ਅਧਿਕਾਰੀਆਂ ਨੂੰ ਵਧੇਰੇ ਚੌਕਸੀ ਲਈ ਫੀਲਡ ’ਚ ਡਟਣ ਦੀਆਂ ਸਖ਼ਤ ਹਦਾਇਤਾਂ-ਕਿਸਾਨਾਂ ਨੂੰ ਫ਼ਸਲ ਦੀ ਰਹਿੰਦ-ਖੂਹੰਦ ਨੂੰ ਅੱਗ ਨਾ ਲਾਉਣ ਦੀ ਕੀਤੀ ਅਪੀਲ
ਜਲੰਧਰ (EN)15 ਮਈ ਜ਼ਿਲ੍ਹੇ ਵਿੱਚ ਕਣਕ ਦੇ ਨਾੜ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਦੀਆਂ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅਧਿਕਾਰੀਆਂ ਨੂੰ ਫੀਲਡ ਵਿੱਚ ਡਟਣ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ ਤਾਂ ਜੋ ਇਸ ਮਾੜੇ ਰੁਝਾਨ ਨੂੰ ਠੱਲ੍ਹ ਪਾਈ ਜਾ ਸਕੇ।
ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਨੇ ਐਸ.ਐਸ.ਪੀ. ਜਲੰਧਰ (ਦਿਹਾਤੀ) ਅੰਕੁਰ ਗੁਪਤਾ, ਖੇਤੀਬਾੜੀ ਵਿਭਾਗ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੂੰ ਫੀਲਡ ਵਿੱਚ ਨਿਗਰਾਨੀ ਲਈ ਤਾਇਨਾਤ ਅਧਿਕਾਰੀਆਂ/ਕਰਮਚਾਰੀਆਂ ਨੂੰ ਹੋਰ ਸਰਗਰਮ ਕਰਨ ਲਈ ਕਿਹਾ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਵਧੇਰੇ ਚੌਕਸੀ ਰੱਖੀ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਜਿਥੇ ਕਿਤੇ ਵੀ ਖੇਤ ਵਿੱਚ ਅੱਗ ਲੱਗਣ ਦੀ ਘਟਨਾ ਸਬੰਧੀ ਸੂਚਨਾ ਸੈਟੇਲਾਈਟ ਰਾਹੀਂ ਪ੍ਰਾਪਤ ਹੁੰਦੀ ਹੈ, ਉਸ ਦੀ ਪੜਤਾਲ ਕਰਕੇ ਤੁਰੰਤ ਰਿਪੋਰਟ ਦਿੱਤੀ ਜਾਵੇ ਤਾਂ ਜੋ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।
ਡਾ. ਹਿਮਾਂਸ਼ੂ ਅਗਰਵਾਲ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਨਾਲ ਰਾਬਤਾ ਕਰਕੇ ਉਨ੍ਹਾਂ ਨੂੰ ਕਣਕ ਦੇ ਨਾੜ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਣ ਦੇ ਨਾਲ-ਨਾਲ ਇਸ ਨੂੰ ਮਿੱਟੀ ਵਿੱਚ ਮਿਲਾਉਣ ਦੇ ਫਾਇਦਿਆਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਫ਼ਸਲ ਦੀ ਰਹਿੰਦ-ਖੂਹੰਦ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਰੋਕਣ ਲਈ ਕਿਸਾਨਾਂ ਨੂੰ ਵੱਧ ਤੋਂ ਵੱਧ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਉਹ ਖੇਤ ਵਿੱਚ ਅੱਗ ਲਾਉਣ ਤੋਂ ਗੁਰੇਜ਼ ਕਰਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਫ਼ਸਲ ਦੀ ਰਹਿੰਦ-ਖੂਹੰਦ ਸਾੜਨ ਦੇ ਮਾਮਲੇ ਵਿੱਚ ਸਖ਼ਤ ਹਦਾਇਤਾਂ ਕੀਤੀਆਂ ਗਈਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਨਾੜ ਨੂੰ ਅੱਗ ਲਾਉਣ ਦੀ ਸੂਰਤ ਵਿੱਚ 15000 ਰੁਪਏ ਤੱਕ ਜੁਰਮਾਨਾ ਹੋ ਸਕਦਾ ਹੈ। ਉਨ੍ਹਾਂ ਕਿਸਾਨਾਂ ਨੂੰ ਵਿਭਾਗੀ ਕਾਰਵਾਈ ਤੋਂ ਬਚਣ ਅਤੇ ਵਾਤਾਵਰਣ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਲਈ ਕਣਕ ਦੇ ਨਾੜ/ਰਹਿੰਦ-ਖੂਹੰਦ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ।
ਇਸ ਮੌਕੇ ਮੁੱਖ ਖੇਤੀਬਾੜੀ ਅਧਿਕਾਰੀ ਡਾ. ਜਸਵੰਤ ਰਾਏ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਕਸੀਅਨ ਸੰਦੀਪ ਕੁਮਾਰ, ਖੇਤੀਬਾੜ ਵਿਭਾਗ ਤੋਂ ਇੰਜ. ਨਵਦੀਪ ਸਿੰਘ ਆਦਿ ਵੀ ਮੌਜੂਦ ਸਨ।