ਜਲੰਧਰ, 9 ਮਈ (EN) ਲੋਕ ਸਭਾ ਚੋਣਾਂ-2024 ਦੌਰਾਨ ਵੋਟਰਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਭਰ ਵਿੱਚ ਚਲਾਈ ਜਾ ਰਹੀ ਵੋਟਰ ਜਾਗਰੂਕਤਾ ਮੁਹਿੰਮ ਵਿੱਚ ਵਿਦਿਆਰਥੀਆਂ ਵੱਲੋਂ ਵੱਧ-ਚੜ੍ਹ ਕੇ ਭਾਗ ਲਿਆ ਜਾ ਰਿਹਾ ਹੈ। ਸਵੀਪ ਪ੍ਰੋਗਰਾਮ ਤਹਿਤ ਕੀਤੀਆਂ ਜਾ ਰਹੀਆਂ ਜਾਗਰੂਕਤਾ ਸਰਗਰਮੀਆਂ ਤਹਿਤ ਅੱਜ ਜਲੰਧਰ ਪਬਲਿਕ ਸਕੂਲ ਲੋਹੀਆਂ ਦੇ ਵਿਦਿਆਰਥੀਆਂ ਵੱਲੋਂ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਦੌਰਾਨ ਸਕੂਲੀ ਬੱਚਿਆਂ ਨੇ ਵੱਖ-ਵੱਖ ਥਾਵਾਂ ਤੋਂ ਗੁਜ਼ਰਦਿਆਂ ਵੋਟਰਾਂ ਨੂੰ 1 ਜੂਨ ਨੂੰ ਵੋਟਾਂ ਵਾਲੇ ਦਿਨ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਦਾ ਸੱਦਾ ਦਿੱਤਾ। ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਲਾਰ ਵਿਖੇ ਭਾਸ਼ਣ ਗਤੀਵਿਧੀ ਕਰਵਾਈ ਗਈ , ਜਿਸ ਦੌਰਾਨ ਸਵੀਪ ਟੀਮ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਵੋਟ ਦੇ ਹੱਕ ਦੀ ਮਹੱਤਤਾ ਤੋਂ ਜਾਣੂ ਕਰਵਾਉਂਦਿਆਂ ਉਨ੍ਹਾਂ ਨੂੰ ਆਪਣੇ ਮਾਪਿਆਂ, ਰਿਸ਼ਤੇਦਾਰਾਂ, ਸਨੇਹੀਆਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨ ਲਈ ਉਤਸ਼ਾਹਿਤ ਕੀਤਾ। ਇਸ ਤੋਂ ਇਲਾਵਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਹਿਤਪੁਰ, ਸਰਕਾਰੀ ਸਕੂਲ ਨਵਾਂ ਪਿੰਡ ਟੁਰਨਾ ਵਿਖੇ ਵੋਟਰ ਪ੍ਰਣ ਕਰਵਾਇਆ ਗਿਆ ਅਤੇ ਨਾਲ ਹੀ ਵਿਦਿਆਰਥੀਆਂ ਨੂੰ ਆਪਣੇ ਆਸ-ਪਾਸ ਦੇ ਲੋਕਾਂ, ਸੁਸਾਇਟੀਆਂ ਵਿੱਚ ਵੋਟਰ ਜਾਗਰੂਕਤਾ ਦਾ ਸੁਨੇਹਾ ਪਹੁੰਚਾਉਣ ਲਈ ਉਤਸ਼ਾਹਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਲੋਕ ਸਭਾ ਹਲਕਾ ਜਲੰਧਰ ਲਈ 70 ਫੀਸਦੀ ਤੋਂ ਵੱਧ ਵੋਟਿੰਗ ਦੇ ਟੀਚੇ ਨੂੰ ਹਾਸਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਵੱਡੇ ਪੱਧਰ ’ਤੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।