਲ ਬੇਟਾ ਰਣਇੰਦਰ ਸਿੰਘ, ਬੇਟੀ ਜੈ ਇੰਦਰ ਕੌਰ ਹਨ। ਇਸ ਤੋਂ ਇਲਾਵਾ ਉਨ੍ਹਾਂ ਨਾਲ ਸ੍ਰੀ ਮੁਕਤਸਰ ਸਾਹਿਬ ਤੋਂ ਸਾਬਕਾ ਵਿਧਾਇਕ ਕਰਣ ਕੌਰ, ਭਦੌੜ ਤੋਂ ਸਾਬਕਾ ਵਿਧਾਇਕ ਨਿਰਮਲ ਸਿੰਘ ਵੀ ਸ਼ਾਮਲ ਹੋ ਰਹੇ ਹਨ। ਇਸ ਵੀ ਕਿਆਸਰਾਈਆਂ ਹਨ ਕਿ ਇਨ੍ਹਾਂ ਤੋਂ ਇਲਾਵਾ 6 ਤੋਂ 7 ਸਾਬਕਾ ਵਿਧਾਇਕ ਵੀ ਕੈਪਟਨ ਅਮਰਿੰਦਰ ਸਿੰਘ ਨਾਲ ਭਾਜਪਾ ਵਿੱਚ ਸ਼ਾਮਲ ਹੋਣਗੇ। ਅੱਜ ਅਧਿਕਾਰਕ ਤੌਰ ਤੇ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਭਾਰਤੀ ਜਨਤਾ ਪਾਰਟੀ ਨਾਲ ਰਲੇਵਾਂ ਹੋਣ ਜਾ ਰਿਹਾ ਹੈ।
ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਤੋਂ ਦੋ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ ਪਰ ਹੁਣ ਸਵਾਲ ਇਹ ਉੱਠ ਰਿਹਾ ਹੈ ਕਿ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਦੀ ਕੀ ਭੂਮਿਕਾ ਹੋਵੇਗੀ। ਕਪਤਾਨ ਇਸ ਸਮੇਂ 80 ਸਾਲ ਦੇ ਹਨ। ਜਦੋਂਕਿ ਭਾਜਪਾ 75 ਤੋਂ ਉਪਰ ਦੇ ਆਗੂਆਂ ਨੂੰ ਟਿਕਟ ਨਹੀਂ ਦਿੰਦੀ। ਅਜਿਹੇ ‘ਚ ਕਪਤਾਨ ਲਈ ਰਾਹ ਥੋੜ੍ਹਾ ਮੁਸ਼ਕਿਲ ਹੋ ਸਕਦਾ ਹੈ। ਭਾਵੇਂ ਧੀ ਜੈ ਇੰਦਰ ਕੌਰ ਉਨ੍ਹਾਂ ਦਾ ਸਿਆਸੀ ਕੰਮ ਸੰਭਾਲਦੀ ਹੈ। ਪੰਜਾਬ ਚੋਣਾਂ ਵਿੱਚ ਉਨ੍ਹਾਂ ਦੀ ਭੂਮਿਕਾ ਪਹਿਲੀ ਕਤਾਰ ਵਿੱਚ ਸੀ। ਅਜਿਹੇ ‘ਚ ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਬੇਟੀ ਨੂੰ ਵੀ ਅਹਿਮ ਰੋਲ ਮਿਲ ਸਕਦਾ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਦਾ ਅਹੁੱਦਾ ਛੱਡਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਵੱਖਰੀ ਪਾਰਟੀ ਪੰਜਾਬ ਲੋਕ ਕਾਂਗਰਸ ਬਣਾਈ ਸੀ। ਉਨ੍ਹਾਂ 2022 ਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵੀ ਲੜੀਆਂ ਸਨ ਪਰ ਉਨ੍ਹਾਂ ਨੂੰ ਇੱਕ ਵੀ ਸੀਟ ਨਹੀਂ ਮਿਲੀ ਸੀ ਤੇ ਕੈਪਟਨ ਅਮਰਿੰਦਰ ਸਿੰਘ ਖੁਦ ਵੀ ਹਾਰ ਗਏ ਸਨ। ਉਸ ਸਮੇਂ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਨੇ ਭਾਜਪਾ ਨਾਲ ਤਾਲਮੇਲ ਕਰਕੇ ਟਿਕਟਾਂ ਦੀ ਵੰਡ ਵਿੱਚ ਅਹਿਮ ਭੂਮਿਕਾ ਨਿਭਾਈ ਸੀ।
ਦੱਸ ਦਈਏ ਕਿ ਸਭ ਤੋਂ ਪਹਿਲਾਂ ਕਾਂਗਰਸ ਦੇ ਵਿਧਾਇਕ ਰਹੇ ਫਤਿਹਜੰਗ ਬਾਜਵਾ ਅਤੇ ਰਾਣਾ ਗੁਰਮੀਤ ਸੋਢੀ ਚੋਣਾਂ ਤੋਂ ਪਹਿਲਾਂ ਭਾਜਪਾ ‘ਚ ਸ਼ਾਮਲ ਹੋ ਗਏ ਸਨ। ਚੋਣਾਂ ਤੋਂ ਬਾਅਦ ਕਾਂਗਰਸ ਦੇ ਸੀਨੀਅਰ ਆਗੂ ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਰਹੇ ਸੁਨੀਲ ਜਾਖੜ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਇਸ ਤੋਂ ਬਾਅਦ ਕਾਂਗਰਸ ਦੇ ਸਾਬਕਾ ਮੰਤਰੀ ਗੁਰਪ੍ਰੀਤ ਕਾਂਗੜ, ਸ਼ਾਮ ਸੁੰਦਰ ਅਰੋੜਾ, ਰਾਜਕੁਮਾਰ ਵੇਰਕਾ ਅਤੇ ਬਲਬੀਰ ਸਿੱਧੂ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ।