03/01/2024 11:45 PM

ਕਿਸਾਨਾਂ ਖੋਲ੍ਹਿਆ ਮੋਰਚਾ, ਕੁਰੂਕੁਸ਼ੇਤਰ-ਦਿੱਲੀ ਹਾਈਵੇ ਕੀਤਾ ਜਾਮ

ਹਰਿਆਣਾ ਵਿੱਚ ਝੋਨੇ ਦੀ ਖ਼ਰੀਦ ਨੂੰ ਲੈ ਕੇ ਕਿਸਾਨਾਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਸੂਬੇ ਦੇ ਕੁਰੂਕਸ਼ੇਤਰ ‘ਚ ਕਿਸਾਨਾਂ ਨੇ ਦਿੱਲੀ-ਅੰਬਾਲਾ ਨੈਸ਼ਨਲ ਹਾਈਵੇਅ ‘ਤੇ ਜਾਮ ਲਗਾ ਦਿੱਤਾ ਹੈ। ਇੱਥੇ ਹਾਈਵੇਅ ’ਤੇ ਕਿਸਾਨ ਟਰੈਕਟਰ ਤੇ ਟੈਂਟ ਲਾ ਕੇ ਧਰਨੇ ’ਤੇ ਬੈਠ ਗਏ ਹਨ। ਕਿਸਾਨਾਂ ਦੀ ਮੰਗ ਹੈ ਕਿ ਸਰਕਾਰੀ ਝੋਨੇ ਦੀ ਖ਼ਰੀਦ 25 ਤਰੀਕ ਤੋਂ ਸ਼ੁਰੂ ਕੀਤੀ ਜਾਵੇ ਅਤੇ ਇੱਕ ਏਕੜ ਵਿੱਚ 35 ਕੁਇੰਟਲ ਝੋਨੇ ਦੀ ਖ਼ਰੀਦ ਕੀਤੀ ਜਾਵੇ। ਇਹ ਜਾਮ ਸ਼ਾਹਾਬਾਦ ਦੇ ਕੋਲ ਲੱਗਿਆ ਹੋਇਆ ਹੈ। ਮੌਕੇ ‘ਤੇ ਵੱਡੀ ਗਿਣਤੀ ‘ਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ।

ਆਵਾਜਾਈ ਵਿੱਚ ਤਬਦੀਲੀ

ਕਿਸਾਨਾਂ ਦੇ ਰੋਸ ਨੂੰ ਦੇਖਦੇ ਹੋਏ ਟਰੈਫਿਕ ਨੂੰ ਵੀ ਡਾਇਵਰਟ ਕਰ ਦਿੱਤਾ ਗਿਆ ਹੈ। ਦਿੱਲੀ-ਅੰਬਾਲਾ ਕੌਮੀ ਸ਼ਾਹਰਾਹ ’ਤੇ ਲੰਬਾ ਜਾਮ ਲੱਗ ਗਿਆ। ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ‘ਤੇ ਬੈਠੇ ਹਨ। ਸਰਕਾਰੀ ਝੋਨੇ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨ ਨਾਰਾਜ਼ ਹਨ। ਹਾਈਵੇਅ ‘ਤੇ ਕਿਸਾਨਾਂ ਦੇ ਧਰਨੇ ਨੂੰ ਅੱਠ ਘੰਟੇ ਹੋ ਗਏ ਹਨ ਅਤੇ ਉਹ ਆਪਣੀਆਂ ਮੰਗਾਂ ਪੂਰੀਆਂ ਹੋਣ ਤੱਕ ਪਿੱਛੇ ਹਟਣ ਨੂੰ ਤਿਆਰ ਨਹੀਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਝੋਨੇ ਦੀ ਖਰੀਦ ਸ਼ੁਰੂ ਨਹੀਂ ਹੁੰਦੀ ਉਹ ਇੱਥੋਂ ਨਹੀਂ ਜਾਣਗੇ। ਦੱਸ ਦੇਈਏ ਕਿ ਪ੍ਰਸ਼ਾਸਨ ਨਾਲ ਮੀਟਿੰਗ ਤੋਂ ਬਾਅਦ ਵੀ ਹੁਣ ਤੱਕ ਝੋਨੇ ਦੀ ਖ਼ਰੀਦ ਦਾ ਕੋਈ ਹੱਲ ਨਹੀਂ ਨਿਕਲਿਆ ਹੈ।

ਗੁਰਨਾਮ ਸਿੰਘ ਚੜੂਨੀ ਨੇ ਕੀਤਾ ਸੰਬੋਧਨ 

ਸੂਬੇ ਵਿੱਚ ਝੋਨੇ ਦੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਹੋਵੇਗੀ। ਬੀਕੇਯੂ ਆਗੂ ਗੁਰਨਾਮ ਸਿੰਘ ਚੜੂਨੀ ਦੀ ਅਗਵਾਈ ਹੇਠ ਕਿਸਾਨ ਰੋਸ ਪ੍ਰਦਰਸ਼ਨ ਕਰਦੇ ਹੋਏ। ਧਰਨੇ ਵਾਲੀ ਥਾਂ ’ਤੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਚੜੂਨੀ ਨੇ ਕਿਹਾ ਕਿ ਸਰਕਾਰ ਤੁਰੰਤ ਖਰੀਦ ਪ੍ਰਕਿਰਿਆ ਸ਼ੁਰੂ ਕਰੇ। ਇਸ ਦੌਰਾਨ ਧਰਨੇ ਕਾਰਨ ਹਾਈਵੇਅ ’ਤੇ ਵਾਹਨ ਫਸੇ ਰਹੇ ਅਤੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।