ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਬਾਰੇ ਨਿੱਤ ਨਵੇਂ ਖੁਲਾਸੇ ਹੋ ਰਹੇ ਹਨ। ਪੁਲਿਸ ਵੱਲੋਂ ਕੀਤੀ ਜਾ ਰਹੀ ਤਹਿਕੀਕਾਤ ਵਿੱਚ ਪਤਾ ਲੱਗਾ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਲਈ ਪਹਿਲਾਂ ਵੀ ਕਈ ਕੋਸ਼ਿਸ਼ਾਂ ਹੋਈਆਂ ਸੀ। ਗੈਂਗਸਟਰ ਪੂਰੀ ਤਿਆਰੀ ਕਰਕੇ ਆਉਂਦੇ ਰਹੇ ਪਰ ਉਨ੍ਹਾਂ ਨੂੰ ਨਿਰਾਸ਼ ਹੀ ਪਰਤਣਾ ਪੈਂਦਾ ਰਿਹਾ।
ਦਰਅਸਲ ਗੈਂਗਸਟਰ ਮਨਪ੍ਰੀਤ ਸਿੰਘ ਉਰਫ਼ ਮਨੀ ਰਈਆ ਤੇ ਮਨਦੀਪ ਸਿੰਘ ਉਰਫ਼ ਤੂਫਾਨ ਨੇ ਪੁਲਿਸ ਕੋਲ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੇ ਕਤਲ ਲਈ ਪਹਿਲਾਂ ਵੀ ਕੋਸ਼ਿਸ਼ਾਂ ਕੀਤੀਆਂ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਦੀ ਹੱਤਿਆ ਕਰਨ ਦੇ ਇਰਾਦੇ ਨਾਲ ਘੱਟੋ-ਘੱਟ ਤਿੰਨ ਵਾਰ ਉਸ ਦੇ ਐਨ ਨੇੜੇ ਪਹੁੰਚ ਗਏ ਸਨ, ਪਰ ਭਾਰੀ ਸੁਰੱਖਿਆ ਘੇਰਾ ਦੇਖ ਕੇ ਉਹ ਪਿੱਛੇ ਹਟਣ ਲਈ ਮਜਬੂਰ ਹੋਏ ਸਨ।
ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਮਾਨਸਾ ਪੁਲਿਸ ਨੂੰ ਸ਼ਨਿੱਚਰਵਾਰ ਉਕਤ ਦੋਵਾਂ ਗੈਂਗਸਟਰਾਂ ਦਾ ਸੱਤ ਦਿਨਾਂ ਦਾ ਰਿਮਾਂਡ ਮਿਲਿਆ ਸੀ। ਇਨ੍ਹਾਂ ਕੋਲੋਂ ਰਾਜਪੁਰਾ ’ਚ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਪੁਲਿਸ ਅਨੁਸਾਰ, ਮਨੀ ਰਈਆ ਤੇ ਤੂਫਾਨ ਵੱਲੋਂ ਸਿੱਧੂ ਮੂਸੇਵਾਲਾ ਨੂੰ ਮਾਰਨ ਦੀਆਂ ਕੋਸ਼ਿਸ਼ਾਂ ਨਾਕਾਮ ਹੋਣ ਮਗਰੋਂ ਬਿਸ਼ਨੋਈ ਗੈਂਗ ਨੇ ਉਸ ਨੂੰ ਕਤਲ ਕਰਨ ਦੀ ਯੋਜਨਾ ਬਣਾਈ।
ਉਨ੍ਹਾਂ ਨੇ ਛੇ ਨਿਸ਼ਾਨੇਬਾਜ਼ਾਂ ਦੇ ਦੋ ਹੋਰ ਗੈਂਗ ਇਕੱਠੇ ਕੀਤੇ ਤੇ ਉਨ੍ਹਾਂ ਨੂੰ ਅਤਿ ਆਧੁਨਿਕ ਹਥਿਆਰਾਂ ਨਾਲ ਲੈਸ ਕੀਤਾ। ਇਨ੍ਹਾਂ ਧੜਿਆਂ ’ਚੋਂ ਇੱਕ ਪੰਜਾਬ ਤੇ ਇੱਕ ਹਰਿਆਣਾ ਨਾਲ ਸਬੰਧਤ ਹੈ। ਜਾਂਚ ਅਧਿਕਾਰੀ ਨੇ ਕਿਹਾ ਕਿ ਮੂਸੇਵਾਲਾ ਦੇ ਕਤਲ ਤੋਂ ਪਹਿਲਾਂ ਰਈਆ ਤੇ ਤੂਫਾਨ ਘੱਟੋ-ਘੱਟ ਤਿੰਨ ਵਾਰ ਮਾਨਸਾ ’ਚ ਰਹੇ। ਮਈ ਦੇ ਅਖੀਰਲੇ ਦਿਨਾਂ ਵਿੱਚ ਉਹ ਵੱਖਰੇ ਤੌਰ ’ਤੇ ਵੀ ਮਾਨਸਾ ਤੱਕ ਗਏ ਸਨ, ਪਰ ਕਤਲ ਤੋਂ ਇਕ ਦਿਨ ਪਹਿਲਾਂ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਨੇ ਉਨ੍ਹਾਂ ਨੂੰ ਕਾਰਵਾਈ ਤੋਂ ਬਾਹਰ ਕੱਢ ਦਿੱਤਾ ਸੀ।