ਕੈਨੇਡਾ ਸਰਕਾਰ ਵੱਲੋਂ ਭਾਰਤੀ ਵਿਦਿਆਰਥੀਆਂ ਸਮੇਤ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਨਵਾਂ ਨਿਯਮ ਬਣਾਇਆ ਹੈ। ਇਸ ਨਿਯਮ ਤਹਿਤ ਹੁਣ ਅੰਤਰਰਾਸ਼ਟਰੀ ਵਿਦਿਆਰਥੀ ਹਫ਼ਤੇ ਵਿਚ ਸਿਰਫ 24 ਘੰਟੇ ਕਾਲਜ ਕੈਂਪਸ ਤੋਂ ਬਾਹਰ ਕੰਮ ਕਰ ਸਕਦੇ ਹਨ। ਪਹਿਲਾਂ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ 20 ਘੰਟਿਆਂ ਤੋਂ ਵੱਧ ਸਮੇਂ ਲਈ ਕੈਂਪਸ ਤੋਂ ਬਾਹਰ ਕੰਮ ਕਰਨ ਦੀ ਇਜਾਜ਼ਤ ਸੀ। ਇਹ ਨਿਯਮ ਸਤੰਬਰ ਤੋਂ ਲਾਗੂ ਹੋ ਜਾਵੇਗਾ।
ਇਮੀਗ੍ਰੇਸ਼ਨ, ਸ਼ਰਨਾਰਥੀ ਅਤੇ ਨਾਗਰਿਕਤਾ ਮੰਤਰੀ ਮਾਰਕ ਮਿਲਰ ਨੇ ਸੋਮਵਾਰ ਨੂੰ ਇੱਕ ਪ੍ਰੈਸ ਬਿਆਨ ਵਿੱਚ ਕਿਹਾ, ਵਿਦਿਆਰਥੀਆਂ ਨੂੰ ਕੈਂਪਸ ਤੋਂ ਬਾਹਰ ਹਫ਼ਤੇ ਵਿੱਚ 20 ਘੰਟੇ ਤੋਂ ਵੱਧ ਕੰਮ ਕਰਨ ਦੀ ਇਜਾਜ਼ਤ ਦੇਣ ਵਾਲੀ ਅਸਥਾਈ ਨੀਤੀ 30 ਅਪ੍ਰੈਲ, 2024 ਨੂੰ ਖ਼ਤਮ ਹੋ ਜਾਵੇਗੀ ਅਤੇ ਇਸ ਨੂੰ ਅੱਗੇ ਨਹੀਂ ਵਧਾਇਆ ਜਾਵੇਗਾ। ਉਨ੍ਹਾਂ ਆਖਿਆ ਕਿ ਸਾਡਾ ਉਦੇਸ਼ ਵਿਦਿਆਰਥੀਆਂ ਦੇ ਕੈਂਪਸ ਤੋਂ ਬਾਹਰ ਕੰਮ ਕਰਨ ਦੇ ਘੰਟਿਆਂ ਦੀ ਗਿਣਤੀ ਨੂੰ ਹਫ਼ਤੇ ਵਿੱਚ 24 ਘੰਟੇ ਤੱਕ ਲਿਆਉਣਾ ਹੈ ਤਾਂ ਜੋ ਉਹ ਆਪਣੀ ਪੜ੍ਹਾਈ ਵੱਲ ਜ਼ਿਆਦਾ ਧਿਆਨ ਕੇਂਦਰਤ ਕਰ ਸਕਣ।
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਨੇ ਕੋਵਿਡ-19 ਮਹਾਮਾਰੀ ਦੌਰਾਨ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਕੰਮ ਦੇ ਘੰਟਿਆਂ ਦੀ 20 ਘੰਟੇ ਦੀ ਸੀਮਾ ਅਸਥਾਈ ਤੌਰ ਤੇ ਮੁਆਫ਼ ਕਰ ਦਿੱਤੀ ਸੀ ਤਾਂ ਜੋ ਦੇਸ਼ ਨੂੰ ਦਰਪੇਸ਼ ਮਜ਼ਦੂਰਾਂ ਦੀ ਕਮੀ ਨੂੰ ਦੂਰ ਕੀਤਾ ਜਾ ਸਕੇ। ਗੌਰਤਲਬ ਹੈ ਕਿ ਕੈਨੇਡਾ ਭਾਰਤੀ ਵਿਦਿਆਰਥੀਆਂ ਲਈ ਸਭ ਤੋਂ ਵੱਧ ਪੰਸਦੀਦਾ ਥਾਵਾਂ ਵਿੱਚੋਂ ਇੱਕ ਹੈ। ਕੈਨੇਡੀਅਨ ਬਿਊਰੋ ਫਾਰ ਇੰਟਰਨੈਸ਼ਨਲ ਐਜੂਕੇਸ਼ਨ (CBIE) ਦੀ 2022 ਦੀ ਰਿਪੋਰਟ ਅਨੁਸਾਰ ਕੈਨੇਡਾ ਵਿੱਚ 3,19,130 ਭਾਰਤੀ ਵਿਦਿਆਰਥੀ ਸਨ। ਕੈਨੇਡਾ ਵਿੱਚ ਸਥਿਤ ਕਾਲਜਾਂ ਅਤੇ ਯੂਨੀਵਰਸਿਟੀਆਂ ਦੋਵਾਂ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਵਿੱਚ ਜ਼ਿਆਦਾਤਰ ਸੀਟਾਂ ਭਾਰਤੀਆਂ ਕੋਲ ਹਨ।