07/27/2024 8:27 AM

ਜਲੰਧਰ ਪ੍ਰਸ਼ਾਸਨ ਦੀ ਨਿਵੇਕਲੀ ਪਹਿਲ : ‘ਫਸਟ ਟਾਈਮ’ ਵੋਟਰਾਂ ਨੂੰ ਹੈਰੀਟੇਜ ਵਾਕ ਰਾਹੀਂ ਕੀਤਾ ਵੋਟ ਪਾਉਣ ਲਈ ਪ੍ਰੇਰਿਤ

800 ਤੋਂ ਵੱਧ ਨੌਜਵਾਨ ਵੋਟਰਾਂ ਨੂੰ ਮਹਾਰਾਜਾ ਰਣਜੀਤ ਸਿੰਘ ਕਿਲ੍ਹਾ ਫਿਲੌਰ ਤੇ ਨੂਰਮਹਿਲ ਸਰਾਂ ਦੀ ਵਿਰਾਸਤੀ ਸੈਰ ਕਰਵਾਈ

ਜਲੰਧਰ(EN)14 ਮਈ ਲੋਕ ਸਭਾ ਚੋਣਾਂ-2024 ਵਿੱਚ ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਆਪਣੀਆਂ ਪਹਿਲਕਦਮੀਆਂ ਨੂੰ ਜਾਰੀ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ 800 ਤੋਂ ਵੱਧ ਫਸਟ ਟਾਈਮ ਵੋਟਰਾਂ ਨੂੰ ਮਹਾਰਾਜਾ ਰਣਜੀਤ ਸਿੰਘ ਕਿਲ੍ਹਾ ਫਿਲੌਰ ਅਤੇ ਨੂਰਮਹਿਲ ਸਰਾਂ ਦੀ ਹੈਰੀਟੇਜ ਵਾਕ ਕਰਵਾਈ ਗਈ ਤਾਂ ਜੋ ਉਹ ਵਿਰਾਸਤ ਦੇ ਨਾਲ -ਨਾਲ ਵੋਟ ਦੀ ਮਹੱਤਤਾ ਬਾਰੇ ਵੀ ਜਾਣ ਸਕਣ।ਮਹਾਰਾਜਾ ਰਣਜੀਤ ਸਿੰਘ ਕਿਲ੍ਹਾ ਫਿਲੌਰ ਵਿਖੇ ਨੌਜਵਾਨ ਵੋਟਰਾਂ ਦੀ ਅਗਵਾਈ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਫਿਲੌਰ ਅਮਨਪਾਲ ਸਿੰਘ ਵੱਲੋਂ ਕੀਤੀ ਗਈ ਜਦਕਿ ਨੂਰਮਹਿਲ ਸਰਾਂ ਦੀ ਵਿਰਾਸਤੀ ਸੈਰੋ ਮੌਕੇ ਫਸਟ ਟਾਈਮ ਵੋਟਰਾਂ ਦੀ ਅਗਵਾਈ ਲਈ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਨਕੋਦਰ ਗੁਰਸਿਮਰਨ ਸਿੰਘ ਢਿੱਲੋਂ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਮੌਕੇ ਹੈਰੀਟੇਜ ਪ੍ਰਮੋਟਰ ਹਰਪ੍ਰੀਤ ਸਿੰਘ ਸੰਧੂ ਵੀ ਹਾਜ਼ਰ ਸਨ। ਨੌਜਵਾਨ ਵੋਟਰਾਂ ਨੂੰ ਮਹਾਰਾਜਾ ਰਣਜੀਤ ਸਿੰਘ ਕਿਲ੍ਹੇ ਦੀ ਸੈਰ ਦੌਰਾਨ ਇਸਦੇ ਇਤਿਹਾਸ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਲੋਕ ਸਭਾ ਚੋਣਾਂ ਦੌਰਾਨ ਵੱਧ-ਚੜ੍ਹ ਕੇ ਭਾਗ ਲੈਣ ਦਾ ਸੱਦਾ ਦਿੱਤਾ ਗਿਆ। ਸਹਾਇਕ ਰਿਟਰਨਿੰਗ ਅਫ਼ਸਰ ਅਮਨਪਾਲ ਸਿੰਘ ਨੇ ਨੌਜਵਾਨਾਂ ਨੂੰ ਵੋਟ ਦੀ ਮਹੱਤਤਾ ਤੋਂ ਜਾਣੂ ਕਰਵਾਉਂਦਿਆਂ 1 ਜੂਨ ਨੂੰ ਵੋਟਾਂ ਵਾਲੇ ਦਿਨ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਬਿਨਾਂ ਕਿਸੇ ਡਰ, ਭੈਅ, ਲਾਲਚ ਤੋਂ ਨਿਰਪੱਖ ਹੋ ਕੇ ਕਰਨ ਲਈ ਪ੍ਰੇਰਿਤ ਕੀਤਾ।ਉਪਰੰਤ ਆਡੀਟੋਰੀਅਮ ਵਿਖੇ ਲੋਕਤੰਤਰ ਵਿੱਚ ਵੋਟ ਦੀ ਮਹੱਤਤਾ ਨੂੰ ਦਰਸਾਉਂਦਾ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ, ਜਿਸ ਵਿੱਚ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਵੋਟਰਾਂ ਦੇ ਨਾਮ ਵਿਸ਼ੇਸ਼ ਤੌਰ ’ਤੇ ਰਿਕਾਰਡ ਕੀਤਾ ਸੰਦੇਸ਼ ਵੀ ਚਲਾਇਆ ਗਿਆ। ਇਸ ਦੌਰਾਨ ਚੋਣਾਂ ’ਤੇ ਆਧਾਰਿਤ ‘ਗਿੱਧਾ’ ਤੇ ‘ਜਾਗੋ’ ਰਾਹੀਂ ਵੀ ਨੌਜਵਾਨਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਗਈ। ਨੂਰਮਹਿਲ ਸਰਾਂ ਦੀ ਸੈਰ ਦੌਰਾਨ ਨੌਜਵਾਨ ਵੋਟਰਾਂ ਨੂੰ ਜਿਥੇ ਇਸਦੇ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ ਉਥੇ ਉਨ੍ਹਾਂ ਨੂੰ ਲੋਕਤੰਤਰ ਦੇ ਇਸ ਤਿਉਹਾਰ ਵਿੱਚ ਹਿੱਸਾ ਲੈਣ ਦਾ ਸੁਨੇਹਾ ਵੀ ਦਿੱਤਾ ਗਿਆ। ਸਹਾਇਕ ਰਿਟਰਨਿੰਗ ਅਫ਼ਸਰ ਗੁਰਸਿਮਰਨ ਸਿੰਘ ਢਿੱਲੋਂ ਨੇ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣ ਲਈ ਚੋਣਾਂ ਵਿੱਚ ਸਾਰੇ ਯੋਗ ਵੋਟਰਾਂ ਦੀ ਭਾਗੀਦਾਰੀ ਦੀ ਲੋੜ ’ਤੇ ਜ਼ੋਰ ਦਿੰਦਿਆਂ ਨੌਜਵਾਨਾਂ ਨੂੰ ਵੋਟਾਂ ਵਾਲੇ ਦਿਨ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨ ਦੀ ਅਪੀਲ ਕੀਤੀ। ਵਿਰਾਸਤੀ ਸੈਰ ਦੌਰਾਨ ਨੌਜਵਾਨ ਵੋਟਰਾਂ ਨੂੰ ਵੋਟਰ ਪ੍ਰਣ ਵੀ ਕਰਵਾਇਆ ਗਿਆ।