05/17/2024 12:05 PM

ਬੰਦੀ ਸਿੰਘਾਂ ਦੀ ਰਿਹਾਈ ਲਈ ਚੋਣਾਂ ਤੋਂ ਬਾਅਦ ਸੰਘਰਸ਼ ਆਰੰਭਿਆ ਜਾਵੇਗਾ- ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਗੁਰਦਾਸਪੁਰ (EN) ਬੰਦੀ ਸਿੰਘਾਂ ਦੀ ਰਿਹਾਈ ਅਤੇ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀਆਂ ਦਾ ਇਨਸਾਫ ਲੈਣ ਲਈ ਚੰਡੀਗੜ੍ਹ ਅਤੇ ਮੋਹਾਲੀ ਦੀਆਂ ਬਰੂਹਾਂ ਤੇ 7 ਜਨਵਰੀ 2023 ਤੋਂ ਲਗਾਏ ਗਏ ਕੌਮੀ ਇਨਸਾਫ ਮੋਰਚੇ ਵਿੱਚ ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਪਾਰਟੀ ਵੱਲੋਂ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਆਪਣੇ ਸਾਥੀਆਂ ਸਮੇਤ ਉਚੇਚੇ ਤੌਰ ਤੇ ਸ਼ਿਰਕਤ ਕੀਤੀ। ਓਥੇ ਇੱਕਠ ਨੂੰ ਸੰਬੋਧਨ ਕਰਦਿਆਂ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁਨੀਆ ਭਰ ਵਿਚ ਵਿਸ਼ਵ ਪੱਧਰ ਤੇ ਮਨਾਏ ਗਏ ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੇ ਸਿੱਖ ਕੌਮ ਨੂੰ ਇਹ ਵਿਸ਼ਵਾਸ ਦਵਾਇਆ ਸੀ ਕਿ 2024 ਦੀਆਂ ਚੋਣਾਂ ਤੋਂ ਪਹਿਲਾਂ ਬੰਦੀ ਸਿੰਘਾਂ ਨੂੰ ਰਿਹਾ ਕਰ ਦਿੱਤਾ ਜਾਵੇਗਾ, ਪਰ ਉਹਨਾਂ ਨੇ ਆਪਣੇ ਵਾਅਦਾ ਨੂੰ ਨਹੀਂ ਨਿਭਾਇਆ, ਇਸ ਲਈ 2024 ਦੀਆਂ ਚੋਣਾਂ ਤੋਂ ਬਾਅਦ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ ਮੋਰਚਾ ਅਤੇ ਬੇਗਮਪੁਰਾ ਖਾਲਸਾ ਰਾਜ ਪਾਰਟੀ ਵੱਲੋਂ ਹਮਖਿਆਲੀ ਪੰਥਕ ਧਿਰਾਂ ਨਾਲ ਮਿਲ ਕੇ ਵੱਡਾ ਸੰਘਰਸ਼ ਅਰੰਭਿਆ ਜਾਵੇਗਾ। ਇਸ ਮੌਕੇ ਤੇ ਮੋਰਚੇ ਦੇ ਪ੍ਰਬੰਧਕ ਇੰਦਰਬੀਰ ਸਿੰਘ, ਗਿਆਨੀ ਦਵਿੰਦਰ ਸਿੰਘ, ਬਾਬਾ ਗੁਰਮੇਜ ਸਿੰਘ ਦਾਬਾਂਵਾਲ, ਇੰਸਪੈਕਟਰ ਨਿਰਮਲ ਸਿੰਘ, ਜਤਿੰਦਰ ਸਿੰਘ, ਨਿਰਮਲ ਸਿੰਘ ਸਾਗਰਪੁਰ, ਸੁਖਦੇਵ ਸਿੰਘ ਕਨਸਾਲਾ, ਫਤਿਹਵੀਰ ਸਿੰਘ, ਦਿਲਪ੍ਰੀਤ ਸਿੰਘ, ਸਰਬਜੀਤ ਸਿੰਘ, ਰਵਿੰਦਰ ਸਿੰਘ ਰੰਧਾਵਾ ਸਮੇਤ ਭਾਰੀ ਗਿਣਤੀ ਵਿਚ ਲੋਕ ਹਾਜ਼ਿਰ ਸਨ।