06/23/2024 1:48 AM

ਸੰਤ ਕਰਤਾਰ ਸਿੰਘ ਭਿੰਡਰਾਂਵਾਲੇ ਦੇ ਭਤੀਜੇ ਦਾ ਕਤਲ, ਇਲਾਕੇ ‘ਚ ਫੈਲੀ ਦਹਿਸ਼ਤ

ਬਟਾਲਾ ਤੋਂ ਦਮਦਮੀ ਟਕਸਾਲ ਦੇ 13ਵੇਂ ਮੁਖੀ ਸੰਤ ਕਰਤਾਰ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਭਤੀਜੇ ਅਤੇ ਸੰਤ ਸਮਾਜ ਦੇ ਮੁੱਖ ਬੁਲਾਰੇ ਭਾਈ ਬਲਵਿੰਦਰ ਸਿੰਘ ਖਾਲਸਾ ਦੇ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਬਟਾਲਾ ਪੁਲਿਸ ਅਧੀਨ ਪੈਂਦੇ ਕਸਬਾ ਘੁਮਾਣ ਦੇ ਨਜ਼ਦੀਕ ਗੁਰਦੁਆਰਾ ਗੁਰੂ ਰਾਮਦਾਸ ਸਾਹਿਬ ਜੀ ਅਠਵਾਲ ਪੁਲ ‘ਤੇ ਬੀਤੀ ਰਾਤ ਬਲਵਿੰਦਰ ਸਿੰਘ ਖਾਲਸਾ ਦਾ ਕਤਲ ਕਰ ਦਿੱਤਾ ਗਿਆ। ਉਨ੍ਹਾਂ ਦੀ ਮ੍ਰਿਤਕ ਦੇਹ ਗੁਰਦੁਆਰਾ ਕੰਪਲੈਕਸ ਵਿਚ ਖੂਨ ਨਾਲ ਲੱਖਪੱਥ ਮਿਲੀ। ਕਤਲ ਤੋਂ ਬਾਅਦ ਪੂਰੇ ਇਲਾਕੇ ‘ਚ ਸਨਸਨੀ ਫੈਲ ਗਈ।

ਜ਼ਿਕਰਯੋਗ ਹੈ ਕਿ ਭਾਈ ਬਲਵਿੰਦਰ ਸਿੰਘ ਖਾਲਸਾ ਬਟਾਲਾ ਦੇ ਕਸਬਾ ਘੁਮਾਣ ਨੇੜੇ ਗੁਰਦੁਆਰਾ ਗੁਰੂ ਰਾਮਦਾਸ ਸਾਹਿਬ ਦੇ ਮੁਖੀ ਸਨ ਅਤੇ ਗੁਰਦੁਆਰਾ ਸਾਹਿਬ ਵਿੱਚ ਸੇਵਾ-ਸੰਭਾਲ ਕਰਦੇ ਸਨ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਰਿਹਾਇਸ਼ ਗੁਰਦੁਆਰਾ ਸਾਹਿਬ ਦੇ ਕੋਲ ਸੀ ਜਿੱਥੇ ਦੇਰ ਰਾਤ ਘਰ ਦੇ ਅੰਦਰ ਹੀ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ। ਮੌਕੇ ‘ਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।